ਚੰਡੀਗੜ੍ਹ: ਆਪਣੇ ਵਿਧਾਇਕਾਂ ਦੇ ਫਰਜ਼ੰਦਾਂ ਨੂੰ ਅਫਸਰ ਬਣਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਸੂਤੇ ਘਿਰ ਗਏ ਹਨ। ਵਿਰੋਧੀ ਧਿਰਾਂ ਦੇ ਨਾਲ-ਨਾਲ ਪਾਰਟੀ ਅੰਦਰੋਂ ਵੀ ਵਿਰੋਧ ਹੋਣ ਲੱਗਾ ਹੈ। ਸੋਸ਼ਲ ਮੀਡੀਆ ਉੱਪਰ ਵੀ ਕੈਪਟਨ ਸਰਕਾਰ ਦੀ ਕਾਫੀ ਅਲੋਚਨਾ ਹੋ ਰਹੀ ਹੈ। ਇਸ ਬਾਰੇ ਨਵਜੋਤ ਕੌਰ ਸਿੱਧੂ ਨੇ ਕੈਪਟਨ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਨੇ ਵਿਧਾਇਕਾਂ ਦੇ ਫਰਜ਼ੰਦਾਂ ਨੂੰ ਨੌਕਰੀ ਦੇਣ ਨੂੰ ਗਲਤ ਕਰਾਰ ਦਿੱਤਾ। ਉਨ੍ਹਾਂ ਦਾ ਤਰਕ ਸੀ ਕਿ ਇਹ ਕਾਰਵਾਈ ਤੈਅ ਮਾਪਦੰਡਾਂ ਦੇ ਮੇਚ ਦੀ ਨਹੀਂ।


 


ਇਸੇ ਤਰ੍ਹਾਂ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਪਣੇ ਫੇਸਬੁੱਕ ਪੇਜ਼ ’ਤੇ ਲਾਈਵ ਹੋ ਕੇ ਦੋ ਵਿਧਾਇਕਾਂ ਦੇ ਮੁੰਡਿਆਂ ਨੂੰ ਨੌਕਰੀਆਂ ਦੇਣ ਦੇ ਲਏ ਫ਼ੈਸਲਾ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਵੱਲੋਂ ਮੁਲਾਜ਼ਮਾਂ ਦਾ 2016 ਤੋਂ ਪੇਅ ਕਮਿਸ਼ਨ ਲਾਗੂ ਕਰਨ ਤੇ ਸਫਾਈ ਸੇਵਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਹੈ ਪਰ ਦੋ ਵਿਧਾਇਕਾਂ ਦੇ ਮੁੰਡਿਆਂ ਨੂੰ ਨੌਕਰੀ ਦੇਣ ਦਾ ਕੀਤਾ ਫੈਸਲਾ ਗਲਤ ਹੈ।


 


ਮੰਨਿਆ ਜਾ ਰਿਹਾ ਹੈ ਕਿ ਕੈਪਟਨ ਸਰਕਾਰ ਨੂੰ ਵਿਧਾਇਕਾਂ ਦੇ ਪੁੱਤਰਾਂ ਨੂੰ ਅਫ਼ਸਰ ਲਾਉਣਾ ਸਿਆਸੀ ਤੌਰ ’ਤੇ ਮਹਿੰਗਾ ਪੈ ਸਕਦਾ ਹੈ। ਪਤਾ ਲੱਗਾ ਹੈ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਵੀ ਲੰਘੇ ਦਿਨ ਕੁਝ ਵਜ਼ੀਰਾਂ ਨੇ ਇਨ੍ਹਾਂ ਨੌਕਰੀਆਂ ਖ਼ਿਲਾਫ਼ ਸਖ਼ਤ ਸਟੈਂਡ ਲਿਆ। ਪੰਜਾਬ ਕੈਬਨਿਟ ਨੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਤੇ ਵਿਧਾਇਕ ਰਾਕੇਸ਼ ਪਾਂਡੇ ਦੇ ਲੜਕੇ ਨੂੰ ਤਰਸ ਦੇ ਅਧਾਰ ’ਤੇ ਕ੍ਰਮਵਾਰ ਪੁਲਿਸ ਇੰਸਪੈਕਟਰ ਤੇ ਨਾਇਬ ਤਹਿਸੀਲਦਾਰ ਦੀ ਨੌਕਰੀ ਦੇਣ ਦਾ ਫੈਸਲਾ ਲਿਆ ਸੀ।


 


ਸ਼੍ਰੋਮਣੀ ਅਕਾਲੀ ਦਲ ਨੇ ਇਸ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਨੂੰ ਇਨ੍ਹਾਂ ਨਿਯੁਕਤੀਆਂ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਹੱਕਾਂ ਲਈ ਪੰਜਾਬ ਦੇ ਵਜ਼ੀਰਾਂ ਦੇ ਘਰਾਂ ਦਾ ਘਿਰਾਓ ਕਰਨ। ਉਨ੍ਹਾਂ ਮਰਹੂਮ ਮੁੱਖ ਮੰਤਰੀ ਦੇ ਪੋਤਰੇ ਨੂੰ ਡੀਐਸਪੀ ਲਾਏ ਜਾਣ ਦਾ ਜ਼ਿਕਰ ਵੀ ਕੀਤਾ।


 


ਉਨ੍ਹਾਂ ਕਿਹਾ ਕਿ ਇੱਕ ਪਾਸੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਜਦਕਿ ਦੂਜੇ ਪਾਸੇ ਸਰਕਾਰ ਨੇ ਖ਼ੁਦਕੁਸ਼ੀ ਕਰਨ ਵਾਲੇ 2000 ਕਿਸਾਨ ਪਰਿਵਾਰਾਂ, 500 ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਤੇ ਪੈਰਾ ਓਲੰਪੀਅਨ ਨੂੰ ਕੀਤੇ ਵਾਅਦੇ ਅਨੁਸਾਰ ਨੌਕਰੀ ਦੇਣ ਤੋਂ ਨਾਂਹ ਕਰ ਦਿੱਤੀ ਹੈ। ਹਜ਼ਾਰਾਂ ਠੇਕਾ ਮੁਲਾਜ਼ਮ ਅਜੇ ਵੀ ਰੈਗੂਲਰ ਹੋਣ ਦੀ ਉਡੀਕ ਕਰ ਰਹੇ ਹਨ।