ਨਵੀਂ ਦਿੱਲੀ: ਕੇਂਦਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨਾਂ ਦੇ ਭਾਰੀ ਪ੍ਰਦਰਸ਼ਨਾਂ ਨੂੰ ਵੇਖਦਿਆਂ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਹੈੱਡਕੁਆਰਟਰਜ਼ ’ਤੇ ਵੱਡੀ ਮੀਟਿੰਗ ਸੱਦੀ ਗਈ ਹੈ। ਇਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੀ ਪੁੱਜੇ ਹਨ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਪਿਯੂਸ਼ ਗੋਇਲ ਵੀ ਪੁੱਜੇ ਹਨ। ਭਾਜਪਾ ਜਨਰਲ ਸਕੱਤਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ।
ਗ਼ੌਰਤਲਬ ਹੈ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਤੇ ਇਸ ਦੇ ਆਲੇ-ਦੁਆਲੇ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਇਕੱਠੇ ਹੋ ਕੇ ਪ੍ਰਦਰਸ਼ਨ ਕਰ ਰਹੇ ਹਨ ਤੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦੇ ਪ੍ਰਦਰਸ਼ਨ ਦਾ ਅੱਜ 22ਵਾਂ ਦਿਨ ਹੈ।
ਖੇਤੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਹੁਣ ਤੱਕ ਪੰਜ ਗੇੜਾਂ ਦੀ ਗੱਲਬਾਤ ਹੋ ਚੁੱਕੀ ਹੈ ਪਰ ਹਾਲੇ ਤੱਕ ਕੋਈ ਨਤੀਜਾ ਨਹੀਂ ਨਿੱਕਲ ਸਕਿਆ। ਸਰਕਾਰ ਨੇ ਸੋਧ ਦਾ ਪ੍ਰਸਤਾਵ ਕਿਸਾਨ ਜੱਥੇਬੰਦੀਆਂ ਨੂੰ ਭੇਜਿਆ ਸੀ ਪਰ ਕਿਸਾਨਾਂ ਨੇ ਉਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਕਿਸਾਨਾਂ ਦੀ ਮੰਗ ਹੈ ਕਿ ਇਹ ਤਿੰਨੇ ਕਾਨੂੰਨ ਵਾਪਸ ਲਏ ਜਾਣ।
ਉੱਧਰ ਬੁੱਧਵਾਰ ਨੂੰ ਦਿੱਲੀ–ਹਰਿਆਣਾ ਸਥਿਤ ਸਿੰਘੂ ਬਾਰਡਰ ਉੱਤੇ ਸੰਤ ਬਾਬਾ ਰਾਮ ਸਿੰਘ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਸਮਰਥਨ ’ਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੇ ਹਜ਼ਾਰਾਂ ਪੈਰੋਕਾਰ ਹਨ।
ਇਸ ਤੋਂ ਪਹਿਲਾਂ ਸ਼ਿਵ ਸੈਨਾ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਰਾਉਤ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਜੇ ਇਸ ਸਾਰੇ ਮਾਮਲੇ ’ਚ ਦਖ਼ਲ ਦੇਣ, ਤਾਂ ਇਹ ਮਸਲਾ ਪੰਜ ਮਿੰਟਾਂ ਵਿੱਚ ਖ਼ਤਮ ਹੋ ਜਾਵੇਗਾ।