ਇਸ ਹਮਲੇ ਦੇ ਮੁੱਖ ਸ਼ਿਕਾਰ ਏਐਸਆਈ ਨੂੰ ਚੰਡੀਗੜ੍ਹ ਦੇ ਪੀਜੀਆਈ ਦਾਖਲ ਕਰਵਾਇਆ ਗਿਆ ਜਿੱਥੇ ਕਰੀਬ ਸਾਢੇ ਸੱਤ ਘੰਟੇ ਚਲੇ ਕਾਮਯਾਬ ਆਪ੍ਰੇਸ਼ਨ ਤੋਂ ਬਾਅਦ ਪੀੜਤ ਮੁਲਾਜ਼ਮ ਦਾ ਹੱਥ ਜੋੜਿਆ ਗਿਆ। ਇਸ ਦੇ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਨੇ ਆਪ੍ਰੇਸ਼ਨ ਤੋਂ ਬਾਅਦ ਠੀਕ ਹੋ ਰਹੇ ਏਐਸਆਈ ਹਰਜੀਤ ਸਿੰਘ ਨਾਲ ਤੋਂ ਉਸ ਦੀ ਸਿਹਤ ਬਾਰੇ ਪੁੱਛਗਿੱਛ ਕਰਨ ਲਈ ਗੱਲ ਕੀਤੀ। ਜਿਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਲਿੱਖ ਉਸ ਦੀ ਹਿਮਤ ਦੀ ਸ਼ਲਾਘਾ ਕੀਤੀ ਤੇ ਉਸ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਨੇ ਉਸ ਨੂੰ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਹਰਜੀਤ ਸਿੰਘ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਸ ਨੂੰ ਕਿਸੇ ਕਿਸਮ ਦੀ ਜ਼ਰੂਰਤ ਹੈ ਤਾਂ ਉਹ ਹਸਪਤਾਲ ਵਿੱਚ ਮੌਜੂਦ ਸੀਨੀਅਰ ਪੁਲਿਸ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਨੂੰ ਸੁਨੇਹਾ ਪਹੁੰਚਾ ਸਕਦਾ ਹੈ।
ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਹਰਜੀਤ ਸਿੰਘ ਲਈ ਸਰਰਵੋਤਮ ਹਰ ਸੰਭਵ ਡਾਕਟਰੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਤੇ ਕਿਹਾ ਕਿ ਏਐਸਆਈ ਦੀਆਂ ਸਾਰੀਆਂ ਜਰੂਰਤਾਂ ਦਾ ਧਿਆਨ ਰੱਖਿਆ ਜਾਵੇਗਾ। ਕੈਪਟਨ ਨੇ ਏਐਸਆਈ ਨੂੰ ਭਰੋਸਾ ਦਿਵਾਇਆ ਕਿ ਉਸ ਨੂੰ ਇਸ ਸੰਕਟ ਚੋਂ ਬਾਹਰ ਕੱਢਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਸਾਰਾ ਸੂਬਾ ਉਸ ਦੇ ਨਾਲ ਖੜਾ ਹੈ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਮਲੇ ‘ਚ ਸ਼ਾਮਲ ਲੋਕਾਂ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਵਾਅਦਾ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਪੁਲਿਸ ਫੋਰਸ ਮੌਜੂਦਾ ਸਮੇਂ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਕੇ ਕਰਫਿਊ ਨੂੰ ਲਾਗੂ ਕਰਨ ਅਤੇ ਲੋੜਵੰਦਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਮੁਸ਼ਕਲ ਅਤੇ ਅਹਿਮ ਕੰਮ ‘ਚ ਲੱਗੀ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਫੋਰਸ 'ਤੇ ਅਜਿਹੇ ਕਿਸੇ ਵੀ ਹਮਲੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਗੁਪਤਾ ਨੇ ਅੱਗੇ ਦੱਸਿਆ ਕਿ ਹਮਲੇ ਸਬੰਧੀ ਗ੍ਰਿਫ਼ਤਾਰ ਕੀਤੇ ਗਏ ਸਾਰੇ 11 ਵਿਅਕਤੀਆਂ ਨੂੰ ਅੱਜ 11 ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।