ਚੰਡੀਗੜ੍ਹ: ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਹੈ ਕਿ ਸਿੱਖਿਆ ਵਿਭਾਗ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਵਿੱਚ 14,500 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਸ ਤੋਂ ਇਲਾਵਾ 18,900 ਹੋਰ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ ਜਿਹੜੀ ਜਲਦ ਮੁਕੰਮਲ ਕਰਕੇ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਅਧਿਆਪਕ ਯੂਨੀਅਨਾਂ ਦੀਆਂ ਮੰਗਾਂ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਮਾਮਲੇ ਹੱਲ ਹੋ ਸਕਦੇ ਹਨ, ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇ।

ਦੱਸ ਦਈਏ ਕਿ ਪਰਗਟ ਸਿੰਘ ਨੇ ਅੱਜ ਇੱਥੇ ਚੰਡੀਗੜ੍ਹ ਦੇ ਸੈਕਟਰ 35 ਸਥਿਤ ਮਿਉਂਸਪਲ ਭਵਨ ਵਿਖੇ ਸਕੂਲ ਸਿੱਖਿਆ ਵਿਭਾਗ ਵੱਲੋਂ ਨਵੇਂ ਭਰਤੀ 693 ਸਕੂਲ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਨਵੇਂ ਭਰਤੀ ਹੋਏ ਲਾਇਬ੍ਰੇਰੀਅਨਾਂ ਦਾ ਵਿਭਾਗ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਅਜੋਕੇ ਬੱਚੇ ਇਲੈਕਟ੍ਰਾਨਿਕ ਯੰਤਰਾਂ ਦੀ ਨਾਲ ਜ਼ਿਆਦਾ ਜੁੜੇ ਹੋਏ ਹਨ ਜਿਨ੍ਹਾਂ ਨੂੰ ਕਿਤਾਬਾਂ ਨਾਲ ਜੋੜਨ ਵਾਸਤੇ ਉਪਰਾਲੇ ਕੀਤੇ ਜਾਣ।

ਸਿੱਖਿਆ ਮੰਤਰੀ ਨੇ ਸਿੱਖਿਆ ਨੂੰ ਕਿੱਤਾ ਮੁਖੀ ਬਣਾਉਣ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਕੋਰਸਾਂ ਨੂੰ ਤਿਆਰ ਕਰਨ ਮੌਕੇ ਉਦਯੋਗਾਂ ਦੀ ਮੰਗ ਤੇ ਰੋਜ਼ਗਾਰ ਦੀਆਂ ਸੰਭਾਵਨਾਵਾਂ ਨੂੰ ਦੇਖਣਾ ਜ਼ਰੂਰੀ ਹੈ ਤਾਂ ਜੋ ਡਿਗਰੀ ਕਰਨ ਉਪਰੰਤ ਵਿਦਿਆਰਥੀਆਂ ਆਪਣੇ ਪੈਰਾਂ ਉਤੇ ਖੜ੍ਹੇ ਹੋ ਸਕਣ। ਉਨ੍ਹਾਂ ਨੌਜਵਾਨਾਂ ਨੂੰ ਵੀ ਸੂਬੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਉਸਾਰੂ ਤੇ ਸਕਰਾਤਮਕ ਸੋਚ ਨਾਲ ਕੰਮ ਕਰਨ ਲਈ ਪ੍ਰੇਰਿਆ।

ਇਸ ਤੋਂ ਪਹਿਲਾਂ ਸਿੱਖਿਆ ਸਕੱਤਕ ਅਜੋਏ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਐਸ.ਐਸ.ਬੋਰਡ ਵੱਲੋਂ ਪਾਰਦਰਸ਼ੀ ਤਰੀਕੇ ਨਾਲ ਨਿਰੋਲ ਮੈਰਿਟ ਦੇ ਆਧਾਰ ਉਤੇ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਦਾ ਵਿਦਿਆਰਥੀ ਜੀਵਨ ਵਿੱਚ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ, ਸਿੱਖਿਆ ਹਾਸਲ ਕਰਨ ਦੇ ਤਰੀਕਿਆਂ ਵਿੱਚ ਹੋਰ ਉਸਾਰੂ ਸੁਧਾਰ ਲਿਆਉਣ ਅਤੇ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਵਿੱਚ ਮੀਲ ਪੱਥਰ ਸਾਬਤ ਹੋਵੇਗੀ।


 

Education Loan Information:

Calculate Education Loan EMI