ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਹੈ ਕਿ ‘ਭਾਰਤ ਮਾਲਾ ਪ੍ਰੋਜੈਕਟ’ ਅਧੀਨ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਦੇ ਨਿਰਮਾਣ ਲਈ ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਜ਼ਬਰਦਸਤੀ ਖੋਹਣ ’ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਜਿਹੜਾ ਕਿਸਾਨਾਂ ਦੀਆਂ ਜ਼ਮੀਨਾਂ ਉੱਤੇ ਧੱਕੇ ਨਾਲ ਕਬਜ਼ਾ ਕਰ ਲੈਣ ਦਾ ਤਾਨਾਸ਼ਾਹੀ ਫ਼ਰਮਾਨ ਜਾਰੀ ਕੀਤਾ ਹੈ; ਉਸ ਨੂੰ ਤੁਰੰਤ ਰੱਦ ਕੀਤਾ ਜਾਵੇ ਤੇ ਜ਼ਮੀਨ ਪ੍ਰਾਪਤੀ ਤੋਂ ਪਹਿਲਾਂ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ।

 

ਭਗਵੰਤ ਮਾਨ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਨੇ ਐਕਸਪ੍ਰੈੱਸਵੇਅ ਅਧੀਨ ਆਉਂਦੀ ਪੰਜਾਬ ਦੀ ਜ਼ਮੀਨ ਦੇ ਪੈਸੇ ਧੱਕੇਸ਼ਾਹੀ ਨਾਲ ਕਿਸਾਨਾਂ ਦੇ ਖਾਤੇ ਵਿੱਚ ਪਾਉਣ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਨੇ ਜ਼ਮੀਨ ਦੀ ਸਰਕਾਰੀ ਕੀਮਤ 60 ਦਿਨਾਂ ਅੰਦਰ ਨਾ ਲਈ ਤੇ ਜ਼ਮੀਨ ਦਾ ਕਬਜ਼ਾ ਨਾ ਦਿੱਤਾ, ਤਾਂ ਪੰਜਾਬ ਪੁਲਿਸ ਦੀ ਮਦਦ ਨਾਲ ਜ਼ਮੀਨ ਉੱਤੇ ਕਬਜ਼ਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੈਪਟਨ ਸਰਕਾਰ ਦੇ ਇਸ ਤਾਨਾਸ਼ਾਹੀ ਫ਼ਰਮਾਨ ਦੀ ਸਖ਼ਤ ਨਿਖੇਧੀ ਕਰਦੀ ਹੈ ਤੇ ਉਨ੍ਹਾਂ ਦੀ ਪਾਰਟੀ ਧੱਕੇਸ਼ਾਹੀ ਨਾਲ ਕਿਸੇ ਵੀ ਕਿਸਾਨ ਦੀ ਜ਼ਮੀਨ ਖੋਹਣ ਨਹੀਂ ਦੇਵੇਗੀ।

 

ਐਮਪੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਭਾਰਤ ਮਾਲਾ ਪ੍ਰੋਜੈਕਟ’ ਅਧੀਨ ਪੰਜਾਬ ’ਚ ਐਕਸਪ੍ਰੈੱਸਵੇਅ ਤੇ ਰਾਸ਼ਟਰੀ ਰਾਜ ਮਾਰਗਾਂ ਦੀ ਉਸਾਰੀ ਲਈ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਕੇਵਲ ਕੁਲੈਕਟਰ ਰੇਟ ਉੱਤੇ ਖ਼ਰੀਦਣਾ ਚਾਹੁੰਦੀ ਹੈ ਪਰ ਕਿਸਾਨ ਕੁਲੈਕਟਰ ਰੇਟ ਦਾ ਸਖ਼ਤ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਹ ਐਕਸਪ੍ਰੈੱਸਵੇਅ ਕੇਂਦਰ ਸਰਕਾਰ ਵੱਲੋਂ ਬਣਾਇਆ ਜਾਣਾ ਹੈ ਪਰ ਇਸ ਮਾਰਗ ਲਈ ਜ਼ਮੀਨ ਪੰਜਾਬ ਦੀ ਕੈਪਟਨ ਸਰਕਾਰ ਨੇ ਖ਼ਰੀਦ ਕੇ ਦੇਣੀ ਹੈ।

 

ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਇਸ ਵੇਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਖ਼ੁਸ਼ ਕਰਨ ਲਈ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੀਮਤ ਕੁਲੈਕਟਰ ਦਰਾਂ ਉੱਤੇ ਧੱਕੇ ਨਾਲ ਦੇ ਰਹੀ ਹੈ; ਜਦ ਕਿ ਕਿਸਾਨ ਆਪਣੀ ਜ਼ਮੀਨ ਦੀ ਕੀਮਤ ਆਮ ਬਾਜ਼ਾਰੀ ਕੀਮਤ ਉੱਤੇ ਤੈਅ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਤੋਂ ਬਿਨਾ ਜ਼ਮੀਨ ਦੀ ਕੀਮਤ ਤੈਅ ਕਰਨਾ ਪੰਜਾਬ ਦੇ ਕਿਸਾਨਾਂ ਨਾਲ ਵੱਡਾ ਧੋਖਾ ਹੈ।

 

ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹੈ। ਕਿਸਾਨਾਂ ਨੂੰ ਬਾਜ਼ਾਰੀ ਕੀਮਤ ਉੱਤੇ ਜ਼ਮੀਨ ਦੀ ਕੀਮਤ ਮਿਲਣੀ ਚਾਹੀਦੀ ਹੈ ਤੇ ਕਿਸਾਨਾਂ ਨੂੰ ਨਵੇਂ ਬਣ ਰਹੇ ਐਕਸਪ੍ਰੈੱਸਵੇਅ ਨਾਲ ਆਮ ਸੜਕਾਂ ਬਣਾ ਕੇ ਦਿੱਤੀਆਂ ਜਾਣ ਤੇ ਐਕਸਪ੍ਰੈੱਸਵੇਅ ਨਾਲ ਲੱਗਦੀ ਜ਼ਮੀਨ ਉੱਤੇ ਕੋਈ ਵੀ ਕਾਰੋਬਾਰ ਕਰਨ ਲਈ ਐੱਨਓਸੀ ਲੈਣ ਦੀ ਸ਼ਰਤ ਵੀ ਖ਼ਤਮ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਸੜਕਾਂ ਉੱਚੀਆਂ ਹੋ ਜਾਂਦੀਆਂ ਹਨ, ਤਾਂ ਖੇਤਾਂ ਵਿੱਚ ਪਾਣੀ ਖੜ੍ਹਨ ਨਾਲ ਫ਼ਸਲਾਂ ਦਾ ਬਹੁਤ ਨੁਕਸਾਨ ਹੁੰਦਾ ਹੈ; ਇਸ ਗੱਲ ਨੂੰ ਧਿਆਨ ’ਚ ਰੱਖਦਿਆਂ ਐਕਸਪ੍ਰੈੱਸਵੇਅ ’ਚੋਂ ਮੀਂਹ ਦੇ ਪਾਣੀ ਦੀ ਉਚਿਤ ਨਿਕਾਸੀ ਦਾ ਇੰਤਜ਼ਾਮ ਕੀਤਾ ਜਾਵੇ।