ਚੰਡੀਗੜ੍ਹ: ਮੋਗਾ ਲਾਠੀਚਾਰਜ ਨੂੰ ਲੈ ਕੇ ਸੱਤਾਧਿਰ ਕਾਂਗਰਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੀ ਕਸੂਤਾ ਘਿਰ ਗਿਆ ਹੈ। ਕਿਸਾਨ ਲੀਡਰਾਂ ਨੇ ਇਲਜ਼ਾਮ ਲਾਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਚੋਣਾਂ ਤੋਂ ਛੇ ਮਹੀਨੇ ਪਹਿਲਾਂ ਹੀ ਚੋਣ ਪ੍ਰਚਾਰ ਵਿੱਢ ਕੇ ਮਾਹੌਲ ਖਰਾਬ ਕਰ ਰਿਹਾ ਹੈ। ਇਸ ਲਈ ਸੱਤਾਧਿਰ ਕਾਂਗਰਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੀ ਮੋਗਾ ਵਿੱਚ ਕਿਸਾਨਾਂ ਉੱਪਰ ਲਾਠੀਚਾਰਜ ਲਈ ਜ਼ਿੰਮੇਵਾਰ ਹੈ।
ਉਧਰ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵੀ ਇਸ ਮੁੱਦੇ ਨੂੰ ਲੈ ਕੇ ਆਹਮੋ-ਸਾਹਮਣੇ ਹੋ ਗਏ ਹਨ। ਇਸ ਤਹਿਤ ਅਕਾਲੀ ਦਲ ਵੱਲੋਂ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਦੋ ਸਤੰਬਰ ਦੀ ਰੈਲੀ ਦੌਰਾਨ ਹੋਈ ਹਿੰਸਾ ਲਈ ਜ਼ਿੰਮੇਵਾਰ ਦੱਸੇ ਜਾਂਦੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਨਾਵਾਂ ਵਾਲੀ ਸੂਚੀ ਵਾਇਰਲ ਕੀਤੀ ਗਈ ਹੈ। ਅਕਾਲੀ ਦਲ ਵੱਲੋਂ ਜਾਰੀ ਕੀਤੀ ਦੱਸੀ ਜਾਂਦੀ ਇਸ ਸੂਚੀ ਵਿੱਚ ਕਾਂਗਰਸ ਤੇ ‘ਆਪ’ ਵਰਕਰਾਂ ਦੇ ਨਾਂ ਤੇ ਪਤੇ ਦਰਜ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਮੋਗਾ ਹਿੰਸਾ ਲਈ ਕਾਂਗਰਸ ਤੇ ‘ਆਪ’ ਜ਼ਿੰਮੇਵਾਰ ਹੈ। ਸਾਡੇ ਲਈ ਪੰਜਾਬ ਦੀ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਾ ਸਭ ਤੋਂ ਵੱਧ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਲਈ ਕੇਂਦਰ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਸਾਜ਼ਿਸ਼ ਰਚ ਰਿਹਾ ਹੈ। ਕਾਂਗਰਸ ਤੇ ‘ਆਪ’ ਵੱਲੋਂ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਭਾਜਪਾ ਦੇ ਇਸ਼ਾਰੇ ’ਤੇ ਕੈਪਟਨ ਪੰਜਾਬ ਵਿੱਚ ਗਵਰਨਰ ਰਾਜ ਲਾਉਣ ਦੀ ਸਾਜ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਮੋਗਾ ’ਚ ਹਿੰਸਾ ਕਰਨ ਵਾਲੇ ਕਾਂਗਰਸ ਅਤੇ ‘ਆਪ’ ਵਰਕਰਾਂ ਦੇ ਨਾਂ ਤੇ ਪਤੇ ਦੀ ਲਿਸਟ ਜਾਰੀ ਕੀਤੀ ਹੈ। ਸੁਖਬੀਰ ਨੇ ਕਿਹਾ ਕਿ ਕਾਂਗਰਸ ਕਿਸਾਨ ਅੰਦੋਲਨ ਨੂੰ ਬਦਨਾਮ ਕਰਨਾ ਚਾਹੁੰਦੀ ਹੈ।
ਉਧਰ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੇ ਨਾਰਾਜ਼ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਬਣਾਏ ਗਏ ਪੈਨਲ ਬਾਰੇ ਕੈਪਟਨ ਨੇ ਕਿਹਾ ਕਿ ਕੋਈ ਵੀ ਗੱਲਬਾਤ ਬਾਦਲਾਂ ਨੂੰ ਗੈਰ-ਜਮਹੂਰੀ ਖੇਤੀ ਕਾਨੂੰਨ ਥੋਪਣ ਵਿੱਚ ਨਿਭਾਈ ਜ਼ਿੰਮੇਵਾਰੀ ਤੋਂ ਮੁਕਤ ਨਹੀਂ ਕਰ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਜਿੱਥੇ ਇਸ ਸਾਰੀ ਸਮੱਸਿਆ ਦੀ ਜੜ੍ਹ ਹਨ, ਉੱਥੇ ਹੀ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਦੀ ਸਾਜ਼ਿਸ਼ ਵਿੱਚ ਵੀ ਇਨ੍ਹਾਂ ਦੀ ਮਿਲੀਭੁਗਤ ਸੀ, ਜਿਸ ਕਰਕੇ ਅਕਾਲੀ ਆਗੂ ਮੁਆਫੀ ਦੇ ਲਾਇਕ ਨਹੀਂ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਪ੍ਰਤੀ ਅਕਾਲੀਆਂ ਦੇ ਰਵੱਈਏ ਦੀ ਮਿਸਾਲ ਤਾਂ ਇਸ ਗੱਲ ਤੋਂ ਮਿਲ ਜਾਂਦੀ ਹੈ ਕਿ ਹੁਣ ਵੀ ਕਿਸਾਨਾਂ ਦੀ ਪੀੜਾ ਤੇ ਵੇਦਨਾ ਦਾ ਅਹਿਸਾਸ ਕਰਨ ਦੀ ਜਗ੍ਹਾ ਸੁਖਬੀਰ ਪ੍ਰਦਰਸ਼ਨਕਾਰੀਆਂ ਨੂੰ ਕਿਸਾਨ ਮੰਨਣ ਤੋਂ ਹੀ ਇਨਕਾਰੀ ਹੋ ਰਹੇ ਹਨ।
ਮੋਗਾ ਲਾਠੀਚਾਰਜ 'ਤੇ ਕਸੂਤੇ ਘਿਰੇ ਕਾਂਗਰਸ ਤੇ ਅਕਾਲੀ ਦਲ, ਸੁਖਬੀਰ ਤੇ ਕੈਪਟਨ ਆਹਮੋ-ਸਾਹਮਣੇ
ਏਬੀਪੀ ਸਾਂਝਾ
Updated at:
06 Sep 2021 12:48 PM (IST)
ਮੋਗਾ ਲਾਠੀਚਾਰਜ ਨੂੰ ਲੈ ਕੇ ਕਾਂਗਰਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੀ ਕਸੂਤਾ ਘਿਰ ਗਿਆ ਹੈ। ਕਿਸਾਨ ਲੀਡਰਾਂ ਨੇ ਇਲਜ਼ਾਮ ਲਾਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਚੋਣਾਂ ਤੋਂ ਛੇ ਮਹੀਨੇ ਪਹਿਲਾਂ ਹੀ ਚੋਣ ਪ੍ਰਚਾਰ ਵਿੱਢ ਕੇ ਮਾਹੌਲ ਖਰਾਬ ਕਰ ਰਿਹਾ ਹੈ।
sukhbir-captain
NEXT
PREV
Published at:
06 Sep 2021 12:48 PM (IST)
- - - - - - - - - Advertisement - - - - - - - - -