ਚੰਡੀਗੜ੍ਹ: ਪੰਜਾਬ 'ਚ ਮਈ ਤੱਕ ਕੋਰੋਨਾ ਦਾ ਪੂਰਾ ਖਤਰਾ ਰਹੇਗਾ। ਇਸ ਤੋਂ ਬਾਅਦ ਕੇਸਾਂ ਦੀ ਗਿਣਤੀ ਘਟਣ ਲੱਗੇਗੀ। ਇਹ ਖੁਲਾਸਾ ਸੀਐਮਸੀ ਲੁਧਿਆਣਾ ਵੱਲੋਂ ਪੇਸ਼ ਕੀਤੇ ਰੁਝਾਨ ਵਿੱਚ ਹੋਇਆ ਹੈ। ਵਧਦੇ ਕੇਸਾਂ ਸਬੰਧੀ ਇਸ ਰੁਝਾਨ ਅਨੁਸਾਰ 6 ਅਪਰੈਲ, 2021 ਨੂੰ ਸਿਖਰ ਹੋਵੇਗਾ। ਅਨੁਮਾਨਾਂ ਅਨੁਸਾਰ ਮਈ, 2021 ਦੇ ਅੱਧ ਜਾਂ ਅਖੀਰ ਵਿੱਚ ਕੇਸਾਂ ਦੀ ਗਿਣਤੀ ਘਟਣ ਲੱਗੇਗੀ।

 

ਇਸ ਤੋਂ ਇਲਾਵਾ ਇਹ ਵੀ ਦੱਸਿਆ ਗਿਆ ਕਿ ਜਲੰਧਰ, ਲੁਧਿਆਣਾ, ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ ਤੇ ਕਪੂਰਥਲਾ ਵਿੱਚ ਹੋਰ ਕੇਸ ਆਉਣ ਦੀ ਸੰਭਾਵਨਾ ਹੈ। ਇਹ ਵੀ ਸੰਭਾਵਨਾ ਹੈ ਕਿ 40 ਸਾਲ ਜਾਂ ਇਸ ਤੋਂ ਘੱਟ ਦੇ ਨੌਜਵਾਨਾਂ ਵਿੱਚ ਇਹ ਕੇਸ ਸਭ ਤੋਂ ਵੱਧ ਹੋਣਗੇ।

 

ਤਾਜ਼ਾ ਹਾਲਾਤ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ ਕਾਰਨ ਲਾਈਆਂ ਬੰਦਿਸ਼ਾਂ ਨੂੰ ਅੱਗੇ 10 ਅਪਰੈਲ ਤੱਕ ਵਧਾਉਣ ਦੇ ਹੁਕਮ ਕੀਤੇ ਗਏ। ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਵੀ ਤਰਜੀਹੀ ਵਰਗਾਂ ਨੂੰ ਜ਼ਰੂਰੀ ਆਧਾਰ 'ਤੇ ਨਿਸ਼ਾਨਾ ਬਣਾਉਣ ਲਈ ਟੀਕਾਕਰਨ ਥਾਵਾਂ ਦੀ ਗਿਣਤੀ ਵਧਾਉਣ ਦੇ ਆਦੇਸ਼ ਦਿੱਤੇ ਗਏ।

 

ਮੁੱਖ ਸਕੱਤਰ ਤੇ ਹੋਰ ਉਚ ਅਧਿਕਾਰੀਆਂ ਨਾਲ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੀਆਂ ਬੰਦਿਸ਼ਾਂ 31 ਮਾਰਚ ਤੱਕ ਲਈਆਂ ਸਨ, ਉਨ੍ਹਾਂ ਸਾਰੀਆਂ ਨੂੰ 10 ਅਪਰੈਲ ਤੱਕ ਵਧਾ ਦਿੱਤਾ ਜਾਵੇ। ਇਸ ਤੋਂ ਬਾਅਦ ਉਹ ਫੇਰ ਇਸ ਦੀ ਸਮੀਖਿਆ ਕਰਨਗੇ।

 

ਉਧਰ, ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਪਿਛਲੀ ਮੀਟਿੰਗ ਤੋਂ ਜਦੋਂ ਕੋਵਿਡ ਪ੍ਰੋਟੋਕੋਲਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕਰਨ ਤੇ ਨਾਲ ਹੀ ਆਰ.ਟੀ-ਪੀ.ਸੀ.ਆਰ. ਟੈਸਟਿੰਗ ਦਾ ਫੈਸਲਾ ਲਿਆ ਗਿਆ ਸੀ, ਉਸ ਸਮੇਂ ਤੋਂ 90,360 ਵਿਅਕਤੀਆਂ ਦੇ ਚਲਾਨ ਤੇ ਕੋਵਿਡ ਟੈਸਟ ਕੀਤੇ ਗਏ ਹਨ। ਉਨ੍ਹਾਂ ਨੇ ਪੁਲਿਸ ਲਾਈਨਾਂ ਵਿੱਚ ਇੱਕ ਵਿਸ਼ੇਸ਼ ਟੀਕਾਕਰਨ ਮੁਹਿੰਮ ਲਈ ਵੀ ਬੇਨਤੀ ਕੀਤੀ।

 


 

 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904