ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਮਹਾਮਾਰੀ ਕਰਕੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੂੰ ਆਪਣੇ ਪ੍ਰਸਤਾਵਿਤ ਧਰਨੇ ਪ੍ਰਤੀ ਅੱਗੇ ਨਾ ਵਧਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਧਰਨਾ ਵੱਡੀ ਪੱਧਰ 'ਤੇ ਕਰੋਨਾ ਫੈਲਣ ਦਾ ਕਾਰਨ ਬਣ ਸਕਦਾ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੀ ਹਾਲਤ ਦਿੱਲੀ, ਮਹਾਰਾਸ਼ਟਰ ਵਰਗੇ ਸੂਬਿਆਂ ਵਰਗੀ ਹੋਣ ਤੋਂ ਰੋਕਣ 'ਚ ਸਖ਼ਤ ਲੜਾਈ ਲੜੀ ਹੈ ਅਤੇ ਇੱਥੋਂ ਤੱਕ ਕਿ ਉੱਤਰ ਪ੍ਰਦੇਸ਼ ਜਿੱਥੇ ਗੰਗਾ ਨਦੀ 'ਚ ਤੈਰਦੀਆਂ ਲਾਸ਼ਾਂ ਨੇ ਭਾਜਪਾ ਦੀ ਸੱਤਾ ਵਾਲੇ ਸੂਬੇ ਦੀ ਇਸ ਮਹਾਮਾਰੀ ਨਾਲ ਨਜਿੱਠਣ 'ਚ ਦੁਰਪ੍ਰਬੰਧਾਂ ਦਾ ਪਰਦਾਫਾਸ਼ ਕਰਕੇ ਰੱਖ ਦਿੱਤਾ। 

 

ਉਨ੍ਹਾਂ ਕਿਹਾ ਕਿ ਪਟਿਆਲਾ 'ਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਤਿੰਨ ਦਿਨਾ ਪ੍ਰਸਤਾਵਿਤ ਧਰਨੇ ਵਰਗੀ ਕੋਈ ਵੀ ਗਤੀਵਿਧੀ ਸੂਬੇ 'ਚ ਕੋਵਿਡ ਨਾਲ ਨਜਿੱਠਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਹੁਣ ਤੱਕ ਕੀਤੀਆਂ ਕੋਸ਼ਿਸ਼ਾਂ 'ਤੇ ਪਾਣੀ ਫੇਰ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀ ਨੂੰ ਮਹਾਮਾਰੀ ਦੇ ਸਮੇਂ ਖਾਸ ਕਰਕੇ ਜਦੋਂ ਸੂਬੇ 'ਚ ਸਾਰੇ ਇਕੱਠਾਂ 'ਤੇ ਮੁਕੰਮਲ ਪਾਬੰਦੀ ਹੋਵੇ, ਤਾਂ ਇਸ ਦੌਰ 'ਚ ਅਜਿਹੇ ਲਾਪਰਵਾਹੀ ਵਾਲੇ ਰਵੱਈਏ ਨਾਲ ਗੈਰ-ਜ਼ਿੰਮੇਵਾਰੀ ਵਾਲਾ ਕੰਮ ਨਾ ਕਰਨ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਖ਼ਤਰੇ 'ਚ ਨਾ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਬੰਦੀ ਦੀ ਕੋਈ ਵੀ ਉਲੰਘਣਾ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਲਈ ਬਹੁਤ ਹੀ ਘਾਤਕ ਸਿੱਧ ਹੋਵੇਗੀ। 

 

ਕੈਪਟਨ ਨੇ ਕਿਹਾ ਕਿ ਅਜਿਹੇ ਧਰਨੇ 'ਚ ਮੁੱਖ ਤੌਰ 'ਤੇ ਪਿੰਡਾਂ ਦੇ ਲੋਕ ਸ਼ਾਮਲ ਹੋਣਗੇ ਜਦਕਿ ਪਿੰਡ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਕਿਸੇ ਨਾ ਕਿਸੇ ਹਾਲਤ 'ਚ ਸੰਕਟ ਵਿੱਚੋਂ ਗੁਜ਼ਰ ਰਹੇ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਉਨ੍ਹਾਂ ਦੀ ਸਰਕਾਰ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਦੀ ਮੁਖਾਲਫ਼ਤ ਕਰਦੇ ਹੋਏ ਸੂਬੇ ਦੀ ਵਿਧਾਨ ਸਭਾ ਵਿਚ ਸੋਧ ਕਾਨੂੰਨ ਪਾਸ ਕੀਤੇ ਸਨ। ਉਨ੍ਹਾਂ ਕਿਹਾ, “ਹੁਣ ਸਮਾਂ ਕਿਸਾਨਾਂ ਵੱਲੋਂ ਬਦਲੇ ਵਿਚ ਮਹਾਮਾਰੀ ਵਿਰੁੱਧ ਲੜਾਈ ਵਿਚ ਸੂਬਾ ਸਰਕਾਰ ਨਾਲ ਸਹਿਯੋਗ ਕਰਨ ਦਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਜਿਵੇਂ ਕਿਸਾਨਾਂ ਦੇ ਹਿੱਤ ਪੰਜਾਬ ਨਾਲ ਜੁੜੇ ਹੋਏ ਹਨ, ਉਸੇ ਤਰ੍ਹਾਂ ਪੰਜਾਬ ਦੇ ਹਿੱਤ ਵੀ ਕੋਵਿਡ ਖਿਲਾਫ਼ ਲੜਾਈ ਵਿਚ ਉਨ੍ਹਾਂ ਦੀ ਸਰਕਾਰ ਨੂੰ ਕਿਸਾਨ ਦੇ ਸਹਿਯੋਗ ਕਰਨ 'ਤੇ ਨਿਰਭਰ ਹਨ।