ਨਵੀਂ ਦਿੱਲੀ: ਪੰਜਾਬ ਦੀ ਰਾਜਨੀਤੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸ਼ਾਮ ਦਿੱਲੀ ਵਿੱਚ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੇ ਜਾਣ ਦੀ ਸੰਭਾਵਨਾ ਹੈ। ਅਮਰਿੰਦਰ ਸਿੰਘ ਸ਼ਾਮ 4.30 ਵਜੇ ਦਿੱਲੀ ਪਹੁੰਚਣਗੇ। 


ਸੂਤਰਾਂ ਮੁਤਾਬਕ ਅਮਿਤ ਸ਼ਾਹ ਦੇ ਨਾਲ ਹੀ ਕੈਪਟਨ ਬੀਜੇਪੀ ਪ੍ਰਧਾਨ ਜੇਪੀ ਨੱਡਾ ਨੂੰ ਵੀ ਮਿਲ ਸਕਦੇ ਹਨ। ਪੰਜਾਬ ਵਿੱਚ ਨਵਜੋਤ ਸਿੱਧੂ ਨਾਲ ਹੋਏ ਵਿਵਾਦ ਤੋਂ ਬਾਅਦ ਕੈਪਟਨ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ 'ਤੇ ਅਪਮਾਨਤ ਕਰਨ ਦਾ ਦੋਸ਼ ਲਗਾਉਂਦੇ ਹੋਏ ਨਾਰਾਜ਼ਗੀ ਜ਼ਾਹਰ ਕੀਤੀ ਸੀ।


 


ਸਿੱਧੂ 'ਤੇ ਖੂਬ ਸ਼ਬਦੀ ਹਮਲੇ, ਰਾਹੁਲ ਪ੍ਰਿਅੰਕਾ ਨੂੰ ਦੱਸਿਆ 'ਗੈਰ-ਤਜਰਬੇਕਾਰ'


ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਜੰਮ ਕੇ ਭਰਾਸ ਕੱਢੀ ਸੀ। ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੂੰ ਗੈਰਤਜਰਬੇਕਾਰ ਦੱਸਦਿਆਂ ਉਨ੍ਹਾਂ ਨੇ ਕਾਂਗਰਸ ਲੀਡਰਸ਼ਿਪ ਦੇ ਕਰੀਬੀ ਕੇਸੀ ਵੇਣੂਗੋਪਾਲ, ਅਜੇ ਮਾਕਨ ਤੇ ਰਣਦੀਪ ਸੁਰਜੇਵਾਲਾ ਨੂੰ ਵੀ ਨਿਸ਼ਾਨਾ ਬਣਾਇਆ ਸੀ। 


ਕੈਪਟਨ ਨੇ ਕਿਹਾ ਸੀ, “ਮੈਂ ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਾਂ। ਮੈਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸਿੱਧੂ ਖਿਲਾਫ ਇੱਕ ਮਜ਼ਬੂਤ ਉਮੀਦਵਾਰ ਮੈਦਾਨ ਵਿੱਚ ਉਤਾਰਾਂਗਾ। ਜੇਕਰ ਨਵਜੋਤ ਸਿੱਧੂ ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ ਹੁੰਦੇ ਹਨ ਤਾਂ ਕਾਂਗਰਸ ਦੋਹਰੇ ਅੰਕਾਂ ਨੂੰ ਛੂਹ ਲਵੇ ਤਾਂ ਇਹ ਵੱਡੀ ਗੱਲ ਹੋਵੇਗੀ।” ਕੈਪਟਨ ਨੇ ਨਵਜੋਤ ਸਿੱਧੂ ਨੂੰ ‘ਸੁਪਰ ਸੀਐਮ’ ਤੇ ‘ਖਤਰਨਾਕ ਵਿਅਕਤੀ’ ਦੱਸਿਆ ਸੀ।



ਸਿੱਧੂ ਤੋਂ ਦੇਸ਼ ਨੂੰ ਬਚਾਉਣ ਲਈ ਹਰ ਕੁਰਬਾਨੀ ਦੇਵਾਂਗਾ - ਕੈਪਟਨ
ਅਸਤੀਫੇ ਤੋਂ ਬਾਅਦ ਕੈਪਟਨ ਨੇ ਕਿਹਾ ਸੀ ਕਿ ਉਹ ਸਿੱਧੂ ਨੂੰ ਹਰਾਉਣ ਲਈ ਹਰ ਕੁਰਬਾਨੀ ਕਰਨਗੇ। ਇਸ ਦੇ ਨਾਲ ਹੀ ਕਾਂਗਰਸ ਹਾਈ ਕਮਾਂਡ ਨੂੰ ਚਿਤਾਵਨੀ ਦਿੰਦਿਆਂ ਕਿਹਾ ਗਿਆ ਹੈ ਕਿ ਜੇਕਰ ਸਿੱਧੂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਚਿਹਰਾ ਬਣੇ ਤਾਂ ਕਾਂਗਰਸ ਪੰਜਾਬ ਦੀਆਂ 10 ਸੀਟਾਂ ਵੀ ਪਾਰ ਨਹੀਂ ਕਰ ਸਕੇਗੀ। 


ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਅਜਿਹੇ ‘ਖਤਰਨਾਕ ਵਿਅਕਤੀ’ ਤੋਂ ਦੇਸ਼ ਨੂੰ ਬਚਾਉਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ (ਸਿੱਧੂ) ਦੀ ਹਾਰ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਉਮੀਦਵਾਰ ਖੜ੍ਹੇ ਕਰਨਗੇ।