ਮੁਹਾਲੀ: ਅੱਜ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਲਈ ਵੱਡੇ-ਵੱਡੇ ਐਲਾਨ ਕੀਤੇ ਹਨ। ਕੈਪਟਨ ਨੇ ਕਿਹਾ ਹੈ ਕਿ ਸੂਬੇ ਦੀ ਅਰਥਵਿਵਸਥਾ ਨੂੰ ਮੁੜ ਵਿਕਾਸ ਦੀ ਲੀਹ 'ਤੇ ਲਿਆਉਣ ਤੱਕ ਉਹ ਅਰਾਮ ਨਹੀਂ ਕਰਨਗੇ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਖੇਤਰ ਵਿੱਚ ਇਕ ਲੱਖ ਨੌਕਰੀਆਂ ਸਣੇ ਕੁੱਲ ਛੇ ਲੱਖ ਨੌਜਵਾਨਾਂ ਨੂੰ ਆਉਂਦੇ ਦੋ ਸਾਲਾਂ ਵਿੱਚ ਨੌਕਰੀਆਂ ਦਿੱਤੀਆਂ ਜਾਣਗੀਆਂ।
ਆਪਣੇ ਆਜ਼ਾਦੀ ਦਿਹਾੜੇ ਦੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 50,000 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਵਿੱਤੀ ਸਾਲ 2021 ਅਤੇ ਹੋਰ 50,000 ਨੌਕਰੀਆਂ ਵਿੱਤੀ ਸਾਲ 2022 ਦੌਰਾਨ ਦਿੱਤੀਆਂ ਜਾਣਗੀਆਂ। ਉਦਯੋਗਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਪ੍ਰੋਤਸਾਹਨ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਹੁਣ ਤੱਕ 63000 ਕਰੋੜ ਰੁਪਏ ਦਾ ਨਿਵੇਸ਼ ਜ਼ਮੀਨੀ ਪੱਧਰ 'ਤੇ ਹੋ ਚੁੱਕਾ ਹੈ ਜਿਸ ਨਾਲ ਸੂਬੇ ਵਿੱਚ ਦੋ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੀ ਸਮਰੱਥਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਉਨ੍ਹਾਂ ਦੀ ਸਰਕਾਰ ਬੇਜ਼ਮੀਨੇ ਕਿਸਾਨਾਂ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਤਹਿਤ ਹੁਣ ਤੱਕ 5.62 ਲੱਖ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾ ਚੁੱਕਾ ਹੈ। ਕੈਪਟਨ ਮੁਤਾਬਕ ਸੂਬਾ ਸਰਕਾਰ ਜਲਦੀ ਹੀ ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਦੀ ਰੱਖਿਆ ਅਤੇ ਖੇਤੀਬਾੜੀ ਜ਼ਮੀਨ 'ਤੇ ਕਿਰਾਏਦਾਰਾਂ ਦੇ ਅਧਿਕਾਰਾਂ ਸਬੰਧੀ ਨਵਾਂ ਲੈਂਡ ਲੀਜਿੰਗ ਕਾਨੂੰਨ ਲੈ ਕੇ ਆ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਪੰਜਾਬੀਆਂ ਨੂੰ ਚੇਤਾਵਨੀ, ਕਿਸੇ ਵੀ ਘਟਨਾ ਨਾਲ ਨਜਿੱਠਣ ਲਈ ਰਹਿਣਾ ਪਏਗਾ ਤਿਆਰ
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਜਲਦ ਹੀ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਸ਼ੁਰੂ ਹੋ ਜਾਣ ਨਾਲ 1.41 ਕਰੋੜ ਲੋਕਾਂ ਨੂੰ ਫਾਇਦਾ ਮਿਲੇਗਾ ਜੋ ਵਾਜਬ ਕੀਮਤਾਂ ਦੀਆਂ ਦੁਕਾਨਾਂ ਤੋਂ ਰਾਸ਼ਨ ਲੈਣ ਦੇ ਯੋਗ ਹੋਣਗੇ। ਸੂਬੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਅੱਗੇ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਦੋ ਸਾਲਾਂ ਵਿੱਚ 12000 ਕਰੋੜ ਰੁਪਏ ਦੀ ਲਾਗਤ ਨਾਲ 1300 ਕਿਲੋਮੀਟਰ ਦੀਆਂ ਸੂਬਾਈ ਤੇ ਕੌਮੀ ਸੜਕਾਂ ਬਣਾਈਆਂ ਜਾਣਗੀਆਂ। ਇਸ ਦੇ ਨਾਲ ਹੀ ਪਿਛਲੇ ਤਿੰਨ ਸਾਲਾਂ ਵਿੱਚ 3278 ਕਰੋੜ ਰੁਪਏ ਦੀ ਲਾਗਤ ਨਾਲ 28830 ਕਿਲੋਮੀਟਰ ਪੇਂਡੂ ਸੜਕਾਂ ਦਾ ਪਹਿਲਾਂ ਹੀ ਮੁਰੰਮਤ ਹੋ ਚੁੱਕੀ ਹੈ। ਅਗਲੇ ਦੋ ਸਾਲਾਂ ਵਿੱਚ 834 ਕਰੋੜ ਰੁਪਏ ਦੇ ਨਿਵੇਸ਼ ਨਾਲ 6162 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਹੋਵੇਗੀ।
ਇਸ ਤੋਂ ਇਲਾਵਾ 82 ਕਰੋੜ ਰੁਪਏ ਦੀ ਲਾਗਤ ਨਾਲ ਹੋਰ 17000 ਕਿਲੋਮੀਟਰ ਲਿੰਕ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਸੂਬੇ ਭਰ ਵਿੱਚ 750 ਪੇਂਡੂ ਖੇਡ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਅਗਲੇ ਦੋ ਸਾਲਾਂ ਲਈ 2500 ਕਰੋੜ ਰੁਪਏ ਦੇ ਨਿਵੇਸ਼ ਵਾਲੀ ਸਮਾਰਟ ਪੇਂਡੂ ਮੁਹਿੰਮ ਦੇ ਦੂਜੇ ਪੜਾਅ ਦਾ ਐਲਾਨ ਕੀਤਾ। ਇਸ ਯੋਜਨਾ ਦੇ ਪਹਿਲੇ ਪੜਾਅ ਵਿੱਚ 835 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਵਿੱਚ 19132 ਕੰਮ ਮੁਕੰਮਲ ਹੋ ਚੁੱਕੇ ਹਨ। ਸਾਰੀ ਪੇਂਡੂ ਵਸੋਂ ਨੂੰ ਅਗਲੇ ਦੋ ਸਾਲਾਂ ਅੰਦਰ ਪੀਣਯੋਗ ਪਾਣੀ ਮਿਲੇਗਾ ਜਿਸ ਉਪਰ 1200 ਕਰੋੜ ਰੁਪਏ ਖਰਚੇ ਜਾਣਗੇ।
ਆਜ਼ਾਦੀ ਦਿਹਾੜੇ ਮੌਕੇ ਕੈਪਟਨ ਵੱਲੋਂ ਪੰਜਾਬ ਲਈ ਦੋ ਵੱਡੇ ਪ੍ਰੋਜੈਕਟਾਂ ਦਾ ਐਲਾਨ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਉਤੇ 1046 ਕਰੋੜ ਰੁਪਏ ਖਰਚੇ ਜਾਣਗੇ ਜਦੋਂ ਕਿ ਸੂਬੇ ਦੇ ਸਾਰੇ ਪੇਂਡੂ ਤੇ ਸ਼ਹਿਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਿਹਤ ਬੀਮਾ ਮੁਹੱਈਆ ਕਰਵਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਇਆ ਜਾਵੇਗਾ। ਔਰਤਾਂ ਦੇ ਸਮਾਜਿਕ ਤੇ ਆਰਥਿਕ ਸ਼ਸਕਤੀਕਰਨ ਦੇ ਟੀਚੇ ਨਾਲ ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤੇ ਮਾਤਾ ਕਸਤੂਰਬਾ ਮਹਿਲਾ ਯੋਜਨਾ 'ਤੇ ਕੰਮ ਚੱਲ ਰਿਹਾ ਹੈ ਜੋ ਕਿ ਜਲਦ ਹੀ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਿਵਿਆਂਗ ਲੋਕਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤੀ ਪ੍ਰਦਾਨ ਕਰਨ ਲਈ ਜਲਦ ਹੀ ਸਕੀਮ ਨੂੰ ਅੰਤਿਮ ਰੂਪ ਦੇ ਰਹੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਆਜ਼ਾਦੀ ਦਿਹਾੜੇ 'ਤੇ ਕੈਪਟਨ ਦੇ ਵੱਡੇ ਐਲਾਨ, 6 ਲੱਖ ਨੌਕਰੀਆਂ ਤੇ 520 ਕਰੋੜ ਰੁਪਏ ਦਾ ਕਰਜ਼ਾ ਹੋਵੇਗਾ ਮੁਆਫ
ਏਬੀਪੀ ਸਾਂਝਾ
Updated at:
15 Aug 2020 01:55 PM (IST)
ਅੱਜ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਲਈ ਵੱਡੇ-ਵੱਡੇ ਐਲਾਨ ਕੀਤੇ ਹਨ। ਕੈਪਟਨ ਨੇ ਕਿਹਾ ਹੈ ਕਿ ਸੂਬੇ ਦੀ ਅਰਥਵਿਵਸਥਾ ਨੂੰ ਮੁੜ ਵਿਕਾਸ ਦੀ ਲੀਹ 'ਤੇ ਲਿਆਉਣ ਤੱਕ ਉਹ ਅਰਾਮ ਨਹੀਂ ਕਰਨਗੇ।
- - - - - - - - - Advertisement - - - - - - - - -