ਚੰਡੀਗੜ੍ਹ: ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈਕਮਾਨ ਸਾਹਮਣੇ ਮੁੜ ਦਬਦਬਾ ਬਣਾ ਲਿਆ ਹੈ। ਇੱਥੋਂ ਤੱਕ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਵੀ ਇਸ ਗੱਲ ਉੱਪਰ ਮੋਹਰ ਲਾ ਦਿੱਤੀ ਹੈ। ਇਸ ਤੋਂ ਪਹਿਲਾਂ ਚਰਚਾ ਸੀ ਕਿ ਹਾਈਕਮਾਨ ਵੱਲੋਂ ਬਾਗੀ ਚੱਲ ਰਹੇ ਕਾਂਗਰਸੀ ਲੀਡਰ ਨਵਜੋਤ ਸਿੱਧੂ ਨੂੰ ਉਭਾਰਿਆ ਜਾ ਸਕਦਾ ਹੈ।
ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਸਭ ਤੋਂ ਪਹਿਲਾਂ ਮੁੱਖ ਮੰਤਰੀ ਦੇ ਚਿਹਰੇ ਵਜੋਂ ਕੈਪਟਨ ਨੂੰ ਪੇਸ਼ ਕੀਤਾ ਗਿਆ ਸੀ। ਇਸ ਮਗਰੋਂ ਪਾਰਟੀ ਅੰਦਰ ਵਿਵਾਦ ਛਿੜ ਗਿਆ ਸੀ। ਇਸ ਬਾਰੇ ਜਦੋਂ ਹਰੀਸ਼ ਰਾਵਤ ਨੂੰ ਸਵਾਲ ਕੀਤਾ ਤਾਂ ਉਨ੍ਹਾਂ ਸਪਸ਼ਟ ਜਵਾਬ ਦਿੱਤਾ ਕਿ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਕੈਪਟਨ ਅਮਰਿੰਦਰ ਸਿੰਘ ਹੀ ਹੋਣਗੇ।
ਰਾਵਤ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੰਡੀਗੜ੍ਹ ’ਚ ਮੁਲਾਕਾਤ ਕੀਤਾ। ਇਸ ਮਗਰੋਂ ਉਨ੍ਹਾਂ ਨੇ ਅੱਜ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ। ਚਰਚਾ ਹੈ ਕਿ ਰਾਵਤ ਤਾਜ਼ਾ ਹਾਲਾਤ ਮੁਤਾਬਕ ਸਿੱਧੂ ਤੇ ਕੈਪਟਨ ਵਿਚਾਲੇ ਤਾਲਮੇਲ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਉਨ੍ਹਾਂ ਪਹਿਲਾਂ ਮੰਗਲਵਾਰ ਨੂੰ ਕੈਪਟਨ ਨਾਲ ਮੀਟਿੰਗ ਕੀਤੀ ਤੇ ਅੱਜ ਨਵਜੋਤ ਸਿੱਧੂ ਨੂੰ ਮਿਲੇ। ਉਂਝ ਅਜੇ ਤੱਕ ਇਹ ਸਪਸ਼ਟ ਨਹੀਂ ਹੋਇਆ ਕਿ ਕਾਂਗਰਸ ਹਾਈਕਮਾਨ ਸਿੱਧੂ ਨੂੰ ਕਿੱਥੇ ਐਡਜਸਟ ਕਰਨ ਵਾਲੀ ਹੈ।
ਦਰਅਸਲ ਪਹਿਲਾਂ ਇਹ ਵੀ ਚਰਚਾ ਸੀ ਕਿ ਸਿੱਧੂ ਨੂੰ ਪਾਰਟੀ ਅੰਦਰ ਅਹਿਮ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਹੁਣ ਮੰਨਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਨੂੰ ਕੈਬਨਿਟ ਵਿੱਚ ਸੀਨੀਅਰ ਅਹੁਦਾ ਦਿੱਤਾ ਜਾ ਸਕਦਾ ਹੈ। ਬੇਸ਼ੱਕ ਪਹਿਲਾਂ ਨਵਜੋਤ ਸਿੱਧੂ ਵੀ ਆਪਣੇ ਸਟੈਂਡ 'ਤੇ ਡਟੇ ਹੋਏ ਸੀ ਪਰ ਹੁਣ ਉਹ ਵੀ ਨਰਮ ਪੈਂਦੇ ਨਜ਼ਰ ਆ ਰਹੇ ਹਨ।