Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ! ਸਰਕਾਰ ਵੱਲੋਂ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ
Canada News: ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਹੁਣ ਕੈਨੇਡਾ ਵਿੱਚ Labour Market Impact Assessments (LMIA) ਨੂੰ ਵੀ ਬੰਦ ਕੀਤਾ ਜਾ ਰਿਹਾ ਹੈ। ਇਸ ਨਾਲ ਕੈਨੇਡਾ ਵਿੱਚ ਪੱਕਾ ਹੋਣਾ ਹੋਰ ਵੀ ਔਖਾ ਹੋ
Canada News: ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਹੁਣ ਕੈਨੇਡਾ ਵਿੱਚ Labour Market Impact Assessments (LMIA) ਨੂੰ ਵੀ ਬੰਦ ਕੀਤਾ ਜਾ ਰਿਹਾ ਹੈ। ਇਸ ਨਾਲ ਕੈਨੇਡਾ ਵਿੱਚ ਪੱਕਾ ਹੋਣਾ ਹੋਰ ਵੀ ਔਖਾ ਹੋ ਜਾਏਗਾ। ਇਸ ਤੋਂ ਪਹਿਲਾਂ ਕੈਨੇਡਾ ਨੇ ਪਰਵਾਸੀਆਂ ਦੀ ਆਮਦ ਰੋਕਣ ਲਈ ਕਈ ਕਦਮ ਚੁੱਕੇ ਹਨ। ਇੱਥੋਂ ਤੱਕ ਕੇ ਗੈਰ-ਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਦੀ ਪਲਾਨਿੰਗ ਵੀ ਸ਼ੁਰੂ ਕਰ ਦਿੱਤੀ ਹੈ। ਇਸ ਸਭ ਦਾ ਅਸਰ ਪੰਜਾਬੀਆਂ ਉਪਰ ਵੀ ਪੈ ਰਿਹਾ ਹੈ।
ਹਾਸਲ ਜਾਣਕਾਰੀ ਮੁਤਾਬਕ ਕੈਨੇਡਾ ਵਿੱਚ ਪੱਕੇ ਹੋਣ ਦਾ ਆਖ਼ਰੀ ਰਾਹ ਲੇਬਰ ਮਾਰਕੀਟ ਪ੍ਰਭਾਵ ਮੁਲਾਂਕਣ (LMIA) ਨੂੰ ਵੀ ਬੰਦ ਕੀਤਾ ਜਾ ਰਿਹਾ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਦੇ ਹਵਾਲੇ ਤੋਂ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਦੀ ਪੱਕੀ ਰਿਹਾਇਸ਼ (ਪੀਆਰ) ਲਈ Labour Market Impact Assessments ਦੀ ਵੱਡੇ ਪੱਧਰ ’ਤੇ ਦੁਰਵਰਤੋਂ ਹੋ ਰਹੀ ਹੈ। ਇਸ ਲਈ ਫੈਡਰਲ ਸਰਕਾਰ LMIA ਰਾਹੀਂ ਮਿਲਣ ਵਾਲੇ 50 ਵਾਧੂ ਅੰਕਾਂ ਦੀ ਸਹੂਲਤ ਖ਼ਤਮ ਕਰਨ ’ਤੇ ਵਿਚਾਰ ਕਰ ਰਹੀ ਹੈ।
ਇਸ ਵੇਲੇ ਬਿਨੈਕਾਰ ਇੱਕ LMIA ਲਈ 50 ਅੰਕ ਜਾਂ ਐਕਸਪ੍ਰੈੱਸ ਐਂਟਰੀ ਪ੍ਰਣਾਲੀ ਦੇ ਅਧੀਨ ਪ੍ਰਬੰਧਨ ਦੇ ਅਹੁਦਿਆਂ ਲਈ 200 ਅੰਕ ਪ੍ਰਾਪਤ ਕਰ ਸਕਦੇ ਹਨ। ਲੇਬਰ ਮਾਰਕੀਟ ਇੰਪੈਕਟ ਅਸੈਸਮੈਂਟ ਦੇ ਨਾਂ ’ਤੇ ਲੋਕਾਂ ਨੂੰ ਠੱਗਿਆ ਜਾ ਰਿਹਾ ਹੈ ਤੇ ਕਾਲਾ ਬਾਜ਼ਾਰੀ ਕਰਦਿਆਂ ਇੱਕ ਕਾਗ਼ਜ਼ ਲਈ 70 ਹਜ਼ਾਰ ਡਾਲਰ ਤੱਕ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਇਮੀਗ੍ਰੇਸ਼ਨ ਨਿਯਮਾਂ ਵਿੱਚ ਸਖ਼ਤੀ ਕਰਨ ਲਈ ਮਜਬੂਰ ਹੋ ਰਹੀ ਹੈ। ਸੋਸ਼ਲ ਮੀਡੀਆ ’ਤੇ ਠੱਗ ਏਜੰਟਾਂ ਵੱਲੋਂ LMIA ਰਾਹੀਂ ਯਕੀਨੀ ਪੀਆਰ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ।
ਹਾਸਲ ਜਾਣਕਾਰੀ ਮੁਤਾਬਕ ਫ਼ਰਜ਼ੀ ਨੌਕਰੀਆਂ ਲਈ LMIA ਤਿਆਰ ਕਰਵਾਏ ਜਾਂਦੇ ਹਨ ਤੇ ਨੌਜਵਾਨਾਂ ਦਾ ਵੱਡੇ ਪੱਧਰ ’ਤੇ ਸ਼ੋਸ਼ਣ ਕੀਤਾ ਜਾਂਦਾ ਹੈ। ਇਸ ਵੇਲੇ ਕੈਨੇਡੀਅਨ ਪੀਆਰ ਲਈ ਸੀਆਰਐੱਸ ਸਕੋਰ 500 ਤੋਂ ਉੱਤੇ ਚੱਲ ਰਿਹਾ ਹੈ ਤੇ LMIA ਦੇ 50 ਵਾਧੂ ਅੰਕ ਪੀਆਰ ਦਿਵਾਉਣ ਵਿਚ ਕਾਰਗਰ ਸਾਬਤ ਹੁੰਦੇ ਹਨ ਪਰ ਜ਼ਿਆਦਾਤਰ ਮਾਮਲਿਆਂ ਵਿਚ ਇਸ ਸਹੂਲਤ ਦੀ ਵਰਤੋਂ ਠੱਗੀ-ਠੋਰੀ ਲਈ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੈਨੇਡਾ ਸਰਕਾਰ ਵੱਲੋਂ 10 ਸਾਲ ਦੀ ਮਿਆਦ ਵਾਲੇ ਮਲਟੀਪਲ ਐਂਟਰੀ ਵੀਜ਼ਾ ਬੰਦ ਕੀਤੇ ਜਾ ਚੁੱਕੇ ਹਨ ਤੇ ਜ਼ਿਆਦਾਤਰ ਮਾਮਲਿਆਂ ਵਿਚ ਸਿੰਗਲ ਐਂਟਰੀ ਵੀਜ਼ਾ ਹੀ ਜਾਰੀ ਕੀਤੇ ਜਾ ਰਹੇ ਹਨ। ਸਿਰਫ਼ ਐਨਾ ਹੀ ਨਹੀਂ, ਕੌਮਾਂਤਰੀ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਵੀਜ਼ਿਆਂ ਦੀ ਗਿਣਤੀ ਵੀ ਘਟਾ ਕੇ 4 ਲੱਖ 37 ਹਜ਼ਾਰ ਕੀਤੀ ਜਾ ਚੁੱਕੀ ਹੈ।
ਮਾਰਕ ਮਿਲਰ ਨੇ ਵਰਕ ਪਰਮਿਟ ਦੀ ਮਿਆਦ ਵਿਚ ਵਾਧਾ ਕਰਨ ਲਈ ਬਰੈਂਪਟਨ ਵਿਖੇ ਪੱਕੇ ਰੋਸ ਧਰਨੇ ’ਤੇ ਬੈਠੇ ਸਾਬਕਾ ਕੌਮਾਂਤਰੀ ਵਿਦਿਆਰਥੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਟੱਡੀ ਵੀਜ਼ਾ ਤੋਂ ਕੈਨੇਡੀਅਨ ਪੀਆਰ ਤੱਕ ਪਹੁੰਚਣ ਦਾ ਰਾਹ ਕੋਈ ਸੌਖਾ ਰਾਹ ਨਹੀਂ। ਕੋਈ ਵਿਦਿਆਰਥੀ ਇਹ ਸੋਚ ਕੇ ਕੈਨੇਡਾ ਨਾ ਆਵੇ ਕਿ ਉਹ ਯਕੀਨੀ ਤੌਰ ’ਤੇ ਪੀਆਰ ਹਾਸਲ ਕਰ ਲਵੇਗਾ। ਮਾਰਕ ਮਿਲਰ ਵੱਲੋਂ ਪਿਛਲੇ ਦਿਨੀਂ ਕੌਮਾਂਤਰੀ ਵਿਦਿਆਰਥੀਆਂ ਵਾਸਤੇ ਕਈ ਹਾਂ ਪੱਖੀ ਐਲਾਨ ਵੀ ਕੀਤੇ ਗਏ ਜਿਨ੍ਹਾਂ ਤਹਿਤ ਹਫ਼ਤੇ ਵਿਚ ਕੰਮ ਦਾ ਸਮਾਂ 20 ਘੰਟੇ ਤੋਂ ਵਧਾ ਕੇ 24 ਘੰਟੇ ਕਰ ਦਿੱਤਾ ਗਿਆ ਪਰ ਇਸ ਦੇ ਨਾਲ ਹੀ ਕਾਲਜ ਬਦਲਣ ਦੀ ਸੂਰਤ ਵਿਚ ਨਵੇਂ ਸਿਰੇ ਤੋਂ ਸਟੱਡੀ ਵੀਜ਼ਾ ਅਰਜ਼ੀ ਦਾਖਲ ਕਰਨ ਦਾ ਨਿਯਮ ਵੀ ਲਾਗੂ ਕਰ ਦਿੱਤਾ ਗਿਆ।
ਕੌਮਾਂਤਰੀ ਵਿਦਿਆਰਥੀਆਂ ਦੀ ਕੈਨੇਡਾ ਵਿਚ ਸ਼ਰਨ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਦੂਜੇ ਪਾਸੇ ਕੈਨੇਡਾ ਵਿਚ ਆਰਜ਼ੀ ਵੀਜ਼ਾ ’ਤੇ ਮੌਜੂਦ ਲੋਕਾਂ ਦੀ ਗਿਣਤੀ 30 ਲੱਖ ਤੋਂ ਟੱਪ ਚੁੱਕੀ ਹੈ ਤੇ ਫੈਡਰਲ ਸਰਕਾਰ ਇਸ ਵਿਚ ਵੱਡੀ ਕਟੌਤੀ ਕਰਨਾ ਚਾਹੁੰਦੀ ਹੈ। ਬਗੈਰ ਲਾਇਸੈਂਸ ਤੋਂ ਕੰਮ ਕਰ ਰਹੇ ਇਮੀਗ੍ਰੇਸ਼ਨ ਸਲਾਹਕਾਰ ਇਸ ਦਾ ਸਭ ਤੋਂ ਵੱਧ ਫ਼ਾਇਦਾ ਉਠਾ ਰਹੇ ਹਨ ਅਤੇ ਪੰਜਾਬੀ ਨੌਜਵਾਨਾਂ ਨੂੰ ਐੱਲਐੱਮਆਈਏ ਰਾਹੀਂ ਪੱਕੇ ਕਰਵਾਉਣ ਦਾ ਲਾਰਾ ਲਾਇਆ ਜਾਂਦਾ ਹੈ।