ਚੰਡੀਗੜ੍ਹ: ਕੋਰੋਨਾ ਦੇ ਕਹਿਰ ਕਰਕੇ ਇਸ ਵਾਰ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਸਭ ਤੋਂ ਵੱਡੀ ਪ੍ਰੇਸ਼ਾਨੀ ਸਹਿਣੀ ਪੈ ਰਹੀ ਹੈ। ਪਹਿਲਾਂ ਪ੍ਰੀਖਿਆ ਨੂੰ ਲੈ ਕੇ ਭੰਬਲਭੂਸਾ ਬਣਿਆ ਰਿਹਾ ਤੇ ਹੁਣ ਨਤੀਜਿਆਂ ਦੀ ਉਡੀਕ ਕਰਕੇ ਵਿਦਿਆਰਥੀ ਪ੍ਰੇਸ਼ਾਨ ਹਨ। ਸੁਪਰੀਮ ਕੋਰਟ ਨੇ ਸੀਬੀਐਸਈ ਤੇ ਹੋਰ ਬੋਰਡਾਂ ਨੂੰ 31 ਜੁਲਾਈ ਤੱਕ ਨਤੀਜੇ ਐਲਾਨਣ ਦਾ ਹੁਕਮ ਦਿੱਤਾ ਹੈ।


ਇਸ ਸੰਦਰਭ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵਿਦਿਆਰਥੀਆਂ ਦੀ ਅਗਲੇਰੀ ਪੜ੍ਹਾਈ ਨੂੰ ਧਿਆਨ ਵਿੱਚ ਰੱਖਦਿਆਂ 12ਵੀਂ ਜਮਾਤ ਦਾ ਨਤੀਜਾ ਤਿਆਰ ਕਰਨ ਵਿੱਚ ਜੁੱਟ ਗਿਆ ਹੈ। ਇਸ ਸਬੰਧੀ ਸਕੂਲ ਬੋਰਡ ਨੇ ਹਾਲ ਹੀ ਵਿੱਚ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਸੀਬੀਐਸਈ ਦੀ ਤਰਜ ’ਤੇ ਬਾਰ੍ਹਵੀਂ ਦਾ ਨਤੀਜਾ ਘੋਸ਼ਿਤ ਕਰਨ ਦੀ ਗੱਲ ਆਖੀ ਹੈ।

ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਕਾਰਨ ਕੁਝ ਸਮਾਂ ਪਹਿਲਾਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਸਨ। ਪ੍ਰੋ. ਯੋਗਰਾਜ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ 31 ਜੁਲਾਈ ਤੋਂ ਪਹਿਲਾਂ ਨਤੀਜਾ ਕੱਢਣ ਲਈ ਕਿਹਾ ਹੈ ਤੇ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਸੀਬੀਐਸਈ ਪੈਟਰਨ ਦੇ ਨੇੜੇ-ਤੇੜੇ ਰਹਿ ਕੇ ਬਾਰ੍ਹਵੀਂ ਦਾ ਨਤੀਜਾ ਐਲਾਨਿਆ ਜਾਵੇ ਤਾਂ ਜੋ ਵਿਦਿਆਰਥੀ ਆਲ ਇੰਡੀਆ ਪੱਧਰ ਜਾਂ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਲਈ ਦਾਖ਼ਲੇ ਲੈ ਸਕਣ।

ਉਨ੍ਹਾਂ ਨਤੀਜਾ ਘੋਸ਼ਿਤ ਕਰਨ ਦੇ ਫਾਰਮੂਲੇ ਬਾਰੇ ਦੱਸਦਿਆਂ ਕਿਹਾ ਕਿ ਦਸਵੀਂ ਦੇ 30 ਅੰਕ, ਗਿਆਰ੍ਹਵੀਂ ਦੇ 30 ਅੰਕ ਅਤੇ ਬਾਰ੍ਹਵੀਂ ਦੇ ਪ੍ਰੀ-ਬੋਰਡ ਤੇ ਇੰਟਰਨਲ ਅਸੈਸਮੈਂਟ ਦੇ 40 ਅੰਕ ਜੋੜ ਕੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ। ਪ੍ਰੋ. ਯੋਗਰਾਜ ਨੇ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਪਿਛਲੇ ਦਿਨੀਂ ਸੀਬੀਐਸਈ ਨੂੰ ਤਲਬ ਕਰਕੇ ਬਾਰ੍ਹਵੀਂ ਦੇ ਨਤੀਜੇ ਬਾਰੇ ਪੁੱਛਿਆ ਗਿਆ ਸੀ ਅਤੇ ਸੀਬੀਐਸਈ ਨੇ ਉਸਾਰੂ ਦਲੀਲਾਂ ਪੇਸ਼ ਕਰਕੇ ਮੁੱਢਲੀ ਜਾਣਕਾਰੀ ਦਿੱਤੀ ਸੀ।

ਉਨ੍ਹਾਂ ਦੱਸਿਆ ਕਿ ਸੀਬੀਐਸਈ ਵੱਲੋਂ ਬਾਰ੍ਹਵੀਂ ਦਾ ਨਤੀਜਾ ਘੋਸ਼ਿਤ ਕਰਨ ਲਈ ਜੋ ਵਿਧੀ ਤਿਆਰ ਕੀਤੀ ਗਈ ਹੈ। ਉਸੇ ਤਰਜ਼ ’ਤੇ ਪੰਜਾਬ ਬੋਰਡ ਵੱਲੋਂ ਨਤੀਜਾ ਤਿਆਰ ਕੀਤਾ ਜਾਵੇਗਾ। 


Education Loan Information:

Calculate Education Loan EMI