ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਆਪਣੇ ਪ੍ਰਮੁੱਖ ਪ੍ਰੋਗਰਾਮ ‘ਬਸੇਰਾ’ ਦੇ ਕੰਮਾਂ 'ਚ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ। ਇਸ ਤਹਿਤ ਸਤੰਬਰ, 2021 ਤੱਕ ਝੁੱਗੀ ਝੌਪੜੀ ਵਾਲੇ 1000 ਘਰਾਂ ਨੂੰ ਮਾਲਕੀ ਹੱਕ ਦੇਣ ਦਾ ਟੀਚਾ ਪੂਰਾ ਕੀਤਾ ਜਾ ਸਕੇਗਾ। ਵਚਰੁਅਲ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੰਮਕਾਜ ਦਾ ਜਾਇਜਾ ਲੈਂਦਿਆਂ ਕੈਪਟਨ ਨੇ ਅਧਿਕਾਰੀਆਂ ਨੂੰ ਸੂਬਾਈ ਅਤੇ ਕੇਂਦਰੀ ਸਕੀਮਾਂ ਦੇ ਤਹਿਤ ਸਾਰੇ ਵੱਡੇ ਪ੍ਰਾਜੈਕਟਾਂ 'ਚ ਤੇਜੀ ਲਿਆਉਣ ਲਈ ਕਿਹਾ।


 


ਕੈਪਟਨ ਅਮਰਿੰਦਰ ਨੇ ਵਿਭਾਗ ਨੂੰ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਪ੍ਰਵਾਨਿਤ ਕੀਤੇ ਸਾਰੇ 97598 ਘਰਾਂ ਨੂੰ ਮੁਕੰਮਲ ਕਰਨਾ ਯਕੀਨੀ ਬਣਾਉਣ ਲਈ ਕਿਹਾ ਹੈ। ਅਮਰੁਤ, ਸਮਾਰਟ ਸਿਟੀ ਅਤੇ ਕੁਝ ਹੋਰ ਸਕੀਮਾਂ ਤਹਿਤ ਅਣਵਰਤੇ ਫੰਡਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਸਬੰਧਤ ਪ੍ਰਾਜੈਕਟ ਛੇਤੀ ਪੂਰਾ ਕਰਨ ਦੀ ਲੋੜ 'ਤੇ ਜੋਰ ਦਿੱਤਾ ਜਦਕਿ ਨਵੇਂ ਪ੍ਰਵਾਨਿਤ ਕਾਰਜ ਤਰਜੀਹ ਦੇ ਆਧਾਰ 'ਤੇ ਸ਼ੁਰੂ ਕਰਨ ਲਈ ਫੌਰੀ ਕਦਮ ਚੁੱਕਣ ਦੀ ਲੋੜ ਬਾਰੇ ਦੱਸਿਆ।


 


ਬੁੱਢਾ ਨਾਲਾ ਸਕੀਮ ਨੂੰ ਸੂਬੇ ਲਈ ਮੁੱਖ ਪ੍ਰਾਜੈਕਟ ਦੱਸਦਿਆਂ ਮੁੱਖ ਮੰਤਰੀ ਨੇ ਇਸ ਨੂੰ ਸਮੇਂ ਸਿਰ ਪੂਰਾ ਕਰਨ ਦੇ ਆਦੇਸ਼ ਦਿੱਤੇ। ਮੁੱਖ ਮੰਤਰੀ ਨੇ ਸਵੱਛ ਭਾਰਤ ਮਿਸ਼ਨ ਦੇ ਤਹਿਤ ਸਾਫ-ਸਫਾਈ ਅਤੇ ਡੋਰ-ਟੂ-ਡੋਰ ਕੁਲੈਕਸ਼ਨ ਦੇ ਰੂਪ 'ਚ ਪੰਜਾਬ ਨੂੰ ਸਿਖਰਲੇ ਸੂਬਿਆਂ ਵਿਚ ਸ਼ੁਮਾਰ ਕਰਨ ਦੀ ਮਹੱਤਤਾ ਨੂੰ ਦਰਸਾਉਂਦਿਆਂ ਵਿਭਾਗ ਨੂੰ ਨਹਿਰੀ ਪਾਣੀ ਉਤੇ ਅਧਾਰਿਤ ਪ੍ਰਾਜੈਕਟਾਂ ਵਿਚ ਵੀ ਤੇਜੀ ਲਿਆਉਣ ਦੇ ਹੁਕਮ ਦਿੱਤੇ।


 


ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਮਿਉਂਸਪਲ ਪ੍ਰਾਪਰਟੀਜ਼ ਐਕਟ ਦੇ ਪ੍ਰਬੰਧਨ ਅਤੇ ਤਬਦੀਲੀ ਦੇ ਅਮਲ ਲਈ ਵਿਭਾਗ ਨੂੰ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਲੰਬੇ ਸਮੇਂ ਤੋਂ ਚੱਲੀ ਆ ਰਹੀ ਰਾਜਸੀ ਮੰਗ ਰਹੀ ਹੈ ਜਿਸ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ।