'ਆਪ' ਸਰਕਾਰ ਨੂੰ ਕਿਉਂ ਲੱਗ ਰਿਹਾ ਕਿਸਾਨਾਂ ਤੋਂ ਡਰ ? ਕਿਸਾਨ ਲੀਡਰਾਂ ਨੂੰ ਸੀਐਮ ਭਗਵੰਤ ਮਾਨ ਨਾਲ ਮਿਲਣੋਂ ਕਿਉਂ ਰੋਕਿਆ ਜਾ ਰਿਹਾ ?
ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਕਿਸਾਨਾਂ ਦੀ ਸਭ ਤੋਂ ਵੱਡੀ ਹਿਤੈਸ਼ੀ ਬਣੀ ਹੋਈ ਸੀ। ਕਿਸਾਨ ਅੰਦੋਲਨਾਂ ਦੀ ਹਮਾਇਤ ਕਰਦਿਆਂ ਆਮ ਆਦਮੀ ਪਾਰਟੀ ਸੱਤਾਧਿਰ ਨੂੰ ਹਮੇਸ਼ਾਂ ਘੇਰਦੀ ਸੀ। ਉਸ ਵੇਲੇ ਦੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀ ਗੱਲ ਨਾ ਸੁਣਨ ਉੱਪਰ ਵੀ ਆਮ ਆਦਮੀ ਪਾਰਟੀ ਅਲੋਚਨਾ ਕਰਦੀ ਸੀ।
ਚੰਡੀਗੜ੍ਹ: ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਕਿਸਾਨਾਂ ਦੀ ਸਭ ਤੋਂ ਵੱਡੀ ਹਿਤੈਸ਼ੀ ਬਣੀ ਹੋਈ ਸੀ। ਕਿਸਾਨ ਅੰਦੋਲਨਾਂ ਦੀ ਹਮਾਇਤ ਕਰਦਿਆਂ ਆਮ ਆਦਮੀ ਪਾਰਟੀ ਸੱਤਾਧਿਰ ਨੂੰ ਹਮੇਸ਼ਾਂ ਘੇਰਦੀ ਸੀ। ਉਸ ਵੇਲੇ ਦੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀ ਗੱਲ ਨਾ ਸੁਣਨ ਉੱਪਰ ਵੀ ਆਮ ਆਦਮੀ ਪਾਰਟੀ ਅਲੋਚਨਾ ਕਰਦੀ ਸੀ। ਹੁਣ ਉਹੀ ਹਾਲ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਵੇਖਣ ਨੂੰ ਮਿਲ ਰਿਹਾ ਹੈ।
ਵੀਰਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੂਲਿਆਂਵਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਕਈ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੂੰ ਮੁੱਖ ਮੰਤਰੀ ਨਾਲ ਮਿਲਣ ਲਈ ਦੋ-ਚਾਰ ਵੀ ਹੋਣਾ ਪਿਆ। ਮੁੱਖ ਮੰਤਰੀ ਭਗਵੰਤ ਮਾਨ ਮੀਂਹ ਨਾਲ ਫਸਲਾਂ ਦੀ ਹੋਈ ਤਬਾਹੀ ਦਾ ਜਾਇਜ਼ਾ ਲੈਣ ਗਏ ਸੀ। ਇਸ ਦੌਰਾਨ ਕਿਸਾਨ ਮੁੱਖ ਮੰਤਰੀ ਨੂੰ ਮਿਲ ਕੇ ਮੰਗ ਪੱਤਰ ਦੇਣਾ ਚਾਹੁੰਦੇ ਸੀ ਪਰ ਉਨ੍ਹਾਂ ਨੂੰ ਕਾਫੀ ਸਮਾਂ ਰੋਕਿਆ ਗਿਆ।
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਫਾਜ਼ਿਲਕਾ ਪ੍ਰਧਾਨ ਸੁਖਮਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਨੂੰ ਮਿਲਣ ਲਈ ਆ ਰਹੇ ਸਨ ਤਾਂ ਪ੍ਰਸ਼ਾਸਨ ਵੱਲੋਂ ਰਸਤੇ ਵਿੱਚ ਹੀ ਉਨ੍ਹਾਂ ਨੂੰ ਰੋਕ ਲਿਆ ਗਿਆ। ਇਸ ਕਾਰਵਾਈ ਤੋਂ ਭੜਕੇ ਆਗੂਆਂ ਨੇ ਸੂਬਾ ਸਰਕਾਰ ਦੀ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਹਾਲ ਜਾਣਨ ਆਏ ਮੁੱਖ ਮੰਤਰੀ ਕਿਸਾਨ ਲੀਡਰਾਂ ਨੂੰ ਹੀ ਨਹੀਂ ਮਿਲਣਾ ਚਾਹੁੰਦੇ ਤਾਂ ਫਿਰ ਇਸ ਦੌਰੇ ਦਾ ਕੀ ਫਾਇਦਾ।
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕਿਸਾਨ ਸੈੱਲ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਵੈਰੜ ਨੇ ਦੱਸਿਆ ਕਿ ਉਨ੍ਹਾਂ ਅੱਜ ਆਪਣੇ ਪਿੰਡ ਵਿੱਚ ਹੀ ਪਹੁੰਚੇ ਮੁੱਖ ਮੰਤਰੀ ਨੂੰ ਕਿਸਾਨਾਂ ਦੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਦੇਣਾ ਸੀ ਤੇ ਹਲਕੇ ਦੀਆਂ ਮੁਸ਼ਕਲਾਂ ਸਬੰਧੀ ਜਾਣੂ ਕਰਵਾਉਣਾ ਸੀ ਪਰ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮਿਲਣ ਦੀ ਬਜਾਏ ਪੁਲਿਸ ਦੇ ਸਖ਼ਤ ਪਹਿਰੇ ਹੇਠ ਪੰਡਾਲ ਤੋਂ ਬਾਹਰ ਬਿਠਾ ਦਿੱਤਾ ਗਿਆ। ਅਖੀਰ ਜੱਦੋ-ਜਹਿਦ ਕਰਨ ਤੋਂ ਬਾਅਦ ਕਿਸਾਨ ਆਗੂਆਂ ਨੇ ਆਪਣੇ ਮੰਗ ਪੱਤਰ ਮੁੱਖ ਮੰਤਰੀ ਨੂੰ ਸੌਂਪੇ।