ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਰਧਾਂਜਲੀ ਦਿੰਦਿਆਂ ਵਰਚੁਅਲ ਤੌਰ 'ਤੇ ਅੰਮ੍ਰਿਤਸਰ ਵਿਖੇ ਜਲ੍ਹਿਆਂਵਾਲਾ ਬਾਗ਼ ਸ਼ਤਾਬਦੀ ਯਾਦਗਾਰੀ ਪਾਰਕ ਦਾ ਨੀਂਹ ਪੱਥਰ ਰੱਖਿਆ। ਕੈਪਟਨ ਨੇ ਕਿਹਾ ਕਿ ਹਰੇਕ ਪੰਜਾਬੀ ਨੂੰ ਇਸ ਲਾਸਾਨੀ ਦੁਖਾਂਤ ਨੂੰ ਯਾਦ ਕਰਨ ਦਾ ਹੱਕ ਹੈ ਜਿਸ ਨੇ ਆਜ਼ਾਦੀ ਦੇ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਇਆ। ਸ਼ਤਾਬਦੀ ਸਮਾਰੋਹ ਦੇ ਜਸ਼ਨਾਂ ਨੂੰ ਇਕ ਖੁਸ਼ੀ ਭਰਿਆ ਮੌਕਾ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਜਲ੍ਹਿਆਂਵਾਲਾ ਬਾਗ਼ ਵਿਖੇ ਕਰਵਾਏ ਜਾਣ ਵਾਲੇ ਇਤਿਹਾਸਕ ਸਮਾਗਮ ਦੇ ਰਾਸ਼ਟਰੀ ਪੱਧਰ ਦੇ ਜਸ਼ਨਾਂ 'ਚ ਵੀ ਹਿੱਸਾ ਲੈਣਗੇ।
ਇਸ ਮੌਕੇ ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ) ਵਿਖੇ ਜਲ੍ਹਿਆਂਵਾਲਾ ਬਾਗ਼ ਚੇਅਰ ਸਥਾਪਤ ਕਰਨ ਅਤੇ ਦੁਨੀਆਂ ਦੇ ਸਭ ਤੋਂ ਵੱਡੇ ਮਨੁੱਖਤਾਵਾਦੀ ਦੁਖਾਂਤ ਵਿੱਚੋਂ ਇੱਕ ਇਸ ਦੁਖਦਾਇਕ ਘਟਨਾ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੀ ਯਾਦ ਨੂੰ ਸਮਰਪਿਤ ਇਕ ਸਾਹਿਤਕ ਸਮਾਰੋਹ ਦਾ ਐਲਾਨ ਕੀਤਾ। ਉਨ੍ਹਾਂ ਕਤਲੇਆਮ ਸਬੰਧੀ ਰੁਖਸ਼ੰਦਾ ਜਲੀਲ ਦੀ ਕਵਿਤਾ ਦੀਆਂ ਸਤਰਾਂ ਵੀ ਪੜ੍ਹੀਆਂ, “ਅਸਮਾਨ ਇੱਥੇ ਹਰ ਰੋਜ਼ ਰੋਣ ਲਈ ਆਉਂਦਾ ਹੈ, ਤੀਰ ਹਾਲੇ ਵੀ ਪੰਜਾਬ ਦੇ ਸੀਨੇ ਨੂੰ ਵਿੰਨ੍ਹਦੇ ਹਨ।” ਮੁੱਖ ਮੰਤਰੀ ਨੇ ਦੱਸਿਆਂ ਕਿ ਇਸ ਕਤਲੇਆਮ ਵਿੱਚ ਹੋਈਆਂ ਮੌਤਾਂ ਦੀ ਸਹੀ ਗਿਣਤੀ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ।
ਉਨ੍ਹਾਂ ਨੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪੂਰੇ ਅੰਕੜਿਆਂ ਦੀ ਘੋਖ ਕੀਤੀ ਜਾਵੇ ਤਾਂ ਜੋ ਸਹੀ ਗਿਣਤੀ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਦੇ ਪਿੰਡਾਂ 'ਚ ਛੋਟੀਆਂ ਯਾਦਗਾਰਾਂ ਸਥਾਪਤ ਕੀਤੀਆਂ ਜਾਣ। ਜਨਰਲ ਡਾਇਰ ਵਲੋਂ ਉਥੇ ਇਕੱਠੇ ਹੋਏ 5000 ਲੋਕਾਂ ਵਿੱਚੋਂ 200-300 ਮੌਤਾਂ ਦੇ ਅੰਕੜਿਆਂ ਸਬੰਧੀ ਦਿੱਤੇ ਹਵਾਲਾ ਬਾਰੇ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗਾਂਧੀ ਜੀ ਨੇ 1500 ਮੌਤਾਂ ਦਾ ਹਵਾਲਾ ਦਿੱਤਾ ਸੀ, ਜਿਨ੍ਹਾਂ ਵਿੱਚੋਂ ਸਿਰਫ 492 ਸ਼ਹੀਦਾਂ ਦੇ ਨਾਮ ਮੌਜੂਦ ਹਨ।
ਉਨ੍ਹਾਂ ਕਾਲਾ ਪਾਣੀ ਵਿਖੇ ਸੈਲੂਲਰ ਜੇਲ੍ਹ ਦੇ ਆਪਣੇ ਦੌਰੇ ਨੂੰ ਯਾਦ ਕੀਤਾ ਜਿੱਥੇ ਬਹੁਤ ਸਾਰੇ ਪੰਜਾਬੀਆਂ ਦੇ ਨਾਂ ਸਨ ਜਿਨ੍ਹਾਂ ਬਾਰੇ ਕਿਸੇ ਨੂੰ ਨਹੀਂ ਪਤਾ। ਉਨ੍ਹਾਂ ਨੇ ਸ੍ਰੀ ਚੰਨੀ ਨੂੰ ਇਨ੍ਹਾਂ ਸ਼ਹੀਦਾਂ ਦੀ ਸੰਪੂਰਨ ਜਾਣਕਾਰੀ ਹਾਸਲ ਕਰਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਇਨ੍ਹਾਂ ਸ਼ਹੀਦਾਂ ਲਈ ਯਾਦਗਾਰਾਂ ਦਾ ਨਿਰਮਾਣ ਕੀਤਾ ਜਾਵੇਗਾ।