ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਆਮ ਆਦਮੀ ਪਾਰਟੀ ਪੰਜਾਬ ਨੇ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਸੰਬੰਧੀ ਜਨਤਕ ਹੋਈ ਜਾਂਚ ਰਿਪੋਰਟ ਵਿੱਚ ਦਰਜ ਨਾਂਵਾਂ ਵਾਲੇ ਦੋਸ਼ੀਆਂ ਨੂੰ ਤੁਰੰਤ ਪੰਥ 'ਚੋਂ ਛੇਕਣ ਅਤੇ ਸਮੁੱਚੀ ਸਿੱਖ ਸੰਗਤ ਵੱਲੋਂ ਪੰਜਾਬ ਰਾਜਪਾਲ ਤੇ ਪੰਜਾਬ ਸਰਕਾਰ ਨੂੰ ਨਾਮਜ਼ਦ ਦੋਸ਼ੀਆਂ 'ਤੇ ਤੁਰੰਤ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦੇਣ।

 

ਇਸ ਸੰਬੰਧੀ ਪਾਰਟੀ ਦੇ ਵਿਧਾਇਕ ਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕਾ ਬਲਜਿੰਦਰ ਕੌਰ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਅਕਤੂਬਰ 2015 ਵਿੱਚ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਅਤੇ ਬੇਅਦਬੀ ਦੇ ਵਿਰੋਧ ਵਿੱਚ ਸ਼ਾਂਤਮਈ ਤਰੀਕੇ ਨਾਲ ਇਨਸਾਫ਼ ਲਈ ਧਰਨੇ 'ਤੇ ਬੈਠੀ ਸੰਗਤ ਉਪਰ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਪੁਲਿਸ ਵੱਲੋਂ ਕੀਤੀ ਗਈ ਅੰਧਾਧੁੰਦ ਗੋਲੀਬਾਰੀ ਵਿੱਚ ਦੋ ਸਿੰਘਾਂ ਦੀ ਸ਼ਹੀਦੀ ਅਤੇ ਦਰਜਨਾਂ ਜ਼ਖ਼ਮੀ ਸਿੰਘਾਂ ਬਾਰੇ ਆਪ ਜੀ ਭਲੀਭਾਂਤ ਜਾਣਦੇ ਹੋ। 

 

ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਿਣਾਉਣੀ ਕਰਤੂਤ ਨੂੰ ਪੰਜ ਸਾਲ ਬੀਤ ਚੁੱਕੇ ਹਨ, ਪਰ ਅੱਜ ਤੱਕ ਪੀੜਤ ਸੰਗਤ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਨਾ ਇਨਸਾਫ਼ ਮਿਲਿਆ ਹੈ ਅਤੇ ਨਾ ਹੀ ਸਾਜਿਸ਼ ਕਰਤਾ ਦੋਸ਼ੀਆਂ ਨੂੰ ਸਜ਼ਾ ਮਿਲੀ ਹੈ। ਜਿਸ ਕਰਕੇ ਆਪ ਸਮੇਤ ਦੇਸ਼ ਵਿਦੇਸ਼ ਵਿੱਚ ਵਸਦੀ ਸਮੁੱਚੀ ਨਾਨਕ ਨਾਮ-ਲੇਵਾ ਸੰਗਤ ਵਿੱਚ ਬੇਪਨਾਹ ਰੋਸ਼ ਤੇ ਗੁੱਸਾ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜਿੱਥੇ ਘੋਰ ਬੇਪਤੀ ਲਈ ਤਤਕਾਲੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਜ਼ਿੰਮੇਵਾਰ ਹੈ, ਉਥੇ ਹੀ ਇਨਸਾਫ਼ ਨਾ ਦੇਣ ਲਈ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ। 

 

ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੀ ਇਸ ਪੂਰੇ ਘਟਨਾਕ੍ਰਮ  ਵਿੱਚ ਸਿੱਧੀ ਸਮੂਲੀਅਤ ਸੀ, ਜਦੋਂ ਕਿ ਸਿੱਖ ਸੰਗਤ ਨੂੰ ਇਨਸਾਫ਼ ਦੇਣ ਲਈ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਸੱਤਾ ਵਿੱਚ ਆਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਅਤੇ ਸਿੱਖ ਪੰਥ ਨੂੰ  ਪਿੱਠ ਦਿਖਾ ਕੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ। ਵਿਧਾਇਕਾਂ ਨੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰ ਚੁੱਕੇ ਸੀਨੀਅਰ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ਨੂੰ ਜਾਣਬੁੱਝ ਕੇ ਕਾਨੂੰਨ ਦੀ ਆੜ ਵਿੱਚ ਰੱਦ ਕਰਵਾਇਆ ਗਿਆ ਹੈ, ਜਿਸ ਨਾਲ ਕੈਪਟਨ ਸਰਕਾਰ ਅਤੇ ਐਡਵੋਕੇਟ ਜਨਰਲ ਦਫ਼ਤਰ ਦੀ ਪੂਰੀ ਤਰ੍ਹਾਂ ਪੋਲ ਖੁੱਲ੍ਹ ਗਈ ਹੈ ਕਿ ਚੌਂਕੀਦਾਰ ਹੀ ਚੋਰਾਂ ਨਾਲ ਰਲਿਆ ਹੋਇਆ ਹੈ।