ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਜਦੋਂ ਤੱਕ ਖੇਤੀ ਮਾਰੂ ਤਿੰਨੋਂ ਕਾਲੇ ਕਾਨੂੰਨ ਰੱਦ ਨਹੀਂ ਕਰਦੀ, ਉਦੋਂ ਤੱਕ ਸੰਸਦ ਦੀ ਕਾਰਵਾਈ ਚੱਲਣ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ 'ਆਪ' ਸੰਸਦ ਨੇ ਕਾਂਗਰਸ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਦਨ 'ਚ ਪੰਜਾਬ ਨਾਲ ਸੰਬੰਧਤ 4-5 ਸੰਸਦ ਮੈਂਬਰਾਂ ਨੂੰ ਛੱਡ ਕੇ ਕਾਂਗਰਸ ਦੇ ਬਾਕੀ ਸਾਰੇ ਸੰਸਦ ਮੈਂਬਰ ਕਿਸਾਨਾਂ ਦੇ ਹੱਕ 'ਚ ਖੇਤੀ ਕਾਨੂੰਨਾਂ ਵਿਰੁੱਧ ਬੋਲਣ ਦੀ ਥਾਂ 'ਰਾਹੁਲ ਗਾਂਧੀ ਦੀ ਜਸੂਸੀ' ਦੇ ਮੁੱਦੇ 'ਤੇ ਹੀ ਰੌਲਾ ਰੱਪਾ ਪਾਉਂਦੇ ਹਨ। 


 


ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਖੇਤੀ ਕਾਨੂੰਨ ਰੱਦ ਕੀਤੇ ਬਗੈਰ ਪੂਰੇ ਮਾਨਸੂਨ ਇਜਲਾਸ ਦੌਰਾਨ ਸੰਸਦ ਦੀ ਕਾਰਵਾਈ ਚੱਲਣ ਨਹੀਂ ਦਿੱਤੀ ਜਾਵੇਗੀ। ਮਾਨ ਮੁਤਾਬਕ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਰਸਮੀ ਸਰਬ ਪਾਰਟੀ ਬੈਠਕ 'ਚ ਇਹ ਗੱਲ ਸਪੱਸ਼ਟ ਕਰ ਦਿੱਤੀ ਗਈ ਸੀ। ਭਗਵੰਤ ਮਾਨ ਨੇ ਕਾਂਗਰਸ ਦੀ ਨੀਅਤ ਅਤੇ ਨੀਤੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਕਾਂਗਰਸ ਕਿਸ ਦਬਾਅ ਹੇਠ ਹੈ ਕਿ ਆਪਣੇ ਸਾਰੇ ਸੰਸਦ ਮੈਂਬਰਾਂ ਨੂੰ ਇੱਕਜੁਟਤਾ ਨਾਲ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਡਟਣ ਦੇ ਨਿਰਦੇਸ਼ ਕਿਉਂ ਨਹੀਂ ਦਿੰਦੀ? 


 


ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਟਿੱਪਣੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਾਸੀਆਂ ਨੇ ਪ੍ਰਧਾਨ ਮੰਤਰੀ ਦੇ 'ਮਨ ਕੀ ਬਾਤ' ਬਹੁਤ ਸੁਣ ਲਈ ਹੈ ਅਤੇ ਹੁਣ ਉਨਾਂ ਨੂੰ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਗੱਲ ਜ਼ਰੂਰ ਸੁਣਨੀ ਚਾਹੀਦੀ ਹੈ। ਉਨਾਂ ਕਿਹਾ ਦੇਸ਼ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਪਿਛਲੇ 8 ਮਹੀਨਿਆਂ ਤੋਂ ਬੈਠੇ ਹਨ, ਪਰ ਬੇਦਰਦ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਮਾਨ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਕਿਸਾਨਾਂ ਨੇ ਵੋਟਾਂ ਪਾ ਚੁਣਿਆ ਹੈ ਅਤੇ ਸਾਡੀ ਜ਼ਿੰਮੇਵਾਰੀ ਹੈ ਕਿ ਕਿਸਾਨਾਂ ਵਿਰੋਧੀ ਤਿੰਨੇ ਕਾਲ਼ੇ ਕਾਨੂੰਨਾਂ ਵਿਰੁੱਧ ਕਿਸਾਨਾਂ ਦੀ ਆਵਾਜ਼ ਨੂੰ ਸੰਸਦ ਵਿੱਚ ਬੁਲੰਦ ਕੀਤਾ ਜਾਵੇ। 


 


ਉਨ੍ਹਾਂ ਕਿਹਾ ਭਾਰੀ ਮੀਂਹ ਪੈਣ ਕਰਕੇ ਧਰਨੇ ਸਥਾਨਾਂ 'ਤੇ ਕਿਸਾਨਾਂ ਦੇ ਟੈਂਟ ਅਤੇ ਰੈਣ ਬਸੇਰੇ ਪਾਣੀ 'ਚ ਡੁੱਬ ਜਾਣ 'ਤੇ ਦੁੱਖ ਪ੍ਰਗਟਾਉਂਦਿਆਂ ਮਾਨ ਨੇ ਕਿਹਾ ਸੱਤਾਧਾਰੀ ਬੇਰਹਿਮ ਦਿਲ ਹੋ ਗਏ ਹਨ, ਜਿਨਾਂ ਨੂੰ ਦੇਸ਼ ਦੇ ਕਿਸਾਨਾਂ ਮਜ਼ਦੂਰਾਂ ਦੇ ਦੁੱਖ ਦਰਦ ਦੀ ਕੋਈ ਚਿੰਤਾ ਨਹੀਂ ਹੈ। ਆਮ ਆਦਮੀ ਪਾਰਟੀ ਵੱਲੋਂ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ 'ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ, ਤਿੰਨੇ ਖੇਤੀ ਕਾਨੂੰਨ ਵਾਪਸ ਲਵੋ' ਦਾ ਨਾਅਰਾ ਬੁਲੰਦ ਕੀਤਾ। ਉਨਾਂ ਅੱਗੇ ਕਿਹਾ ਕਿ 22 ਜੁਲਾਈ ਨੂੰ ਜਦੋਂ ਕਿਸਾਨ ਕਾਲੇ ਕਾਨੂੰਨ ਰੱਦ ਕਰਾਉਣ ਲਈ ਸੰਸਦ ਅੱਗੇ ਸ਼ਾਂਤੀ ਪੂਰਵਕ ਪ੍ਰਦਰਸ਼ਨ ਕਰਨ ਲਈ ਆਉਣਗੇ ਤਾਂ ਉਹ ਖ਼ੁਦ ਅੱਗੇ ਹੋ ਕੇ ਕਿਸਾਨਾਂ ਦਾ ਸਮਰਥਨ ਅਤੇ ਸਵਾਗਤ ਕਰਨਗੇ।