ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਸਮਾਗਮ ਕਰਵਾਏ ਜਾ ਰਹੇ ਹਨ। ਇਸ ਤਹਿਤ ਅੰਮ੍ਰਿਤਸਰ 'ਚ ਵੀ ਪੰਜਾਬ ਸਰਕਾਰ ਵੱਲੋਂ ਰਣਜੀਤ ਐਵਨਿਊ ਵਿਖੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਉੱਪਰ ਰੌਸ਼ਨੀ ਪਾਉਂਦੀਆਂ ਸ਼ਾਨਦਾਰ ਪੇਸ਼ਕਾਰੀਆਂ ਡਿਜੀਟਲ ਢੰਗ ਦੇ ਨਾਲ ਪੇਸ਼ ਕੀਤੀਆਂ ਗਈਆਂ। ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਾਖ਼ੀਆਂ ਨੂੰ ਸਟੇਜ 'ਤੇ ਰੂਪਮਾਨ ਹੁੰਦਾ ਵੇਖਿਆ।

ਆਵਾਜ਼ ਤੇ ਰੌਸ਼ਨੀਆਂ 'ਤੇ ਅਧਾਰਤ ਇਸ ਪ੍ਰੋਗਰਾਮ 'ਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਪ੍ਰੇਰਕ ਪ੍ਰਸੰਗ ਵੇਖੇ। ਇਸ ਮੌਕੇ ਸੰਗਤਾਂ ਵਿੱਚ ਪਹੁੰਚੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਗੁਰੂ ਜੀ ਦੇ ਸਮੁੱਚੇ ਜੀਵਨ ਤੋਂ ਸਾਨੂੰ ਆਦਰਸ਼ ਜੀਵਨ ਜਾਂਚ ਦੀ ਸੋਝੀ ਮਿਲਦੀ ਹੈ।



ਦੱਸ ਦਈਏ ਕਿ ਡਿਜ਼ੀਟਲ ਮਿਊਜ਼ੀਅਮ ਸਵੇਰ ਤੋਂ ਸ਼ਾਮ ਪੰਜ ਵਜੇ ਤੱਕ ਲੋਕਾਂ ਲਈ ਖੁੱਲ੍ਹਾ ਰਹੇਗਾ। ਸੰਗਤਾਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੇ ਸਮਾਗਮ ਸ਼ਹਿਰਾਂ ਤੋਂ ਇਲਾਵਾ ਪਿੰਡਾਂ ਵਿੱਚ ਵੀ ਕਰਵਾਏ ਜਾਣੇ ਚਾਹੀਦੇ ਹਨ।