ਚੰਡੀਗੜ: ਪੰਜਾਬ ਵਿੱਚ ਕੋਰੋਨਾ ਦੇ ਕੇਸ ਲਗਾਤਾਰ ਵਧਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ ਵਿੱਚ ਵਾਧਾ ਕਰਨ ਲਈ ਕਿਹਾ ਹੈ। ਕੈਪਟਨ ਨੇ ਪ੍ਰਤੀ ਦਿਨ 2 ਲੱਖ ਮਰੀਜਾਂ ਦਾ ਟੀਕਾਕਰਨ ਕੀਤੇ ਜਾਣ ਦੇ ਹੁਕਮ ਦਿੱਤੇ ਹਨ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਹਰੇਕ ਪੌਜ਼ੇਟਿਵ ਮਰੀਜ਼ ਪਿੱਛੇ 30 ਵਿਅਕਤੀਆਂ ਦੀ ਹੱਦ ਤੱਕ ਸੰਪਰਕ ਟ੍ਰੇਸਿੰਗ ਕੀਤੀ ਜਾਵੇ ਅਤੇ ਸੈਂਪਲਿੰਗ ਦੀ ਗਿਣਤੀ ਪ੍ਰਤੀ ਦਿਨ 50,000 ਤੱਕ ਵਧਾਈ ਜਾਵੇ।

 

ਕੋਵਿਡ ਮਾਮਲਿਆਂ ਵਿੱਚ ਮੌਤ ਦੀ ਦਰ ਵਧਣ ’ਤੇ ਚਿੰਤਾ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਇਨਾਂ ਮੌਤਾਂ ਕਰਕੇ ਉਨਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ ਅਤੇ ਇਨਾਂ ਵਿੱਚੋਂ ਕਈ ਮੌਤਾਂ ਤਾਂ ਵਕਤ ਰਹਿੰਦਿਆਂ ਇਲਾਜ ਨਾਲ ਟਾਲੀਆਂ ਜਾ ਸਕਦੀਆਂ ਸੀ। ਉਨਾਂ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਨਿਰਦੇਸ਼ ਦਿੱਤੇ ਕਿ ਇਕ ਵਿਆਪਕ ਜਨ ਚੇਤਨਾ ਮੁਹਿੰਮ ਚਲਾਈ ਜਾਵੇ ਅਤੇ ਲੋਕਾਂ ਨੂੰ ਸ਼ੁਰੂਆਤੀ ਦੌਰ ਮੌਕੇ ਹੀ ਹਸਪਤਾਲਾਂ ਵਿਖੇ ਮੁਆਇਨੇ ਲਈ ਜਾਣ ਹਿੱਤ ਪ੍ਰੇਰਿਤ ਕੀਤਾ ਜਾਵੇ। 

 

ਉਨਾਂ ਅੱਗੇ ਕਿਹਾ ਕਿ ਹਸਪਤਾਲਾਂ ਵਿੱਚ ਸਿਹਤ ਸਬੰਧੀ ਸੁਵਿਧਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਕੀਤੇ ਜਾਣ ਦੀ ਵੀ ਲੋੜ ਹੈ ਅਤੇ ਲੋੜੀਂਦੀਆਂ ਸਹੂਲਤਾਂ ਵਾਲੇ ਮਨਜ਼ੂਰਸ਼ੁਦਾ ਹਸਪਤਾਲਾਂ ਦੀ ਸੂਚੀ ਵੀ ਜਨਤਕ ਕਰ ਦਿੱਤੀ ਜਾਣੀ ਚਾਹੀਦੀ ਹੈ। ਕੈਪਟਨ ਨੇ ਕਿਹਾ ਕਿ ਹੋਈਆਂ ਮੌਤਾਂ ਦਾ ਆਡਿਟ ਸਭ ਜ਼ਿਲਿਆਂ ਵੱਲੋਂ ਕੀਤਾ ਜਾਣਾ ਚਾਹੀਦਾ ਹੈ ਅਤੇ ਜਿਨਾਂ ਨਿਜੀ ਸੰਸਥਾਨਾਂ ਵੱਲੋਂ ਮਾਹਿਰਾਂ ਨਾਲ ਸਮੂਹਿਕ ਵਿਚਾਰ ਵਟਾਂਦਰੇ ਵਿੱਚ ਹਿੱਸਾ ਨਹੀਂ ਲਿਆ ਗਿਆ ਉਨਾਂ ਨੂੰ ਅਜਿਹਾ ਕਰਨ ਲਈ ਹੱਲਾਸ਼ੇਰੀ ਦਿੱਤੀ ਜਾਣੀ ਚਾਹੀਦੀ ਹੈ।  

 

ਸਿਹਤ ਵਿਭਾਗ ਵੱਲੋਂ ਮੁੱਖ ਮੰਤਰੀ ਨੂੰ ਸੂਚਿਤ ਕੀਤਾ ਗਿਆ ਸੀ ਕਿ ਪੀਜੀਆਈ ਵੱਲੋਂ ਪੰਜਾਬ ਦੇ ਮਰੀਜਾਂ ਨੂੰ ਸਹੀ ਮਾਧਿਅਮ ਰਾਹੀਂ ਰੈਫ਼ਰ ਕੀਤੇ ਜਾਣ ਦੇ ਬਾਵਜੂਦ ਵੀ ਦਾਖਲ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਇਸ ’ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੱਲ ਦੀ ਵੀਡੀਓ ਕਾਨਫਰੰਸਿੰਗ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਕੋਲ ਇਹ ਮਾਮਲਾ ਉਠਾਉਣਗੇ ਅਤੇ ਉਨਾਂ ਨੂੰ ਬੇਨਤੀ ਕਰਨਗੇ ਕਿ ਉਹ ਪੀਜੀਆਈ ਨੂੰ ਸੂਬਾ ਸਰਕਾਰ ਦੁਆਰਾ ਰੈਫਰ ਕੀਤੇ ਮਰੀਜਾਂ ਲਈ ਘੱਟੋ-ਘੱਟ 50 ਆਈਸੀਯੂ ਬੈੱਡ ਰਾਖਵੇਂ ਰੱਖਣ ਲਈ ਨਿਰਦੇਸ ਦੇਣ।