ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਗੁੱਸਾ ਉਬਾਲੇ ਮਾਰ ਰਿਹਾ ਹੈ। ਸਿਆਸੀ ਲੀਡਰ ਬਿਆਨਬਾਜ਼ੀ ਤਾਂ ਕਰ ਰਹੇ ਹਨ ਪਰ ਕਿਸਾਨਾਂ ਕੋਲ ਜਾਣ ਤੋਂ ਪਾਸਾ ਵੀ ਵੱਟਦੇ ਹਨ। ਅਜਿਹੇ ਵਿੱਚ ਅੱਜ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕਿਸਾਨਾਂ ਦੇ ਧਰਨੇ ਵਿੱਚ ਪਹੁੰਚ ਗਏ। ਉਹ ਕਿਸਾਨਾਂ ਨੂੰ ਪਿਆਰ ਨਾਲ ਮਿਲੇ ਤੇ ਗੱਲ਼ਬਾਤ ਵੀ ਕੀਤੀ।
ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਵਜੋਂ ਨਹੀਂ, ਬਲਕਿ ਅੰਦੋਲਨਕਾਰੀ ਕਿਸਾਨਾਂ ਦੇ ਸੇਵਾਦਾਰ ਬਣਕੇ ਕੇ ਇੱਥੇ ਆਏ ਹਨ। ਕੇਜਰੀਵਾਲ ਦੇਸ਼ ਦੇ ਇਕਲੌਤੇ ਮੁੱਖ ਮੰਤਰੀ ਹਨ ਜੋ ਦਿੱਲੀ ਦੀ ਸੀਮਾ 'ਤੇ ਡਟੇ ਕਿਸਾਨਾਂ ਦੀ ਹਮਾਇਤ ਵਿੱਚ ਧਰਨਾ ਸਥਾਨ ਉਤੇ ਪਹੁੰਚੇ। ਕੇਜਰੀਵਾਲ ਨੇ ਅੰਦੋਲਨਕਾਰੀ ਕਿਸਾਨਾਂ ਦੀਆਂ ਸਹੂਲਤਾਂ ਲਈ ਦਿੱਲੀ ਸਰਕਾਰ ਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਪ੍ਰਬੰਧਾਂ ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਸਾਨਾਂ ਵੱਲੋਂ 8 ਦਸੰਬਰ ਦੇ ਭਾਰਤ ਬੰਦ ਦਾ ਆਮ ਆਦਮੀ ਪਾਰਟੀ ਵੱਲੋਂ ਸਮਰਥਨ ਕਰਦਿਆਂ ਸਮੂਹ ਦੇਸ਼ ਵਾਸੀਆਂ ਨੂੰ ਇਸ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੇ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤੀਪੂਰਕ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਲਈ ਸਾਡਾ ਸੰਵਿਧਾਨਕ ਹੱਕ ਹੈ, ਪਰ ਕੇਂਦਰ ਦੀ ਮੋਦੀ ਸਰਕਾਰ ਅੱਜ ਕਿਸਾਨਾਂ ਦਾ ਇਹ ਹੱਕ ਕੁਚਲਣ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਬਹੁਤ ਸਰਲ ਤੇ ਸਪੱਸ਼ਟ ਹਨ ਜਿਨ੍ਹਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਨੂੰ ਤੁਰੰਤ ਮੰਨਣਾ ਚਾਹੀਦਾ ਹੈ।
ਉਨ੍ਹਾਂ ਅੰਦੋਲਨਕਾਰੀ ਕਿਸਾਨਾਂ ਨੂੰ ਕੌਮੀ ਰਾਜਧਾਨੀ ਦਾ ਮਹਿਮਾਨ ਦੱਸਦਿਆਂ ਕਿਹਾ ਕਿ ਕਿਸਾਨਾਂ ਨੂੰ ਸਾਡੀ ਦਿੱਲੀ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ 24 ਘੰਟੇ ਸਖਤ ਮਿਹਨਤ ਕਰਕੇ ਕਿਸਾਨ ਸਾਡੇ ਲਈ ਅੰਨ ਪੈਂਦਾ ਕਰਦਾ ਹੈ ਤੇ ਸਾਡੀ ਸੇਵਾ ਕਰਦਾ ਹੈ, ਅੱਜ ਜਦੋਂ ਕਿਸਾਨ ਮੁਸ਼ਕਲ ਵਿਚ ਹੈ ਤੇ ਸਾਡਾ ਸਾਰੇ ਦੇਸ਼ ਵਾਸੀਆਂ ਦਾ ਫਰਜ਼ ਹੈ ਕਿ ਅਸੀਂ ਅੰਨਦਾਤਾ ਨਾਲ ਖੜ੍ਹਾ ਹੋਈਏ।