ਚੰਡੀਗੜ੍ਹ: ਆਪਣੇ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦਾ ਵਿਰੋਧੀ ਧਿਰਾਂ ਤੇ ਪਾਰਟੀ ਅੰਦਰੋਂ ਵਿਰੋਧ ਹੋਣ ਦੇ ਬਾਵਜੂਦ ਕੈਪਟਨ ਟੱਸ ਤੋਂ ਮੱਸ ਹੋਣ ਲਈ ਤਿਆਰ ਨਹੀਂ ਹਨ। ਉਨ੍ਹਾਂ ਨੇ ਸਪਸ਼ਟ ਕੀਤਾ ਹੈ ਕਿ ਨੌਕਰੀਆਂ ਦੇਣ ਦਾ ਫੈਸਲਾ ਕਿਸੇ ਵੀ ਕੀਮਤ 'ਤੇ ਰੱਦ ਨਹੀਂ ਕੀਤਾ ਜਾਵੇਗਾ। ਕੈਪਟਨ ਨੇ ਵਿਰੋਧੀ ਧਿਰਾਂ ਤੇ ਪਾਰਟੀ ਅੰਦਰੋਂ ਉੱਠੇ ਵਿਰੋਧ ਮਗਰੋਂ ਸਖਤ ਸਟੈਂਡ ਲੈਂਦਿਆਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੀ ਕੁਰਬਾਨੀ ਦਾ ਮੁੱਲ ਪਾਇਆ ਗਿਆ ਹੈ। ਪੰਜਾਬ ਕੈਬਨਿਟ ਨੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਤੇ ਵਿਧਾਇਕ ਰਾਕੇਸ਼ ਪਾਂਡੇ ਦੇ ਲੜਕੇ ਨੂੰ ਤਰਸ ਦੇ ਅਧਾਰ ’ਤੇ ਕ੍ਰਮਵਾਰ ਪੁਲਿਸ ਇੰਸਪੈਕਟਰ ਤੇ ਨਾਇਬ ਤਹਿਸੀਲਦਾਰ ਦੀ ਨੌਕਰੀ ਦੇਣ ਦਾ ਫੈਸਲਾ ਲਿਆ ਸੀ।

ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਦੋਵੇਂ ਵਿਰੋਧੀ ਪਾਰਟੀਆਂ ਵਿੱਚ ਵੀ ਅਜਿਹੇ ਵਿਅਕਤੀ ਲੱਭਣ ਦੀ ਕੋਸ਼ਿਸ਼ ਕੀਤੀ ਗਈ ਸੀ ਜਿਨ੍ਹਾਂ ਦੇ ਪਿਓ ਜਾਂ ਦਾਦੇ ਨੇ ਮੁਲਕ ਲਈ ਕੁਰਬਾਨੀ ਕੀਤੀ ਹੋਵੇ ਪਰ ਦੋਹਾਂ ਪਾਰਟੀਆਂ ’ਚ ਅਜਿਹਾ ਕੋਈ ਨਹੀਂ ਮਿਲਿਆ। ਕੈਪਟਨ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਕੁਰਬਾਨੀਆਂ ਦੇਣ ਵਾਲੇ ਪਰਿਵਾਰ ਵਿੱਚੋਂ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਨੌਕਰੀ ਦਿੱਤੀ ਜਾਵੇਗੀ।

 ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਲੇ ਦੌਰ ਦੌਰਾਨ 35,000 ਬੇਕਸੂਰ ਲੋਕਾਂ ਦੀ ਜਾਨ ਗਈ ਸੀ ਤੇ ਪੁਲਿਸ ਦੇ ਕਰੀਬ 1700 ਜਵਾਨ ਸ਼ਹੀਦ ਹੋਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਅਮਨ, ਸ਼ਾਂਤੀ ਤੇ ਸਦਭਾਵਨਾ ਲਈ ਆਪਣਾ ਯੋਗਦਾਨ ਪਾਉਣ ਵਾਲਿਆਂ ਨੂੰ ਮਾਨਤਾ ਦੇਣੀ ਜਾਰੀ ਰੱਖੇਗੀ।

ਦੱਸ ਦਈਏ ਕਿ ਆਪਣੇ ਵਿਧਾਇਕਾਂ ਦੇ ਫਰਜ਼ੰਦਾਂ ਨੂੰ ਅਫਸਰ ਬਣਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਸੂਤੇ ਘਿਰ ਗਏ ਹਨ। ਵਿਰੋਧੀ ਧਿਰਾਂ ਦੇ ਨਾਲ-ਨਾਲ ਪਾਰਟੀ ਅੰਦਰੋਂ ਵੀ ਵਿਰੋਧ ਹੋਣ ਲੱਗਾ ਹੈ। ਸੋਸ਼ਲ ਮੀਡੀਆ ਉੱਪਰ ਵੀ ਕੈਪਟਨ ਸਰਕਾਰ ਦੀ ਕਾਫੀ ਅਲੋਚਨਾ ਹੋ ਰਹੀ ਹੈ। ਇਸ ਬਾਰੇ ਨਵਜੋਤ ਕੌਰ ਸਿੱਧੂ ਨੇ ਕੈਪਟਨ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਨੇ ਵਿਧਾਇਕਾਂ ਦੇ ਫਰਜ਼ੰਦਾਂ ਨੂੰ ਨੌਕਰੀ ਦੇਣ ਨੂੰ ਗਲਤ ਕਰਾਰ ਦਿੱਤਾ। ਉਨ੍ਹਾਂ ਦਾ ਤਰਕ ਸੀ ਕਿ ਇਹ ਕਾਰਵਾਈ ਤੈਅ ਮਾਪਦੰਡਾਂ ਦੇ ਮੇਚ ਦੀ ਨਹੀਂ।
 

ਇਸੇ ਤਰ੍ਹਾਂ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਪਣੇ ਫੇਸਬੁੱਕ ਪੇਜ਼ ’ਤੇ ਲਾਈਵ ਹੋ ਕੇ ਦੋ ਵਿਧਾਇਕਾਂ ਦੇ ਮੁੰਡਿਆਂ ਨੂੰ ਨੌਕਰੀਆਂ ਦੇਣ ਦੇ ਲਏ ਫ਼ੈਸਲਾ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਵੱਲੋਂ ਮੁਲਾਜ਼ਮਾਂ ਦਾ 2016 ਤੋਂ ਪੇਅ ਕਮਿਸ਼ਨ ਲਾਗੂ ਕਰਨ ਤੇ ਸਫਾਈ ਸੇਵਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਹੈ ਪਰ ਦੋ ਵਿਧਾਇਕਾਂ ਦੇ ਮੁੰਡਿਆਂ ਨੂੰ ਨੌਕਰੀ ਦੇਣ ਦਾ ਕੀਤਾ ਫੈਸਲਾ ਗਲਤ ਹੈ।