ਮੁਕਤਸਰ ਸਾਹਿਬ: ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਹਰੀਕੇ ਕਲਾਂ ਵਿਖੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇੱਕ ਵਾਰ ਫਿਰ ਤੋਂ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਕੁਝ ਦਿਨ ਪਹਿਲਾਂ ਵੀ ਇਸ ਪਿੰਡ 'ਚ ਵਿਧਾਇਕ ਰਾਜਾ ਵੜਿੰਗ ਨੂੰ ਕਿਸਾਨੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਗਿੱਦੜਬਾਹਾ ਹਲਕੇ ਦੇ ਪਿੰਡ ਹਰੀਕੇ ਕਲਾਂ ਵਿਖੇ ਅੱਜ ਪਹੁੰਚੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਗਿਆ।

 

ਪੁਲਿਸ ਪ੍ਰਸ਼ਾਸਨ ਨੇ ਇਸ ਦੌਰਾਨ ਨਾਅਰੇਬਾਜੀ ਕਰ ਰਹੇ ਕਿਸਾਨਾਂ ਨੂੰ ਇੱਕ ਪਾਸੇ ਰੋਕੀ ਰੱਖਿਆ ਅਤੇ ਵਿਧਾਇਕ ਰਾਜਾ ਵੜਿੰਗ ਦੀ ਕਾਰ ਨੂੰ ਇੱਥੋਂ ਲੰਘਾ ਦਿੱਤਾ ਗਿਆ। ਇਸ ਦੌਰਾਨ ਇਕੱਤਰ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜੀ ਕੀਤੀ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਰਾਜਾ ਵੜਿੰਗ ਤੋਂ ਕੁਝ ਸਵਾਲ ਕਰਨੇ ਸਨ ਪਰ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਪਾਸੇ ਕਰ ਦਿੱਤਾ। ਕਿਸਾਨਾਂ ਨੇ ਕਿਹਾ ਕਿ ਸੰਯੁਕਤ ਮੋਰਚਾ ਵੱਲੋਂ ਮਿਲੇ ਸੱਦੇ ਤਹਿਤ ਪਿੰਡਾਂ 'ਚ ਆਉਣ ਵਾਲੇ ਆਗੂਆਂ ਤੋਂ ਸਵਾਲ ਜਵਾਬ ਕਰਨ ਲਈ ਇਸੇ ਤਰ੍ਹਾਂ ਕਿਸਾਨ ਇਕੱਤਰ ਹੁੰਦੇ ਰਹਿਣਗੇ।

 

ਦਸ ਦਈਏ ਕਿ ਵੱਖੋ-ਵੱਖ ਸਿਆਸੀ ਆਗੂਆਂ ਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ 100 ਦਿਨ ਦੇ ਦੌਰੇ 'ਤੇ ਨਿਕਲੇ ਹੋਏ ਹਨ।ਕਿਸਾਨ ਜਥੇਬੰਦੀਆਂ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਮਾਛੀਵਾੜਾ ਪਹੁੰਚਣ 'ਤੇ ਵਿਰੋਧ ਕੀਤਾ ਗਿਆ।

 

ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਜੋ ਵੀ ਪਾਰਟੀਆਂ ਵੱਲੋਂ ਰਣਨੀਤਕ ਪ੍ਰੋਗਰਾਮ ਉਲੀਕੇ ਗਏ ਹਨ ਉਨ੍ਹਾਂ 'ਚ ਜੋ ਕਿਸਾਨ ਸ਼ੰਘਰਸ਼ ਕਰ ਰਹੇ ਉਨ੍ਹਾਂ ਦੀ ਗੱਲ ਨਹੀਂ ਕੀਤੀ ਜਾ ਰਹੀ। ਇਸ ਨਾਲ ਕਿਸਾਨਾਂ ਦੇ ਸੰਘਰਸ਼ ਨੂੰ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਆਉਣ ਵਾਲੇ ਸਮੇਂ 'ਚ ਵੀ ਉਨ੍ਹਾਂ ਵੱਲੋਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਵਿਰੋਧ ਕੀਤਾ ਜਾਂਦਾ ਰਹੇਗਾ।