ਨਵੀਂ ਦਿੱਲੀ: ਪੂਰਾ ਦੇਸ਼ ਕੋਰੋਨਾ ਨਾਲ ਸੰਘਰਸ਼ ਕਰ ਰਿਹਾ ਹੈ। ਇਸ ਵਿਰੁੱਧ ਹਰ ਪੱਧਰ ‘ਤੇ ਲੜਾਈ ਲੜੀ ਜਾ ਰਿਹਾ ਹੈ। ਇਸ ਕੜੀ ਵਿੱਚ ਕੇਜਰੀਵਾਲ ਨੇ ਨਰਸ, ਪੈਰਾ-ਮੈਡੀਕਲ ਸਟਾਫ, ਡਾਕਟਰ ਤੇ ਕੋਰੋਨਾ ਖਿਲਾਫ ਲੜਾਈ ਲਈ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਜੇ ਇਸ ਜੰਗ ‘ਚ ਕੋਈ ਮਰ ਜਾਂਦਾ ਹੈ ਤਾਂ ਉਸ ਦੇ ਪਰਿਵਾਰ ਨੂੰ ਮਦਦ ਵਜੋਂ ਇੱਕ ਕਰੋੜ ਰੁਪਏ ਦਿੱਤੇ ਜਾਣਗੇ।

ਕੇਜਰੀਵਾਲ ਨੇ ਇਸ ‘ਚ ਸਰਕਾਰੀ ਤੇ ਪ੍ਰਾਈਵੇਟ ਦੋਵਾਂ ਖੇਤਰਾਂ ਦੇ ਸਟਾਫ ਨੂੰ ਸ਼ਾਮਲ ਕੀਤਾ ਹੈ। ਦੱਸ ਦੇਈਏ ਕਿ ਕੋਰੋਨਾ ਦੇ ਵਿਰੁੱਧ ਅਜੇ ਵੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਜਦੋਂਕਿ ਇਸ ਦਾ ਕੋਈ ਟੀਕਾ ਵਿਕਸਤ ਨਹੀਂ ਹੋਇਆ। ਹਾਲਾਂਕਿ, ਡਾਕਟਰ ਤੇ ਨਰਸ ਬਿਨਾਂ ਕਿਸੇ ਰੁਕਾਵਟ ਦੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਅਜਿਹੀ ਸਥਿਤੀ ਵਿੱਚ ਦਿੱਲੀ ਸਰਕਾਰ ਵੱਲੋਂ ਚੁੱਕਿਆ ਇਹ ਕਦਮ ਮੈਡੀਕਲ ਖੇਤਰ ਨਾਲ ਜੁੜੇ ਲੋਕਾਂ ਲਈ ਰਾਹਤ ਤੋਂ ਘੱਟ ਨਹੀਂ।

ਇੱਧਰ ਉਪ ਰਾਜਪਾਲ ਅਨਿਲ ਬੈਜਲ ਨੇ ਟਵੀਟ ਕੀਤਾ ਕਿ ਅਸੀਂ ਡਾਕਟਰੀ ਖੇਤਰ ਤੇ ਇਸ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਹੈ। ਇਸ ‘ਚ ਕਈ ਨੁਕਤਿਆਂ ਦੀ ਸਮੀਖਿਆ ਕਰਨ ਤੋਂ ਬਾਅਦ ਜ਼ਰੂਰੀ ਦਿਸ਼ਾ-ਨਿਰਦੇਸ਼ਾਂ ਦੀ ਸਮੀਖਿਆ ਕੀਤੀ ਗਈ। ਇਹ ਯਕੀਨੀ ਬਣਾਉਣ ਲਈ ਹਰ ਪੱਧਰ ਦੀ ਸਮੀਖਿਆ ਕੀਤੀ ਜਾ ਰਹੀ ਹੈ ਕਿ ਲੌਕਡਾਊਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਏ। ਉਨ੍ਹਾਂ ਦੱਸਿਆ ਕਿ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ ਸੀ ਜਿਸ ‘ਚ ਸੀਐਮ ਕੇਜਰੀਵਾਲ, ਮੁੱਖ ਸਕੱਤਰ ਤੇ ਪੁਲਿਸ ਕਮਿਸ਼ਨਰ ਮੌਜੂਦ ਸੀ।

ਤਾਜ਼ਾ ਅਪਡੇਟ ਮੁਤਾਬਕ ਦੇਸ਼ ਵਿੱਚ ਕੋਰੋਨਾ ਦੇ ਸੰਕਰਮਿਤ ਲੋਕਾਂ ਦੀ ਗਿਣਤੀ 1723 ਤੱਕ ਪਹੁੰਚ ਗਈ ਹੈ। ਹੁਣ ਤੱਕ 38 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 151 ਲੋਕਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।