ਪਰਮਜੀਤ ਸਿੰਘ

 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਮੁੜ ਆਰੰਭਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ ਪੰਜਾਬ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਅੰਦਰ ਵੱਖ-ਵੱਖ ਥਾਵਾਂ ’ਤੇ ਸਮਾਗਮ ਆਯੋਜਤ ਕੀਤੇ ਜਾਣਗੇ ਅਤੇ ਵਿਸ਼ਾਲ ਪੱਧਰ ’ਤੇ ਮੁੱਖ ਸਮਾਗਮ ਵੀ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੋਰੋਨਾ ਕਾਰਨ 400 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਸੰਖੇਪ ਰੂਪ ਵਿਚ ਕੀਤੇ ਗਏ ਸਨ ਅਤੇ ਜੇਕਰ ਹਾਲਾਤ ਸੁਖਾਵੇਂ ਰਹੇ ਤਾਂ ਜਲਦ ਹੀ ਸਮਾਗਮ ਮੁੜ ਆਰੰਭੇ ਜਾਣਗੇ। 

 

ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪ੍ਰਚਾਰਕਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ, ਜੋ ਵੱਖ-ਵੱਖ ਥਾਵਾਂ ’ਤੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣਗੇ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਪਿੰਡਾਂ ਦੇ ਉਨ੍ਹਾਂ ਗ੍ਰੰਥੀਆਂ ਨੂੰ 2 ਹਜ਼ਾਰ ਰੁਪਏ ਮਾਸਿਕ ਸਹਾਇਤਾ ਦੇਣ ਦਾ ਵੀ ਫੈਸਲਾ ਕੀਤਾ ਹੈ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਤ ਮਰਯਾਦਾ ਨੂੰ ਸਮਰਪਿਤ ਹਨ ਅਤੇ ਘੱਟੋ-ਘੱਟ 10 ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਨਿਰੰਤਰ ਦੇਣਗੇ। ਉਨ੍ਹਾਂ ਕਿਹਾ ਕਿ ਇਹ ਗ੍ਰੰਥੀ ਸ਼ੁੱਧ ਗੁਰਬਾਣੀ ਉਚਾਰਨ ਅਤੇ ਇਤਿਹਾਸ ਤੋਂ ਜਾਣੂ ਹੋਣੇ ਚਾਹੀਦੇ ਹਨ। 

 

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਦਵਾਈਆਂ ਦੇ ਸਟੋਰ ਅਤੇ ਟੈਸਟਾਂ ਲਈ ਲੈਬ ਖੋਲ੍ਹਣ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਇਸ ਸਬੰਧ ਵਿਚ ਫੈਸਲਾ ਕੀਤਾ ਗਿਆ ਸੀ, ਜਿਸ ਦੀ ਤਿਆਰੀ ਚੱਲ ਰਹੀ ਹੈ। ਇਸ ਦੇ ਵਿਸਥਾਰ ਵਿਚ ਹੁਣ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਵੀ ਇਹ ਸਟੋਰ ਅਤੇ ਲੈਬ ਖੋਲ੍ਹੀਆਂ ਜਾਣਗੀਆਂ। 

 

ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਦਾ ਮੰਤਵ ਬਿਨਾ ਲਾਭ-ਹਾਨੀ ਦੇ ਲੋੜਵੰਦਾਂ ਨੂੰ ਸਸਤੀਆਂ ਦਵਾਈਆਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਰਾਹੀਂ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਵੀ ਲੋਕਾਂ ਨੂੰ ਵੱਡੀਆਂ ਸਹੂਲਤਾਂ ਦਿੱਤੀਆਂ ਗਈਆਂ। ਇਸ ਤਹਿਤ ਕੋਰੋਨਾ ਕੇਅਰ ਵਾਰਡ ਅਤੇ ਕੋਰੋਨਾ ਵੈਕਸੀਨ ਦਾ ਵਿਸ਼ਾਲ ਪੱਧਰ ’ਤੇ ਪ੍ਰਬੰਧ ਕੀਤਾ ਗਿਆ। 

 

ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ ਪੌਣੇ ਦੋ ਕਰੋੜ ਰੁਪਏ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਸੇਵਾਵਾਂ ਤਹਿਤ ਖਰਚੇ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ ਅਤੇ ਲੋੜ ਅਨੁਸਾਰ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ।