ਨਵੀਂ ਦਿੱਲੀ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ਨੀਵਾਰ ਨੂੰ ਕਿਸਾਨ ਅੰਦੋਲਨ ਦੇ ਵਿਚਕਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਗਏ।
ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਅਧਿਕਾਰ ਨਹੀਂ ਹੈ, ਅਸੀਂ ਇਸ ਨਾਲ ਸਬੰਧਤ ਕਾਨੂੰਨ ਲੈ ਕੇ ਆ ਰਹੇ ਹਾਂ। ਇਸ ਤੋਂ ਪਹਿਲਾਂ 12 ਜਨਵਰੀ ਨੂੰ ਵੀ ਮਨੋਹਰ ਲਾਲ ਖੱਟਰ ਨੇ ਅਮਿਤ ਸ਼ਾਹ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ ਸੀ।
ਜਦੋਂ ਆਖਰੀ ਵਾਰ ਖੱਟਰ ਗ੍ਰਹਿ ਮੰਤਰੀ ਨੂੰ ਮਿਲਣ ਲਈ ਆਏ ਸੀ, ਤਾਂ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਫਿਰ ਦੋਵਾਂ ਨੇਤਾਵਾਂ ਨੇ ਕਿਹਾ ਸੀ ਕਿ ਹਰਿਆਣਾ ਸਰਕਾਰ ਨੂੰ ਕੋਈ ਖਤਰਾ ਨਹੀਂ ਹੈ। ਦੱਸ ਦੇਈਏ ਕਿ ਹਰਿਆਣਾ 'ਚ ਭਾਜਪਾ ਅਤੇ ਜੇਜੇਪੀ ਦੀ ਗੱਠਜੋੜ ਦੀ ਸਰਕਾਰ ਹੈ।