ਮੋਦੀ ਸਰਕਾਰ ਦੀ ਸਾਜਿਸ਼ 'ਚ ਕੈਪਟਨ ਦਾ ਸਹਿਯੋਗ! 'ਆਪ' ਦਾ ਇਲਜ਼ਾਮ, ਮੋਦੀ-ਸ਼ਾਹ ਨਾਲ ਕੀਤਾ ਕਿਸਾਨਾਂ ਦਾ ਸਮਝੌਤਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵਿਰੋਧੀ ਧਿਰਾਂ ਪਹਿਲਾਂ ਹੀ ਮੋਦੀ ਸਰਕਾਰ ਨਾਲ ਮਿਲੀ ਭੁਗਤ ਦੇ ਇਲਜ਼ਾਮ ਲਾ ਰਹੀਆਂ ਹਨ। ਇੱਥੋਂ ਤੱਕ ਕਿ ਕਿਹਾ ਜਾ ਰਿਹਾ ਹੈ ਕਿ ਕੈਪਟਨ ਆਪਣੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ ਵਾਲੇ ਕੇਸ ਤੋਂ ਬਚਾਉਣ ਲਈ ਮੋਦੀ ਸਰਕਾਰ ਖ਼ਿਲਾਫ਼ ਕੁਝ ਵੀ ਬੋਲਣ ਤੋਂ ਪ੍ਰਹੇਜ਼ ਕਰ ਰਹੇ ਹਨ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵਿਰੋਧੀ ਧਿਰਾਂ ਪਹਿਲਾਂ ਹੀ ਮੋਦੀ ਸਰਕਾਰ ਨਾਲ ਮਿਲੀ ਭੁਗਤ ਦੇ ਇਲਜ਼ਾਮ ਲਾ ਰਹੀਆਂ ਹਨ। ਇੱਥੋਂ ਤੱਕ ਕਿ ਕਿਹਾ ਜਾ ਰਿਹਾ ਹੈ ਕਿ ਕੈਪਟਨ ਆਪਣੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ ਵਾਲੇ ਕੇਸ ਤੋਂ ਬਚਾਉਣ ਲਈ ਮੋਦੀ ਸਰਕਾਰ ਖ਼ਿਲਾਫ਼ ਕੁਝ ਵੀ ਬੋਲਣ ਤੋਂ ਪ੍ਰਹੇਜ਼ ਕਰ ਰਹੇ ਹਨ। ਹੁਣ ਫਿਰ ਕੈਪਟਨ ਵੱਲੋਂ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਲੈ ਕੇ ਦਿੱਤੇ ਬਿਆਨ 'ਤੇ ਆਮ ਆਦਮੀ ਪਾਰਟੀ ਨੇ ਮਿਲੀਭੁਗਤ ਦੇ ਇਲਜ਼ਾਮ ਲਾਏ ਹਨ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬਿਆਨ ਕੈਪਟਨ ਦਾ ਕਿਸਾਨਾਂ ਦੇ ਪ੍ਰਤੀ ਦੋਗਲੇ ਚਰਿੱਤਰ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਦੇ ਬਿਆਨ ਤੋਂ ਸਾਬਤ ਹੋਇਆ ਕਿ ਕੈਪਟਨ ਮੋਦੀ ਸਰਕਾਰ ਨਾਲ ਮਿਲੀਭੁਗਤ ਦੇ ਤਹਿਤ ਕਿਸਾਨ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਟਾਲਣ ਦੀ ਨੀਅਤ ਨਾਲ ਖੇਤੀ ਕਾਨੂੰਨ ਨੂੰ ਦੋ ਸਾਲ ਲਈ ਲਾਗੂ ਹੋਣ ਤੋਂ ਰੋਕਣ ਦਾ ਪ੍ਰਸਤਾਵ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਨੀਅਤ ਕਦੇ ਵੀ ਕਿਸਾਨਾਂ ਦੇ ਪ੍ਰਤੀ ਚੰਗੀ ਨਹੀਂ ਰਹੀ ਹੈ। ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਦੀ ਸਾਜਿਸ਼ 'ਚ ਸਹਿਯੋਗ ਕਰਕੇ ਕੈਪਟਨ ਨੇ ਇਕ ਵਾਰ ਫਿਰ ਸਾਬਤ ਕੀਤਾ ਕਿ ਉਨ੍ਹਾਂ ਮੋਦੀ-ਸ਼ਾਹ ਨਾਲ ਪੰਜਾਬ ਦੇ ਕਿਸਾਨਾਂ ਦਾ ਸਮਝੌਤਾ ਕੀਤਾ ਹੈ। ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਇਹ ਕਹਿੰਦੀ ਆ ਰਹੀ ਹੈ ਕਿ ਕੈਪਟਨ ਮੋਦੀ ਸਰਕਾਰ ਨਾਲ ਮਿਲਕੇ ਕਿਸਾਨ ਅੰਦੋਲਨ ਨੂੰ ਕਮਜੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅੱਜ ਇਹ ਗੱਲ ਸੱਚ ਸਾਬਤ ਹੋਈ।
ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਪੰਜਾਬ ਦੇ ਲੋਕਾਂ ਨਾਲ ਗਦਾਰੀ ਕੀਤੀ। ਪਹਿਲਾਂ ਉਨ੍ਹਾਂ ਪੰਜਾਬ ਵਿਧਾਨ ਸਭਾ ਵਿੱਚ ਪ੍ਰਸਤਾਵ ਪਾਸ ਕਰ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ, ਫਿਰ ਉਨ੍ਹਾਂ ਆਪਣੇ ਸੰਸਦ ਮੈਂਬਰਾਂ ਤੇ ਕਾਂਗਰਸ ਆਗੂਆਂ ਨੂੰ ਜੰਤਰ ਮੰਤਰ 'ਤੇ ਧਰਨੇ ਲਈ ਬੈਠਾ ਕੇ ਕਿਸਾਨ ਅੰਦੋਲਨ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਨੇ ਵਾਰ-ਵਾਰ ਕਿਸਾਨ ਅੰਦੋਲਨ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ।