ਬਠਿੰਡਾ: ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਖੁਦਕੁਸ਼ੀਆਂ ਕਰਨ ਦਾ ਸਿਲਸਲਾ ਲਗਾਤਾਰ ਜਾਰੀ ਹੈ। ਅੱਜ ਪਿੰਡ ਜਿਉਂਦ ਦੇ ਨੌਜਵਾਨ ਕਿਸਾਨ ਸੁਦਾਗਰ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਆਪਣੀ 6 ਘੁਮਾਂ ਜ਼ਮੀਨ ਦੇ ਨਾਲ ਲੱਗਦੀ ਜ਼ਮੀਨ ਦੇ ਮਾਲਕਾਂ ਵੱਲੋਂ ਧੱਕੇ ਨਾਲ ਕਬਜ਼ਾ ਕਰਨ ਦੇ ਇਲਜ਼ਾਮ ਲਾਉਂਦਿਆਂ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।


ਉਕਤ ਨੌਜਵਾਨ ਦੇ ਪੀੜਤ ਪਿਤਾ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਛੇ ਘੁਮਾਂ ਜਮੀਨ ਖਰੀਦ ਕੀਤੀ ਗਈ ਸੀ ਅਤੇ ਉਸ ਦੇ ਨਾਲ ਬਾਰਾਂ ਘੁਮਾਂ ਜ਼ਮੀਨ ਕਿਸੇ ਹੋਰ ਵਿਅਕਤੀਆਂ ਵੱਲੋਂ ਖਰੀਦ ਕੀਤੀ ਗਈ ਸੀ ਪਰ ਉਹ ਵਿਅਕਤੀ ਹੁਣ 18 ਘੁੰਮਾਂ ‘ਤੇ ਹੀ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਦੁਖੀ ਹੋ ਕੇ ਉਸ ਦੇ ਪੁੱਤਰ ਨੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ ਹੈ। ਇਸ ਲਈ ਉਕਤ ਜ਼ਮੀਨ ਮਾਲਕ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ।


ਨੌਜਵਾਨ ਦੇ ਪੀੜਤ ਪਿਤਾ ਸੁਰਜੀਤ ਸਿੰਘ ਨੇ ਕਿਹਾ ਹੈ ਕਿ ਪੁਲਿਸ ਸਿਆਸੀ ਦਬਾਅ ਹੇਠ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਇਲਜ਼ਾਮ ਲਾਇਆ ਕਿ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਰਿਸ਼ਤੇਦਾਰ ਕਾਂਗਰਸੀ ਆਗੂ ਨਰਿੰਦਰ ਸਿੰਘ ਭਲੇਰੀਆ ਦੋਸ਼ੀਆਂ ਦੀ ਸ਼ਰ੍ਹੇਆਮ ਮਦਦ ਕਰ ਰਹੇ ਹਨ ਜਿਸ ਕਰਕੇ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਰਿਹਾ।


ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਸੁਦਾਗਰ ਸਿੰਘ ਵੱਲੋਂ ਇਸ ਮਾਮਲੇ ਲਈ ਗੁਰਜੰਟ ਸਿੰਘ ਹਰਬੰਸ ਸਿੰਘ ਬਹਾਦਰ ਸਿੰਘ ਜਗਪਾਲ ਸਿੰਘ ਕ੍ਰਿਸ਼ਨ ਪਾਲ ਸਿੰਘ ਸਮੇਤ ਕਈ ਵਿਅਕਤੀਆਂ ਦੇ ਨਾਮ ਵੀ ਲਏ ਹਨ ਥਾਣਾ ਗਿੱਲ ਕਲਾਂ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।