ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮੁਹਾਲੀ ਦੀ ਆਈਟੀ ਸਿਟੀ ਵਿੱਚ ਐਮਿਟੀ ਐਜੂਕੇਸ਼ਨ ਗਰੁੱਪ ਦੇ ਵਿਸ਼ਵ ਪੱਧਰੀ ਯੂਨੀਵਰਸਿਟੀ ਕੈਂਪਸ ਨੂੰ ਸਥਾਪਤ ਕਰਨ ਦੀ ਮਨਜ਼ੂਰੀ ਦੇ ਦਿੱਤੀ। ਇਸ ਦੇ ਨਾਲ ਹੀ ਇਸ ਖੇਤਰ ਦਾ ਪ੍ਰਮੁੱਖ ਸਿੱਖਿਆ ਧੁਰੇ ਵਜੋਂ ਵਿਕਸਿਤ ਹੋਣ ਲਈ ਰਾਹ ਪੱਧਰਾ ਹੋ ਗਿਆ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੀਡਿਓ ਕਾਨਫਰੰਸ ਰਾਹੀਂ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ।
ਪੰਜਾਬ ਵਜ਼ਾਰਤ ਨੇ 'ਦੀ ਐਮਿਟੀ ਯੂਨੀਵਰਸਿਟੀ ਆਰਡੀਨੈਂਸ, 2020' ਨੂੰ ਵੀ ਮਨਜ਼ੂਰੀ ਦੇ ਦਿੱਤੀ ਅਤੇ ਮੁੱਖ ਮੰਤਰੀ ਨੇ ਕਾਨੂੰਨੀ ਮਸ਼ੀਰ ਵੱਲੋਂ ਤਿਆਰ ਕੀਤੇ ਅੰਤਿਮ ਖਰੜੇ ਨੂੰ ਬਿਨਾਂ ਕੈਬਨਿਟ ਵਿੱਚ ਰੱਖੇ ਮਨਜ਼ੂਰ ਕਰਨ ਲਈ ਅਧਿਕਾਰਤ ਕਰ ਦਿੱਤਾ। ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜ ਸਾਲਾਂ ਵਿੱਚ 664.32 ਕਰੋੜ ਰੁਪਏ ਦੇ ਨਿਵੇਸ਼ ਨਾਲ ਮੁਹਾਲੀ ਦੀ ਪ੍ਰਮੁੱਖ ਜਗ੍ਹਾਂ 'ਤੇ 40 ਏਕੜ ਰਕਬੇ ਵਿੱਚ ਸੈਲਫ ਫਾਇਨਾਂਸਡ ਪ੍ਰਾਈਵੇਟ 'ਐਮਿਟੀ ਯੂਨੀਵਰਸਿਟੀ ਪੰਜਾਬ' ਦਾ ਸਥਾਪਤ ਹੋਣ ਵਾਲਾ ਅਤਿ-ਆਧੁਨਿਕ ਕੈਂਪਸ ਉਚ ਪੱਧਰੀ ਖੋਜ ਅਤੇ ਨਵੀਆਂ ਕਾਢਾਂ ਨੂੰ ਉਤਸ਼ਾਹਤ ਕਰੇਗਾ।
ਇਹ ਯੂਨੀਵਰਸਿਟੀ ਅਗਲੇ ਅਕਾਦਮਿਕ ਸਾਲ ਤੋਂ ਸ਼ੁਰੂ ਹੋਵੇਗੀ। ਜਿਸ ਦਾ ਪਹਿਲਾ ਸੈਸ਼ਨ ਜੂਨ-ਜੁਲਾਈ 2021 ਵਿੱਚ ਸ਼ੁਰੂ ਹੋਵੇਗਾ। ਚੰਡੀਗੜ੍ਹ/ਮੁਹਾਲੀ ਹਵਾਈ ਅੱਡੇ ਤੋਂ ਮਹਿਜ਼ 10 ਮਿੰਟ ਦੀ ਦੂਰੀ 'ਤੇ ਸਥਾਪਤ ਹੋਣ ਵਾਲੀ ਇਹ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ 'ਤੇ ਮੁਕਾਬਲੇਬਾਜ਼ੀ ਲਈ ਤਿਆਰ ਕਰਨ ਲਈ ਉਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਵੱਡਾ ਰੋਲ ਨਿਭਾਏਗੀ।
ਯੂਨੀਵਰਸਿਟੀ ਵਿੱਚ ਸਾਲਾਨਾ 1500-2000 ਵਿਦਿਆਰਥੀਆਂ ਦੇ ਦਾਖਲੇ ਹੋਣਗੇ। ਉਚ ਪੱਧਰੀ ਖੋਜ ਅਤੇ ਕੌਮਾਂਤਰੀ ਸਹਿਯੋਗ ਦੇ ਕੇਂਦਰ ਤੋਂ ਇਲਾਵਾ ਯੂਨੀਵਰਸਿਟੀ ਯੂ.ਜੀ.ਸੀ. ਅਤੇ ਪੰਜਾਬ ਸੂਬੇ ਦੇ ਦਾਇਰੇ ਅੰਦਰ ਨੌਕਰੀ ਮੁਖੀ ਗਰੈਜੂਏਟ, ਪੋਸਟ ਗਰੈਜੂਏਟ, ਪੀਐਚ.ਡੀ. ਤੇ ਪੋਸਟ ਪੀਐਚ.ਡੀ. ਦੇ ਵੱਖ-ਵੱਖ ਪ੍ਰੋਗਰਾਮ ਤਿਆਰ ਕਰੇਗੀ। ਆਰਡੀਨੈਂਸ ਅਤੇ ਨਿਯਮਾਂ ਤੇ ਸ਼ਰਤਾਂ ਮੁਤਾਬਕ ਪੰਜਾਬ ਸਰਕਾਰ ਨੇ ਇਸ ਸਥਾਪਤ ਹੋਣ ਵਾਲੀ ਯੂਨੀਵਰਸਿਟੀ ਵਿੱਚ ਪੰਜਾਬ ਦੇ ਵਿਦਿਆਰਥੀਆਂ ਲਈ 15 ਫੀਸਦੀ ਰਾਖਵਾਂਕਰਨ ਲਾਜ਼ਮੀ ਕੀਤਾ ਹੈ।
Education Loan Information:
Calculate Education Loan EMI