ਚੰਡੀਗੜ੍ਹ: ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦਾ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਬੱਦਲਵਾਈ ਰਹੇਗੀ। ਹਾਲਾਂਕਿ ਪਹਿਲਾਂ ਇਹ ਅਨੁਮਾਨ ਲਗਾਇਆ ਗਿਆ ਸੀ ਕਿ ਸ਼ੁੱਕਰਵਾਰ ਤੋਂ ਮੌਸਮ ਸਾਫ਼ ਹੋ ਜਾਵੇਗਾ, ਪਰ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਜ਼ਿਆਦਾਤਰ ਸਥਾਨਾਂ ਵਿੱਚ ਅਗਲੇ ਚਾਰ ਦਿਨਾਂ ਤੱਕ ਬੱਦਲ ਛਾਏ ਰਹਿਣਗੇ। ਕੁਝ ਥਾਵਾਂ 'ਤੇ ਹਲਕੀ ਬਾਰਸ਼ ਵੀ ਹੋ ਸਕਦੀ ਹੈ।
ਵੀਰਵਾਰ ਨੂੰ ਵੀ ਰਾਜ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਬਾਰਸ਼ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਵੱਡੇ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਵੀਰਵਾਰ ਨੂੰ ਲੁਧਿਆਣਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਭ ਤੋਂ ਵੱਧ 51 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ। ਪਠਾਨਕੋਟ ਵਿੱਚ 47 ਮਿਲੀਮੀਟਰ, ਅੰਮ੍ਰਿਤਸਰ ਵਿੱਚ 30 ਮਿਲੀਮੀਟਰ, ਬਠਿੰਡਾ ਵਿੱਚ 23 ਮਿਲੀਮੀਟਰ ਤੇ ਪਟਿਆਲਾ ਵਿੱਚ 22 ਮਿਲੀਮੀਟਰ ਬਾਰਸ਼ ਹੋਈ।
ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਘੱਟ ਭਾਵ 30.2 ਡਿਗਰੀ ਸੈਲਸੀਅਸ ਰਿਹਾ। ਜਦੋਂਕਿ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33.0, ਬਠਿੰਡਾ 29.7, ਪਟਿਆਲਾ 30.8 ਅਤੇ ਪਠਾਨਕੋਟ 33.0 ਡਿਗਰੀ ਸੈਲਸੀਅਸ ਰਿਹਾ। ਪੰਜਾਬ ਦੇ ਬਰਨਾਲਾ ਸ਼ਹਿਰ ਸ਼ੁੱਕਰਵਾਰ ਸਵੇਰੇ ਤਿੰਨ ਘੰਟਿਆਂ ਦੀ ਭਾਰੀ ਬਾਰਸ਼ ਕਾਰਨ ਡੁੱਬ ਗਿਆ। ਮੁੱਖ ਸਦਰ ਬਾਜ਼ਾਰ, ਫਰਵਾਹੀ ਬਾਜ਼ਾਰ, ਹੰਡਿਆਇਆ ਬਾਜ਼ਾਰ, ਕੇਸੀ ਰੋਡ, ਪੀਸੀ ਰੋਡ, ਰਾਮ ਬਾਗ ਰੋਡ ਆਦਿ 'ਤੇ ਪਾਣੀ ਭਰਿਆ ਹੋਇਆ ਹੈ।
ਹਰਿਆਣਾ ਦੇ ਕਈ ਹਿੱਸਿਆਂ ਵਿੱਚ ਵੀ ਦੇਰ ਰਾਤ ਮੀਂਹ ਪਿਆ। ਭਾਰੀ ਮੀਂਹ ਕਾਰਨ ਇੱਥੇ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ। ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਹਿਸਾਰ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 7 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਜੇ ਦੇਖਿਆ ਜਾਵੇ ਤਾਂ ਦੱਖਣ-ਪੱਛਮੀ ਮੌਨਸੂਨ ਹਰਿਆਣਾ ਵਿਚ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ।
ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ, ਇਸ ਲਈ ਧਰਤੀ ਦੀ ਪਿਆਸ ਵੀ ਬੁਝਦੀ ਨਜ਼ਰ ਆ ਰਹੀ ਹੈ। ਹਰਿਆਣਾ ਵਿੱਚ ਝੱਜਰ ਵਿੱਚ 150 ਮਿਲੀਮੀਟਰ, ਕੈਥਲ ਵਿੱਚ 128 ਮਿਲੀਮੀਟਰ, ਜੀਂਦ ਵਿੱਚ 91 ਮਿਲੀਮੀਟਰ ਵਰਖਾ ਰਿਕਾਰਡ ਕੀਤੀ ਗਈ ਹੈ। ਵੀਰਵਾਰ ਨੂੰ ਹਿਸਾਰ ਵਿੱਚ ਪਿਛਲੇ 24 ਘੰਟਿਆਂ ਵਿੱਚ 29 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਅਤੇ ਦੋ ਦਿਨਾਂ ਵਿੱਚ ਕੁੱਲ ਅੰਕੜਾ ਲਗਭਗ 110 ਮਿਲੀਮੀਟਰ ਤੱਕ ਪਹੁੰਚ ਗਿਆ ਹੈ।
ਮੌਸਮ ਵਿਗਿਆਨੀਆਂ ਅਨੁਸਾਰ, ਬੰਗਾਲ ਦੀ ਖਾੜੀ ਉੱਤੇ ਘੱਟ ਦਬਾਅ ਵਾਲਾ ਖੇਤਰ ਬਣਨ, ਉੱਤਰ ਪਾਕਿਸਤਾਨ ਦੇ ਨਾਲ ਲੱਗਦੇ ਪੰਜਾਬ ਵਿੱਚ ਚੱਕਰਵਾਤੀ ਦਬਾਅ ਬਣਨ ਲੱਗਾ ਹੈ। ਮੌਨਸੂਨ ਦੀ ਸਰਗਰਮੀ 31 ਜੁਲਾਈ ਤੱਕ ਹਰਿਆਣਾ ਵਿੱਚ ਰਹਿਣ ਦੀ ਸੰਭਾਵਨਾ ਹੈ। ਇੰਝ ਪੰਜਾਬ ਤੇ ਹਰਿਆਣਾ ਦੋਵੇਂ ਰਾਜਾਂ ਵਿੱਚ ਭਾਰੀ ਮੀਂਹ ਵੀ ਪੈ ਸਕਦਾ ਹੈ।
ਇਹ ਵੀ ਪੜ੍ਹੋ: Farmers Protest: ਬਿਜਲੀ ਸੋਧ ਬਿੱਲ ਸੰਸਦ 'ਚ ਪੇਸ਼ ਕਰਨ ਦੀ ਤਿਆਰੀ ਤੋਂ ਭੜਕੇ ਕਿਸਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904