'ਭਾਰਤ ਬੰਦ' ਦੀ ਸਫਲਤਾ ਨਾਲ ਭਾਜਪਾ ਦੇ ਹੱਥ-ਪੈਰ ਫੁੱਲੇ, ਅਖਿਲੇਸ਼ ਯਾਦਵ ਦਾ ਵੱਡਾ ਹਮਲਾ
ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਕੇਂਦਰ ਦੇ ਨਵੇਂ ਵਿਵਾਦਤ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਵੱਲੋਂ ਦਿੱਤੇ ਗਏ ਭਾਰਤ ਬੰਦ ਨੂੰ ਸਫਲ ਦੱਸਿਆ।
ਲਖਨਊ: ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਕੇਂਦਰ ਦੇ ਨਵੇਂ ਵਿਵਾਦਤ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਵੱਲੋਂ ਦਿੱਤੇ ਗਏ ਭਾਰਤ ਬੰਦ ਨੂੰ ਸਫਲ ਦੱਸਿਆ। ਉਨ੍ਹਾਂ ਕਿਹਾ ਕਿ ‘ਭਾਰਤ ਬੰਦ’ ਦੀ ਦੇਸ਼ ਵਿਆਪੀ ਸਫਲਤਾ ਹੈ, ਜਿਸ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਨੀਂਦ ਉਡਾ ਦਿੱਤੀ ਹੈ ਤੇ ਭਾਜਪਾ ਨੇਤਾ ਤੇ ਸਮਰਥਕ ਘਰਾਂ ਵਿਚੋਂ ਬਾਹਰ ਆਉਣ ਦੀ ਹਿੰਮਤ ਨਹੀਂ ਜੁਟਾ ਸਕੇ।
ਸਪਾ ਮੁਖੀ ਨੇ ਸੋਮਵਾਰ ਨੂੰ ਦੇਰ ਰਾਤ ਟਵੀਟ ਕੀਤਾ, 'ਭਾਰਤ ਬੰਦ' ਦੀ ਦੇਸ਼ ਵਿਆਪੀ ਸਫਲਤਾ ਨੇ ਸੱਤਾਧਾਰੀ ਭਾਜਪਾ ਦੇ ਹੱਥ-ਪੈਰ ਫੁੱਲਾ ਦਿੱਤੇ ਹਨ। ਭਾਜਪਾ ਆਗੂ ਤੇ ਸਮਰਥਕ ਅੱਜ ਘਰ ਤੋਂ ਨਿਕਲਣ ਦੀ ਹਿੰਮਤ ਨਹੀਂ ਜੁਟਾ ਸਕੇ। ਭਾਜਪਾ ਉਨ੍ਹਾਂ ਸਰਮਾਏਦਾਰਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀ ਹੈ, ਜਿਨ੍ਹਾਂ ਕਰਕੇ ਚੋਣਾਂ ਜਿੱਤਣ ਲਈ ਇਹ ਰਿਣੀ ਹੈ।
ਮਹੱਤਵਪੂਰਨ ਗੱਲ ਇਹ ਹੈ ਕਿ ਕੇਂਦਰ ਦੇ ਨਵੇਂ ਵਿਵਾਦਤ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਸੋਮਵਾਰ ਨੂੰ ਦਿੱਤੇ ਗਏ 'ਭਾਰਤ ਬੰਦ' ਦਾ ਉੱਤਰ ਪ੍ਰਦੇਸ਼ ਵਿੱਚ ਰਲਵਾਂ ਪ੍ਰਭਾਵ ਦੇਖਣ ਨੂੰ ਮਿਲਿਆ।
ਰਾਜ ਦੀਆਂ ਪ੍ਰਮੁੱਖ ਵਿਰੋਧੀ ਪਾਰਟੀਆਂ-ਸਮਾਜਵਾਦੀ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਕਾਂਗਰਸ ਨੇ ਕਿਸਾਨਾਂ ਦੇ ਇਸ ਭਾਰਤ ਬੰਦ ਦਾ ਸਮਰਥਨ ਕੀਤਾ। 5 ਸਤੰਬਰ ਨੂੰ ਮੁਜ਼ੱਫਰਨਗਰ ਵਿੱਚ ਹੋਈ ਕਿਸਾਨ ਮਹਾਪੰਚਾਇਤ ਵਿੱਚ, ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਦੇ ਨਵੇਂ ਵਿਵਾਦਤ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਸੋਮਵਾਰ, 27 ਸਤੰਬਰ ਨੂੰ 'ਭਾਰਤ ਬੰਦ' ਦਾ ਸੱਦਾ ਦਿੱਤਾ ਸੀ।
ਦੱਸ ਦਈਏ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਹੁਣ ਆਪਣੇ 11 ਵੇਂ ਮਹੀਨੇ ਵਿੱਚ ਦਾਖਲ ਹੋ ਗਿਆ ਹੈ। ਇਸ ਦੌਰਾਨ ਅੱਜ ਅੰਦੋਲਨ ਸਥਾਨਾਂ 'ਤੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਅੰਦੋਲਨਕਾਰੀ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਭਾਵਸ਼ਾਲੀ ਫੈਸਲੇ ਦੀ ਉਡੀਕ ਕਰ ਰਹੇ ਹਨ, ਕਿਉਂਕਿ ਸਰਕਾਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ।