ਪਵਨਪ੍ਰੀਤ ਕੌਰ
ਚੰਡੀਗੜ੍ਹ/ਬਠਿੰਡਾ: 2022 'ਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਆਉਣ ਵਾਲੀਆਂ ਹਨ, ਜਿਸ ਦੀਆਂ ਤਿਆਰੀਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੋਂ ਖਿੱਚ ਲਈਆਂ ਗਈਆਂ ਹਨ। ਸੀਨੀਅਰ ਆਗੂਆਂ ਵੱਲੋਂ ਛੱਡੇ ਜਾਣ ਤੋਂ ਬਾਅਦ ਪਾਰਟੀ ਨੂੰ ਕਮਜ਼ੋਰ ਹੁੰਦਾ ਦੇਖ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਏ ਦਿਨ ਰਣਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।

ਅੱਜ ਬਠਿੰਡਾ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੱਢੀ ਗਈ। ਜਿਸ 'ਚ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਮੌਜੂਦ ਰਹੀ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਕੈਪਟਨ ਨੂੰ ਕਸੂਰਵਾਰ ਨਾ ਠਹਿਰਾਉਣ ਕਿਉਂਕਿ ਕਾਂਗਰਸ ਦੀ ਫਿਤਰਤ ਹੈ ਲੋਕਾਂ ਨਾਲ ਝੂਠੇ ਵਾਅਦੇ ਕਰਨਾ।

ਉਨ੍ਹਾਂ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ ਵੀ ਅਜਿਹਾ ਹੀ ਕੀਤਾ ਸੀ। ਉੱਧਰ, ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਮਨਪ੍ਰੀਤ ਬਾਦਲ ਦੋਨੋਂ ਨਾਲਾਇਕ ਲੀਡਰ ਹਨ, ਜਿਨ੍ਹਾਂ ਤੋਂ ਪੰਜਾਬ ਦਾ ਹਰ ਵਿਅਕਤੀ ਦੁਖੀ ਹੈ। ਸੁਖਬੀਰ ਬਾਦਲ ਨੇ ਲੋਕਾਂ ਨੂੰ ਕਿਹਾ ਕਿ 2022 'ਚ ਸ਼੍ਰੋਮਣੀ ਅਕਾਲੀ ਤੇ ਬੀਜੇਪੀ ਦੀ ਸਰਕਾਰ ਬਣਾ ਦੇਵੋ, ਇਸ ਤੋਂ ਬਾਅਦ ਪੰਜਾਬ ਦੇ ਹਰ ਵਿਅਕਤੀ ਦੇ ਚਿਹਰੇ 'ਤੇ ਖੁਸ਼ੀ ਹੋਵੇਗੀ।