Sangrur News : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਮੁੜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਬਣਾਈ ਜਾ ਰਹੀ ਮਾਡਰਨ ਵੈਂਡਿੰਗ ਜ਼ੋਨ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਚੱਲ ਰਹੇ ਕਾਰਜਾਂ ਵਿੱਚ ਵਰਤੀ ਜਾ ਰਹੀ ਸਮੱਗਰੀ ਉਤੇ ਤਸੱਲੀ ਪ੍ਰਗਟਾਉਂਦੇ ਹੋਏ ਠੇਕੇਦਾਰਾਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿਛਲੀਆਂ ਸਰਕਾਰਾਂ ਵੱਲੋਂ ਅਪਣਾਏ ਲੁੱਟ ਖਸੁੱਟ ਦੇ ਮਾੜੇ ਰੁਝਾਨ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਫੰਡਾਂ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਵਰਤਿਆ ਜਾਣਾ ਚਾਹੀਦਾ ਹੈ ਤਾਂ ਜੋ ਕੀਤਾ ਗਿਆ ਕੰਮ ਮੂੰਹੋਂ ਬੋਲੇ। 


 

ਉਨ੍ਹਾਂ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ 31 ਮਾਰਚ ਤੋਂ ਪਹਿਲਾਂ ਪਹਿਲਾਂ ਮਾਡਰਨ ਵੈਂਡਿੰਗ ਜ਼ੋਨ ਦੇ ਨਿਰਮਾਣ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਜਾਵੇ ਤਾਂ ਜੋ ਰੇਹੜੀ ਫੜ੍ਹੀ ਵਾਲੇ ਗਰੀਬ ਲੋਕ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਇਸ ਮਾਰਕੀਟ ਦਾ ਲਾਭ ਲੈ ਸਕਣ।

 



ਕੈਬਨਿਟ ਮੰਤਰੀ ਨੇ ਦਿਸ਼ਾ ਨਿਰਦੇਸ਼ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਕਿਸੇ ਵੀ ਢੰਗ ਨਾਲ ਸਰਕਾਰੀ ਖਜ਼ਾਨੇ ਨੂੰ ਢਾਹ ਲਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ, ਕਰਮਚਾਰੀ ਜਾਂ ਠੇਕੇਦਾਰ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 



ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਹੀ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਆਧੁਨਿਕ ਵੈਂਡਿੰਗ ਜ਼ੋਨ ਦਾ ਅਚਨਚੇਤ ਨਿਰੀਖਣ ਕਰਦੇ ਹੋਏ ਪਾਇਆ ਗਿਆ ਸੀ ਕਿ ਸਬੰਧਤ ਠੇਕੇਦਾਰ ਵੱਲੋਂ ਸੀਵਰੇਜ ਦੇ ਮੈਨਹੋਲ ਚੈਂਬਰ ਬਣਾਉਣ ਲਈ ਗੈਰ ਮਿਆਰੀ ਇੱਟਾਂ, ਸੀਮਿੰਟਡ ਪਾਈਪਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਵੱਲੋਂ ਤਾੜਨਾ ਕੀਤੀ ਗਈ ਸੀ ਅਤੇ ਇਸ ਉਪਰੰਤ ਅਗਲੇ ਹੀ ਦਿਨ ਠੇਕੇਦਾਰ ਵੱਲੋਂ ਸਾਰੀ ਸਮੱਗਰੀ ਬਦਲ ਦਿੱਤੀ ਗਈ ਸੀ।