ਚੰਡੀਗੜ੍ਹ: ਕੈਪਟਨ ਸਰਕਾਰ ਬੇਅਦਬੀ ਤੇ ਗੋਲੀ ਕਾਂਡ 'ਤੇ ਬੁਰੀ ਤਰ੍ਹਾਂ ਘਿਰ ਗਈ ਹੈ। ਸਿਆਸੀ ਪਾਰਟੀਆਂ ਦੇ ਹਮਲਿਆਂ ਦੇ ਨਾਲ ਹੀ ਹੁਣ ਪੰਥਕ ਧਿਰਾਂ ਨੇ ਸੰਘਰਸ਼ ਦਾ ਐਲਾਨ ਕੀਤਾ ਹੈ। ਕੋਟਕਪੂਰਾ ਗੋਲੀ ਕਾਂਡ ਬਾਰੇ ਹਾਈ ਕੋਰਟ ਦੇ ਤਾਜ਼ਾ ਫ਼ੈਸਲੇ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਨੇ ਅਦਾਲਤ ਦੇ ਫ਼ੈਸਲੇ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ ਹੈ।

 

ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਜਦੋਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਨਵੀਂ ਵਿਸ਼ੇਸ਼ ਜਾਂਚ ਟੀਮ ਬਣਾਉਣ ਦਾ ਫੈਸਲਾ ਹੋ ਗਿਆ ਹੈ ਤਾਂ ਕੁਝ ਪੰਥਕ ਧਿਰਾਂ ਵੱਲੋਂ ਇਸ ਮਾਮਲੇ ’ਤੇ ਮੁੜ ਧਰਨਾ ਲਾਏ ਜਾਣ ਦੀ ਕੋਈ ਤੁੱਕ ਨਹੀਂ ਬਣਦੀ। ਮੁੱਖ ਮੰਤਰੀ ਨੇ ਕਿਹਾ ਕਿ ‘ਸਿਟ’ ਖਾਰਜ ਕਰਨ ਵਾਲਾ ਫੈਸਲਾ ਸਿਰਫ ਕੋਟਕਪੂਰਾ ਗੋਲੀ ਕਾਂਡ ਨਾਲ ਸਬੰਧ ਰੱਖਦਾ ਹੈ ਜਦੋਂਕਿ ਬੇਅਦਬੀ ਮਾਮਲੇ ਦੇ ਕੁਝ ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਤੇ ਇਸ ਸਬੰਧੀ ਅਦਾਲਤ ਵਿਚ ਚਲਾਨ ਵੀ ਪੇਸ਼ ਕੀਤੇ ਗਏ ਹਨ।

 

ਦਰਅਸਲ ਮੰਗਲਵਾਰ ਨੂੰ ਗੁਰਦੁਆਰਾ ਅੰਬ ਸਾਹਿਬ ਵਿਖੇ ਪੰਥਕ ਅਕਾਲੀ ਲਹਿਰ, ਸੰਤ ਸਮਾਜ, ਨੌਜਵਾਨ ਪ੍ਰਚਾਰਕਾਂ, ਬੁੱਧੀਜੀਵੀਆਂ, ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਤੇ ਸਿੱਖ ਜਥੇਬੰਦੀਆਂ ਦੀ ਮੀਟਿੰਗ ਵਿੱਚ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਭਾਈ ਰਣਜੀਤ ਸਿੰਘ, ਹਰਦੀਪ ਸਿੰਘ ਡਿਬਡਿਬਾ, ਹਰਦੀਪ ਸਿੰਘ ਮਹਿਰਾਜ, ਪਰਮਿੰਦਰ ਸਿੰਘ ਢੀਂਡਸਾ, ਭਾਈ ਹਰਜਿੰਦਰ ਸਿੰਘ ਮਾਝੀ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਹਾਜ਼ਰ ਸਨ। ਉਨ੍ਹਾਂ ਸਿੱਖ ਸੰਗਤ ਤੇ ਲੋਕਾਂ ਨੂੰ ਵਿਸ਼ਵ ਪੱਧਰ ਉੱਤੇ ਅਦਾਲਤੀ ਫ਼ੈਸਲੇ ਦੀਆਂ ਕਾਪੀਆਂ ਸਾੜਨ ਦੀ ਅਪੀਲ ਕੀਤੀ।

 

ਭਾਈ ਰਣਜੀਤ ਸਿੰਘ ਨੇ ਦੁਨੀਆ ਭਰ ਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ 30 ਅਪਰੈਲ ਨੂੰ ਅਦਾਲਤ ਦੇ ਫ਼ੈਸਲੇ ਦੀਆਂ ਕਾਪੀਆਂ ਸਾੜ ਕੇ ਆਪਣਾ ਰੋਸ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਉਹ ਖ਼ੁਦ ਕੋਟਕਪੂਰਾ ਚੌਕ ਵਿੱਚ ਅਦਾਲਤ ਦੇ ਫ਼ੈਸਲੇ ਦੀਆਂ ਕਾਪੀਆਂ ਸਾੜ ਕੇ ਮੁੜ ਸੰਘਰਸ਼ ਦਾ ਮੁੱਢ ਬੰਨ੍ਹਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਨਿਆਂ ਪ੍ਰਣਾਲੀ ਤੇ ਹੁਕਮਰਾਨਾਂ ਨੂੰ ਇਹ ਸੰਦੇਸ਼ ਭੇਜਣ ਲਈ ਕਿ ਸਿੱਖ ਇਸ ਬੇਇਨਸਾਫ਼ੀ ਤੋਂ ਬੇਹੱਦ ਪ੍ਰੇਸ਼ਾਨ ਤੇ ਖ਼ਫ਼ਾ ਹਨ, ਇਸ ਗਤੀਵਿਧੀ ਦੀ ਰਿਪੋਰਟ ਸੋਸ਼ਲ ਮੀਡੀਆ ਉੱਤੇ ਅਪਲੋਡ ਕੀਤੀ ਜਾਵੇ।

 

ਵਿਧਾਇਕ ਖਹਿਰਾ ਨੇ ਕਿਹਾ ਕਿ ਇਹ ਵਿਰੋਧ ਅੰਦੋਲਨਕਾਰੀ ਕਿਸਾਨਾਂ ਦੀ ਤਰਜ਼ ’ਤੇ ਹੈ, ਜੋ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਰਹੇ ਹਨ। ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਵਿੱਚ ਨਿਆਂ ਤੋਂ ਇਨਕਾਰੀ ਹੋਣਾ, ਪੰਜਾਬ ਨੂੰ 80ਵੇਂ ਦਹਾਕੇ ਵਿੱਚ ਵਾਪਸ ਲੈ ਜਾਵੇਗਾ, ਜਦੋਂ ਪੰਜਾਬ ਦੇ ਲੋਕ ਆਪਣੇ ਹੱਥੀਂ ਇਨਸਾਫ਼ ਕਰਨ ਲਈ ਮਜਬੂਰ ਹੋ ਗਏ ਸਨ। ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਜ਼ੁਬਾਨੀ ਸੇਵਾ ਕਰ ਰਹੇ ਹਨ ਪਰ ਪੀੜਤ ਪਰਿਵਾਰਾਂ ਤੇ ਕੌਮ ਨੂੰ ਇਨਸਾਫ਼ ਦਿਵਾਉਣ ਵਿੱਚ ਕੋਈ ਦਿਲਚਸਪੀ ਨਹੀਂ ਲੈ ਰਹੇ।