ਚੰਡੀਗੜ੍ਹ: ਕੋਰੋਨਾ ਮਹਾਮਾਰੀ ਦੇ ਸਮੇਂ ਵਿਚ ਚੁਣੌਤੀਪੂਰਨ ਕਾਰਜ ਦੇ ਬਾਵਜੂਦ ਸੂਬੇ ਵਿਚ ਮਹਿਜ਼ ਇੱਕ ਹਫ਼ਤਾ ਪਹਿਲਾਂ ਸ਼ੁਰੂ ਹੋਈ ਕਣਕ ਦੀ ਖਰੀਦ ਸ਼ੁਰੂ ਹੋਈ। ਕਣਕ ਸੀਜ਼ਨ ਦੌਰਾਨ ਹੁਣ ਤੱਕ ਅਨਾਜ ਮੰਡੀਆਂ ਵਿਚ 29.65 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ। ਜਿਸ ਚੋਂ 25.61 ਲੱਖ ਮੀਟਰਕ ਟਨ ਯਾਨੀ 86.37 ਫੀਸਦੀ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਕਣਕ ਦੇ ਚੱਲ ਰਹੇ ਖਰੀਦ ਕਾਰਜਾਂ ਅਤੇ ਮੰਡੀਆਂ ਵਿਚ ਸਾਰੀਆਂ ਧਿਰਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ 'ਤੇ ਤਸੱਲੀ ਜਾਹਰ ਕਰਦੇ ਹੋਏ ਮੰਡੀ ਬੋਰਡ ਦੇ ਸਕੱਤਰ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਦੇ ਡਾਇਰੈਕਟਰ ਰਵੀ ਭਗਤ ਨੇ ਦੱਸਿਆ ਕਿ ਹੁਣ ਤੱਕ ਕਣਕ ਦੀ ਹੋਈ ਆਮਦ ਵਿਚ ਸੰਗਰੂਰ ਜ਼ਿਲ੍ਹਾ ਮੋਹਰੀ ਹੈ। ਜਿੱਥੇ ਮੰਡੀਆਂ ਵਿਚ 4.76 ਲੱਖ ਮੀਟਰਕ ਟਨ ਫਸਲ ਪਹੁੰਚੀ ਹੈ। ਇਸ ਤੋਂ ਬਾਅਦ ਸਭ ਤੋਂ ਵੱਧ ਪਟਿਆਲਾ ਅਤੇ ਮਾਨਸਾ ਵਿਚ ਕ੍ਰਮਵਾਰ 3.87 ਲੱਖ ਮੀਟਰਕ ਟਨ ਅਤੇ 2.32 ਲੱਖ ਮੀਟਰਕ ਟਨ ਆਮਦ ਹੋਈ ਹੈ।
ਉਨ੍ਹਾਂ ਦੱਸਿਆ ਕਿ ਹਾੜ੍ਹੀ ਮੰਡੀਕਰਨ ਦੇ ਚੱਲ ਰਹੇ ਸੀਜ਼ਨ ਦੌਰਾਨ 130 ਲੱਖ ਮੀਟਰਕ ਟਨ ਕਣਕ ਦੀ ਖਰੀਦ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਮੰਡੀਆਂ ਵਿਚ ਪੜਾਅਵਾਰ ਕਣਕ ਲਿਆਉਣ ਲਈ ਮੰਡੀ ਬੋਰਡ ਅਤੇ ਵੱਖ-ਵੱਖ ਮਾਰਕੀਟ ਕਮੇਟੀਆਂ ਰਾਹੀਂ ਕਿਸਾਨਾਂ ਨੂੰ 5.74 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ।
ਫਸਲ ਦੀ ਅਦਾਇਗੀ ਵਿਚ ਦੇਰੀ ਕਾਰਨ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਰਵੀ ਭਗਤ ਨੇ ਦੱਸਿਆ ਕਿ ਇਸ ਸੀਜ਼ਨ ਤੋਂ ਪਹਿਲੀ ਵਾਰ ਸਿੱਧੀ ਅਦਾਇਗੀ ਦੀ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਤਕਨੀਕੀ ਕਾਰਨਾਂ ਕਰਕੇ ਸ਼ੁਰੂਆਤੀ ਤੌਰ 'ਤੇ ਕੁਝ ਸਮੱਸਿਆਵਾਂ ਆ ਰਹੀਆਂ ਹਨ ਜਿਨ੍ਹਾਂ ਨੂੰ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵੱਲੋਂ ਪਹਿਲ ਦੇ ਆਧਾਰ 'ਤੇ ਸੁਲਝਾਇਆ ਜਾ ਰਿਹਾ ਹੈ।
ਉਧਰ ਰਾਹੋਂ, ਨਵਾਂਸ਼ਹਿਰ ਅਤੇ ਬਲਾਚੌਰ ਦੀਆਂ ਮੰਡੀਆਂ ਵਿਚ ਸਬੰਧਤ ਧਿਰਾਂ ਨਾਲ ਗੱਲਬਾਤ ਦੌਰਾਨ ਸਕੱਤਰ ਨੇ ਸਪੱਸ਼ਟ ਕੀਤਾ ਕਿ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਅਤੇ ਸੂਬੇ ਕੋਲ ਢੁਕਵੀਂ ਮਾਤਰਾ ਵਿਚ ਬਾਰਦਾਨਾ ਮੌਜੂਦ ਹੈ ਅਤੇ ਇਸ ਸਬੰਧੀ ਫਿਕਰ ਕਰਨ ਦੀ ਲੋੜ ਨਹੀਂ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਸ ਔਖੇ ਸਮੇਂ ਵਿਚ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।
ਰਵੀ ਭਗਤ ਨੇ ਦੱਸਿਆ ਕਿ ਮੰਡੀ ਬੋਰਡ ਨੇ ਕੋਵਿਡ ਸਬੰਧੀ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੇ 5600 ਅਧਿਕਾਰੀਆਂ/ਕਰਮਚਾਰੀਆਂ ਨੂੰ 10,000 ਮਾਸਕ (ਐਨ-95) ਅਤੇ ਸੈਨੀਟਾਈਜ਼ਰਾਂ ਦੀਆਂ 10,000 ਬੋਤਲਾਂ ਮੁਹੱਈਆ ਕਰਵਾਈਆਂ ਹਨ ਤਾਂ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ। ਇਸ ਤੋਂ ਇਲਾਵਾ ਮੰਡੀ ਬੋਰਡ ਨੇ ਖਰੀਦ ਕੇਂਦਰਾਂ ਉਪਰ ਆਪਣੀ ਫਸਲ ਲੈ ਕੇ ਪਹੁੰਚਣ ਵਾਲੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਇਕ ਲੱਖ ਮਾਸਕ ਅਤੇ 35,000 ਲਿਟਰ ਸੈਨੀਟਾਈਜ਼ਰ ਦਾ ਵੀ ਇੰਤਜਾਮ ਕੀਤਾ ਹੈ।
ਇਹ ਵੀ ਪੜ੍ਹੋ: 13 ਮਹੀਨੇ ਬਾਅਦ ਇੱਕਠਾ ਹੋਏ ਪੰਜਾਬ ਫ਼ਿਲਮੀ ਸਟਾਰਸ, ਪਪਰ ਕਰਮਜੀਤ ਅਨਮੋਲ ਧੀਆਂ ਤੋਂ ਪ੍ਰੇਸ਼ਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904