ਚੰਡੀਗੜ੍ਹ ਪੁਲਿਸ ਨੇ ਅਕਾਲੀ ਦਲ ਦੀਆਂ ਕੋਸ਼ਿਸ਼ਾਂ 'ਤੇ ਫੇਰਿਆ ਪਾਣੀ, ਸੁਖਬੀਰ ਬਾਦਲ ਸਣੇ ਹੋਰ ਲੀਡਰ ਹਿਰਾਸਤ 'ਚ ਲਏ
ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪੰਜਾਬ ਸਰਕਾਰ ਦਾ ਵਿਰੋਧ ਕਰਨ ਲਈ ਵਿਧਾਨ ਸਭਾ ਵੱਲ ਕੂਚ ਕੀਤਾ ਗਿਆ ਪਰ ਚੰਡੀਗੜ੍ਹ ਪੁਲਿਸ ਨੇ ਵਰਕਰਾਂ ਨੂੰ ਵਿਧਾਨ ਸਭਾ ਵੱਲ ਮਾਰਚ ਕਰਨ ਨਹੀਂ ਦਿੱਤਾ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪੰਜਾਬ ਸਰਕਾਰ ਦਾ ਵਿਰੋਧ ਕਰਨ ਲਈ ਵਿਧਾਨ ਸਭਾ ਵੱਲ ਕੂਚ ਕੀਤਾ ਗਿਆ ਪਰ ਚੰਡੀਗੜ੍ਹ ਪੁਲਿਸ ਨੇ ਵਰਕਰਾਂ ਨੂੰ ਵਿਧਾਨ ਸਭਾ ਵੱਲ ਮਾਰਚ ਕਰਨ ਨਹੀਂ ਦਿੱਤਾ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਅੱਜ ਅਕਾਲੀ ਦਲ ਵੱਲੋਂ ਘੋਸ਼ਨਾ ਕੀਤੀ ਗਈ ਸੀ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ, ਜਿਸ ਦੇ ਖ਼ਿਲਾਫ਼ ਅਕਾਲੀ ਦਲ ਨੇ ਅੱਜ ਵਿਧਾਨ ਸਭਾ ਦਾ ਘਿਰਾਓ ਕਰਨਾ ਸੀl
ਇਸ ਦੇ ਲਈ ਸੈਕਟਰ-25 ਦੀ ਰੈਲੀ ਗਰਾਊਂਡ ਵਿੱਚ ਪਹਿਲਾਂ ਇੱਕ ਰੈਲੀ ਰੱਖੀ ਗਈ ਸੀ। ਰੈਲ਼ੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਹੋਰ ਨੇਤਾਵਾਂ ਨੇ ਸੰਬੋਧਿਤ ਕੀਤਾl ਇਸ ਤੋਂ ਬਾਅਦ ਅਕਾਲੀ ਦਲ ਦੇ ਵਰਕਰਾਂ ਨੇ ਵਿਧਾਨ ਸਭਾ ਵੱਲ ਮਾਰਚ ਕਰਨਾ ਸੀ ਪਰ ਚੰਡੀਗੜ੍ਹ ਪੁਲਿਸ ਨੇ ਥੋੜ੍ਹੀ ਦੂਰੀ 'ਤੇ ਬੈਰੀਕੇਡ ਰੱਖੇ ਸੀl
ਅਕਾਲੀ ਦਲ ਦੇ ਵਰਕਰਾਂ ਨੇ ਲਾਏ ਬੈਰੀਕੇਡ ਤੋੜ ਕੇ ਅੱਗੇ ਜਾਣ ਦੀ ਕੋਸ਼ਿਸ਼ ਕੀਤੀ। ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਉਨ੍ਹਾਂ 'ਤੇ ਵਾਟਰ ਕੈਨਨ ਇਸਤੇਮਾਲ ਕੀਤੇl ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਲੀਡਰਾਂ ਨੇ ਚੰਡੀਗੜ੍ਹ ਪੁਲਿਸ ਨੂੰ ਆਪਣੀ ਗ੍ਰਿਫ਼ਤਾਰੀ ਦੇ ਦਿੱਤੀl