ਨਵੀਂ ਦਿੱਲੀ: 29 ਜਨਵਰੀ ਸ਼ੁੱਕਰਵਾਰ ਨੂੰ ਬਜਟ ਸੈਸ਼ਨ ਦਾ ਆਗਾਜ਼ ਹੋਵੇਗਾ। ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਸੰਸਦ ਦੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦਿਆਂ ਸੈਸ਼ਨ ਸ਼ੁਰੂ ਹੋਵੇਗਾ। 28 ਜਨਵਰੀ ਨੂੰ ਆਮ ਆਦਮੀ ਪਾਰਟੀ ਤੇ ਕਾਂਗਰਸ ਸਣੇ 16 ਵਿਰੋਧੀ ਪਾਰਟੀਆਂ ਨੇ ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਇੱਕਜੁੱਟਤਾ ਜ਼ਾਹਰ ਕਰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਸੰਬੋਧਨ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਇਹ ਜਾਣਕਾਰੀ ਦਿੱਤੀ।


ਵਿਰੋਧੀ ਪਾਰਟੀਆਂ ਦੇ ਲੀਡਰਾਂ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ, ”ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਭਾਜਪਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਹੰਕਾਰੀ, ਅੜਿੱਕੇ ਤੇ ਅਲੋਕਤੰਤਰੀ ਬਣੇ ਹੋਏ ਹਨ। ਸਰਕਾਰ ਦੀ ਅਸੰਵੇਦਨਸ਼ੀਲਤਾ ਤੋਂ ਹੈਰਾਨ ਹੋ ਕੇ, ਅਸੀਂ, ਵਿਰੋਧੀ ਪਾਰਟੀਆਂ ਨੇ, ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਮੰਗ ਦੁਹਰਾਈ ਹੈ ਤੇ ਕਿਸਾਨਾਂ ਨਾਲ ਇਕਜੁੱਟਤਾ ਜਤਾਈ ਹੈ ਤੇ ਫੈਸਲਾ ਕੀਤਾ ਹੈ ਕਿ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕੀਤਾ ਜਾਵੇਗਾ।''




ਕਾਂਗਰਸ, ਰਾਸ਼ਟਰਵਾਦੀ ਕਾਂਗਰਸ ਪਾਰਟੀ, ਨੈਸ਼ਨਲ ਕਾਨਫਰੰਸ, ਡੀਐਮਕੇ, ਤ੍ਰਿਣਮੂਲ ਕਾਂਗਰਸ, ਸ਼ਿਵ ਸੈਨਾ, ਸਪਾ, ਆਰਜੇਡੀ, ਸੀਪੀਆਈ-ਐਮ, ਸੀਪੀਆਈ, ਆਈਯੂਐਮਐਲ, ਆਰਐਸਪੀ, ਪੀਡੀਪੀ, ਐਮਡੀਐਮਕੇ, ਕੇਰਲ ਕਾਂਗਰਸ (ਐਮ) ਅਤੇ ਏਆਈਯੂਡੀਐਫ ਨੇ ਸਾਂਝੇ ਤੌਰ 'ਤੇ ਫੈਸਲਾ ਲਿਆ ਹੈ। ਇਸ ਬਾਰੇ ਆਮ ਆਦਮੀ ਪਾਰਟੀ ਨੇ ਵੀ ਇਹੀ ਐਲਾਨ ਕੀਤਾ ਹੈ।