ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਨੂੰ ਇੱਕ ਹੋਰ ਝਟਕਾ ਲੱਗਾ ਹੈ। ਕਣਕ ਦੀ ਸਰਕਾਰੀ ਖਰੀਦ 10 ਅਪਰੈਲ ਤੋਂ ਸ਼ੁਰੂ ਕਰਨ ਹੋਣ ਕਰਕੇ ਕਿਸਾਨਾਂ ਨੂੰ ਸਮਝ ਨਹੀਂ ਆ ਰਹੀ ਕਿ ਉਹ ਪੱਕੀਆਂ ਫਸਲਾਂ ਦਾ ਕੀ ਕਰਨ। ਪੰਜਾਬ ਵਿੱਚ ਵਾਢੀ ਸ਼ੁਰੂ ਹੋ ਗਈ ਹੈ ਤੇ ਮੌਸਮ ਵੀ ਆਏ ਦਿਨ ਵਿਗੜਦਾ ਰਹਿੰਦਾ ਹੈ। ਇਸ ਲਈ ਕਿਸਾਨਾਂ ਨੂੰ ਫਿਕਰ ਹੈ ਕਿ 10 ਅਪਰੈਲ ਤੱਕ ਫਸਲਾਂ ਦੀ ਸੰਭਾਲ ਕਿਵੇਂ ਕਰਨ।


ਕਿਸਾਨਾਂ ਨੂੰ ਇਹ ਵੀ ਗੁੱਸਾ ਹੈ ਕਿ ਗੁਆਂਢੀ ਸੂਬੇ ਹਰਿਆਣਾ ਵਿੱਚ ਕਣਕ ਦੀ ਖਰੀਦ ਅੱਜ ਤੋਂ ਹੀ ਸ਼ੁਰੂ ਹੋ ਗਈ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰਕੇ ਹੀ ਉਨ੍ਹਾਂ ਨੂੰ ਸਜ਼ਾ ਦਿੱਤੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਣਕ ਦੀ ਸਰਕਾਰੀ ਖਰੀਦ ਦਾ 10 ਦਿਨ ਇੰਤਜ਼ਾਰ ਕਰਨਾ ਪਵੇਗਾ। ਇਸ ਲਈ ਆਪਣੀ ਕਣਕ ਘਰ ਵਿੱਚ ਹੀ ਭੰਡਾਰ ਕਰਨੀ ਪਵੇਗੀ ਪਰ ਬਦਲਦੇ ਮੌਸਮ ਕਰਕੇ ਇਹ ਬੜਾ ਰਿਸਕ ਵਾਲਾ ਕੰਮ ਹੈ।


ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ-ਸਰਕਾਰ ਕਣਕ ਦੀ ਖ਼ਰੀਦ ਤੇ ਅਦਾਇਗੀ ਸਬੰਧੀ ਬੇਲੋੜੀਆਂ ਸ਼ਰਤਾਂ ਲਾ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਧੀ ਅਦਾਇਗੀ ਦੇ ਰੌਲੇ ਹੇਠ ਸਰਕਾਰ ਕਣਕ ਦੀ ਖ਼ਰੀਦ ਤੋਂ ਭੱਜ ਰਹੀ ਹੈ। ਕਦੇ ਜ਼ਮੀਨ ਦੀ ਜਮ੍ਹਾਂਬੰਦੀ ਤੇ ਕਦੇ ਨਮੀ ਸਬੰਧੀ ਸ਼ਰਤਾਂ ਲਾ ਕੇ ਖ਼ਰੀਦ ਲਈ ਅੜਿੱਕੇ ਲਾਏ ਜਾ ਰਹੇ ਹਨ।


ਉਨ੍ਹਾਂ ਕਿਹਾ ਕਿ ਸਿੱਧੀ ਅਦਾਇਗੀ ਦਾ ਮਾਮਲਾ ਵੀ ਚਲਦੇ ਅੰਦੋਲਨ ਮੌਕੇ ਕਿਸਾਨਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕਰਨ ਵਾਲਾ ਹੈ। ਅਸਲ ’ਚ ਇਸ ਦਾ ਸਿੱਧਾ ਕਾਰਨ ਇਹ ਹੈ ਕਿ ਪੰਜਾਬ ਨੇ ਕਿਸਾਨ ਅੰਦੋਲਨ ’ਚ ਮੋਹਰੀ ਭੂਮਿਕਾ ਨਿਭਾਈ ਹੈ, ਜਿਸ ਕਰਕੇ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ‘ਸਬਕ ਸਿਖਾਉਣਾ’ ਚਾਹੁੰਦੀ ਹੈ, ਪਰ ਕਿਸਾਨ ਜਥੇਬੰਦੀਆਂ ਅਜਿਹਾ ਹਰਗਿਜ਼ ਨਹੀਂ ਹੋਣ ਦੇਣਗੀਆਂ।


ਇਹ ਵੀ ਪੜ੍ਹੋFarmers Protest: ਮੋਦੀ ਸਰਕਾਰ ਲਈ ਨਵੀਂ ਮੁਸੀਬਤ! ਕਿਸਾਨਾਂ ਵੱਲੋਂ ਪਾਰਲੀਮੈਂਟ ਵੱਲ ਮਾਰਚ ਦਾ ਐਲਾਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904