ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਕਿਸੇ ਵੀ ਹੋਰ ਰਾਜਨੀਤਕ ਪਾਰਟੀ ਨਾਲ ਗੱਠਜੋੜ ਬਣਾਉਣ ਦੀਆਂ ਕਿਆਸਅਰਾਈਆਂ ਹੁਣ ਖ਼ਤਮ ਹੋ ਗਈਆਂ ਹਨ। ਬੀਜੇਪੀ ਨੇ ਕਾਫੀ ਕੋਸ਼ਿਸ਼ ਕੀਤੀ ਹੈ ਪਰ ਕਿਸਾਨ ਅੰਦੋਲਨ ਕਰਕੇ ਕਿਸੇ ਵੀ ਧਿਰ ਨੇ ਹਾਮੀ ਨਹੀਂ ਭਰੀ। ਇਸ ਮਗਰੋਂ ਪਾਰਟੀ ਨੇ ਪਹਿਲੀ ਵਾਰ ਇਕੱਲੇ ਹੀ ਸਾਰੀਆਂ 117 ਸੀਟਾਂ ਉੱਪਰ ਚੋਣ ਲੜਨ ਦਾ ਮਨ ਬਣਾਇਆ ਹੈ।
ਪਤਾ ਲੱਗਾ ਹੈ ਕਿ ਪਾਰਟੀ ਨੇ ਹੁਣ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਰਾਜ ਦੀਆਂ 117 ਸੀਟਾਂ ਲਈ ਉਮੀਦਵਾਰਾਂ ਦੀ ਭਾਲ ਦੇ ਨਾਲ-ਨਾਲ ਕੇਂਦਰੀ ਲੀਡਰਸ਼ਿਪ ਵੱਲੋਂ 12 ਤੋਂ ਵੱਧ ਨੁਕਤਿਆਂ ਦੇ ਅਧਾਰ ‘ਤੇ ਸਰਵੇ ਕੀਤਾ ਜਾ ਰਿਹਾ ਹੈ। ਜਿਸ ਦੀ ਰਿਪੋਰਟ ਪ੍ਰਧਾਨ ਮੰਤਰੀ ਨੂੰ ਸੌਂਪੀ ਜਾਵੇਗੀ।
ਸਤੰਬਰ 2020 ਵਿੱਚ ਭਾਜਪਾ-ਅਕਾਲੀ ਗੱਠਜੋੜ ਦੇ ਟੁੱਟ ਜਾਣ ਤੋਂ ਬਾਅਦ, ਅਕਾਲੀ ਦਲ ਹੁਣ ਬਸਪਾ ਦੇ ਨਾਲ ਹੈ। ਦੋਵਾਂ ਵਿਚਾਲੇ ਗਠਜੋੜ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਭਾਜਪਾ ਵੀ ਗਠਜੋੜ ਲਈ ਭਾਈਵਾਲ ਦੀ ਤਲਾਸ਼ ’ਚ ਹੈ ਪਰ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਸਰਵੇਖਣ ਸ਼ੁਰੂ ਕਰਨ ਤੋਂ ਬਾਅਦ ਇਹ ਕਿਆਸਅਰਾਈਆਂ ਖ਼ਤਮ ਹੋ ਗਈਆਂ ਹਨ। ਪਾਰਟੀ ਵੱਲੋਂ ਰਾਜ ਭਰ ਵਿਚ ਕਰਵਾਏ ਜਾ ਰਹੇ ਸਰਵੇਖਣ ਵਿੱਚ ਕਈ ਅਹਿਮ ਨੁਕਤੇ ਸ਼ਾਮਲ ਕੀਤੇ ਗਏ ਹਨ।
ਇਹ ਨੁਕਤੇ ਪਾਰਟੀ ਦੇ ਸਥਾਨਕ ਨੇਤਾਵਾਂ ਦੇ ਨਾਲ ਦਿੱਲੀ ਵਿੱਚ ਬੈਠੇ ਰਾਜਨੀਤਕ ਵਿਸ਼ਲੇਸ਼ਕਾਂ ਦੀ ਰਾਏ ਦੇ ਨਾਲ ਸ਼ਾਮਲ ਕੀਤੇ ਗਏ ਹਨ। ਕੇਂਦਰੀ ਲੀਡਰਸ਼ਿਪ ਨੇ ਇਸ ਸਰਵੇਖਣ ਦੇ ਕੰਮ ਨੂੰ 45 ਦਿਨਾਂ ਵਿਚ ਪੂਰਾ ਕਰਨ ਦਾ ਟੀਚਾ ਮਿੱਥਿਆ ਹੈ। ਸਰਵੇਖਣ ਰਿਪੋਰਟ ਤਿਆਰ ਹੋਣ ਤੋਂ ਬਾਅਦ ਇਸ ਨੂੰ ਅੰਤਮ ਫੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪਿਆ ਜਾਵੇਗਾ।
ਪੰਜਾਬ ਵਿਚ ਪਹਿਲੀ ਵਾਰ ਭਾਜਪਾ ਇਕੱਲੇ ਵਿਧਾਨ ਸਭਾ ਚੋਣਾਂ ਵਿਚ 117 ਸੀਟਾਂ 'ਤੇ ਚੋਣ ਲੜੇਗੀ। ਇਸ ਤੋਂ ਪਹਿਲਾਂ ਉਹ ਸਿਰਫ ਸ਼੍ਰੋਮਣੀ ਅਕਾਲੀ ਦਲ ਦੁਆਰਾ ਪੇਸ਼ ਕੀਤੀਆਂ ਜਾਣ ਵਾਲੀਆਂ 23 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰਦੀ ਸੀ। ਇਸ ਲਈ ਪਾਰਟੀ ਚੋਣ ਮੈਦਾਨ ਵਿਚ ਕੁੱਦਣ ਤੋਂ ਪਹਿਲਾਂ ਸਾਰੀਆਂ ਤਿਆਰੀਆਂ ਮੁਕੰਮਲ ਕਰਨਾ ਚਾਹੁੰਦੀ ਹੈ।
2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ, ਇਸ ਵਾਰ ਸਾਰੀਆਂ ਸਿਆਸੀ ਪਾਰਟੀਆਂ ਵਿਚਾਲੇ ਦਿਲਚਸਪ ਮੁਕਾਬਲਾ ਹੋਵੇਗਾ। ਮੁੱਖ ਪਾਰਟੀਆਂ ਕਾਂਗਰਸ, ਅਕਾਲੀ ਦਲ-ਬਸਪਾ (ਗੱਠਜੋੜ), ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਚੋਣਾਂ ਲੜਨਗੀਆਂ।
ਪੰਜਾਬ ਲਈ ਭਾਜਪਾ ਦੇ ਇੰਚਾਰਜ ਦੁਸ਼ਯੰਤ ਗੌਤਮ ਨੇ ਦੱਸਿਆ ਕਿ ਭਾਜਪਾ ਇਸ ਵਾਰ ਸਾਰੀਆਂ 117 ਸੀਟਾਂ 'ਤੇ ਆਪਣੇ ਉਮੀਦਵਾਰ ਵੀ ਖੜ੍ਹੇ ਕਰੇਗੀ। ਸੰਭਾਵੀ ਉਮੀਦਵਾਰਾਂ ਦੀ ਭਾਲ ਕੇਂਦਰ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਹੈ। ਕਈ ਅਹਿਮ ਨੁਕਤਿਆਂ 'ਤੇ ਕੰਮ ਕੀਤਾ ਜਾ ਰਿਹਾ ਹੈ। ਜਲਦੀ ਹੀ ਚੋਣ ਰਣਨੀਤੀ ਬਾਰੇ ਜਨਤਕ ਐਲਾਨ ਕੀਤੇ ਜਾਣਗੇ।