Navjot Singh Sidhu Resigns: ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ 'ਤੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਇਸ ਬਾਰੇ ਜਾਣਕਾਰੀ ਨਹੀਂ ਹੈ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਤੋਂ ਸਿੱਧੂ ਦੇ ਅਸਤੀਫੇ ਬਾਰੇ ਸਵਾਲ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਨਾਰਾਜ਼ ਹਨ ਤਾਂ ਉਨ੍ਹਾਂ ਨਾਲ ਗੱਲ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, "ਸਿੱਧੂ ਸਾਡੇ ਪ੍ਰਧਾਨ ਹਨ ਅਤੇ ਉਹ ਇੱਕ ਚੰਗੇ ਨੇਤਾ ਹਨ। ਮੈਨੂੰ ਉਨ੍ਹਾਂ ਨਾਲ ਕੋਈ ਨਾਰਾਜ਼ਗੀ ਨਹੀਂ ਹੈ।"


 


ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, "ਕਿਸਾਨਾਂ ਦੀ ਬਿਹਤਰੀ ਲਈ ਅਜਿਹਾ ਕਰਨਾ ਬਹੁਤ ਜ਼ਰੂਰੀ ਹੈ। ਸਾਡੀ ਸਰਕਾਰ ਕਿਸਾਨ ਜਥੇਬੰਦੀਆਂ ਦੇ ਨਾਲ ਖੜ੍ਹੀ ਹੈ। ਅਸੀਂ ਉਨ੍ਹਾਂ ਦੇ ਪਿੱਛੇ ਖੜ੍ਹੇ ਹੋ ਕੇ ਲੜਾਈ ਲੜਾਂਗੇ। ਜੇਕਰ ਕੇਂਦਰ ਇਸ ਮੰਗ ਨੂੰ ਨਹੀਂ ਮੰਨਦੀ, ਤਾਂ ਅਸੀਂ ਵੱਡੀ ਗਿਣਤੀ ਵਿੱਚ ਦਿੱਲੀ ਕੂਚ ਕਰਾਂਗੇ।"


 


ਮੁੱਖ ਮੰਤਰੀ ਨੇ ਸੂਬੇ ਦੇ ਗਰੀਬ ਲੋਕਾਂ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ ਕੀਤਾ। ਕਿਸਾਨ ਅੰਦੋਲਨ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਲਈ ਨੌਕਰੀ ਦਾ ਪ੍ਰਬੰਧ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਅਤੇ ਮਜ਼ਦੂਰ ਮੁਸੀਬਤ ਵਿੱਚ ਹਨ। ਜਿਸ ਕਿਸਾਨ ਦੇ ਘਰ ਮੈਂ ਕੱਲ੍ਹ ਗਿਆ ਸੀ ਉਸਦੇ ਸਿਰ ਉੱਤੇ ਛੱਤ ਨਹੀਂ ਹੈ। 


 


ਦਸ ਦਈਏ ਕਿ ਸਿੱਧੂ ਨੇ 18 ਜੁਲਾਈ ਨੂੰ ਹੀ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ। ਸਿੱਧੂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ 'ਚ ਕਿਹਾ ਕਿ "ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ।" ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫੇਰ ਹਲਚੱਲ ਪੈਦਾ ਹੋ ਗਈ ਹੈ। 


 


ਹਾਲਾਂਕਿ ਸਿੱਧੂ ਨੇ ਕਿਹਾ ਹੈ ਕਿ ਉਹ ਕਾਂਗਰਸ ਵਿੱਚ ਹੀ ਰਹਿਣਗੇ। ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਮੈਂਬਰ ਬਣੇ ਰਹਿਣਗੇ। ਅੱਜ ਪੰਜਾਬ ਦੇ ਨਵੇਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਹੋ ਗਈ ਹੈ। ਕੁਝ ਘੰਟਿਆਂ ਬਾਅਦ, ਸਿੱਧੂ ਨੇ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ। ਇਸ ਦੇ ਪਿੱਛੇ ਕੁਝ ਮਹੱਤਵਪੂਰਨ ਕਾਰਨ ਹਨ।