ਨਵੀਂ ਦਿੱਲੀ: ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੇ ਰਾਜ ਵਿੱਚ ਕੋਰੋਨਾ ਦੀ ਲਾਗ ਦੀ ਗਤੀ ਨੂੰ ਰੋਕਣ ਲਈ ਹੁਣ ਲਗਾਈ ਗਈ ਤਾਲਾਬੰਦੀ ਨੂੰ 31 ਮਈ ਤੱਕ ਵਧਾ ਦਿੱਤਾ ਹੈ। ਮੌਜੂਦਾ ਸਮੇਂ ਲਾਗੂ ਕੀਤੀ ਗਈ ਤਾਲਾਬੰਦੀ ਦੀ ਮਿਆਦ 26 ਮਈ ਨੂੰ ਖ਼ਤਮ ਹੋਣ ਜਾ ਰਹੀ ਸੀ, ਇਸ ਤੋਂ ਪਹਿਲਾਂ ਹੀ ਰਾਜ ਸਰਕਾਰ ਨੇ ਤਾਲਾਬੰਦੀ ਵਧਾਉਣ ਦਾ ਐਲਾਨ ਕੀਤਾ।


 


ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਬੈਠਕ ਵਿਚ ਰਾਜ 'ਚ ਤਾਲਾਬੰਦੀ ਨੂੰ 31 ਮਈ ਦੀ ਸਵੇਰ ਨੂੰ ਛੇ ਵਜੇ ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ।


 


ਪਹਿਲਾਂ ਦੀ ਤਰ੍ਹਾਂ ਸਰਕਾਰੀ ਅਤੇ ਪ੍ਰਾਈਵੇਟ ਦਫਤਰ ਤਾਲਾਬੰਦੀ ਦੇ ਸਮੇਂ ਦੌਰਾਨ ਬੰਦ ਰਹਿਣਗੇ ਪਰ ਸਿਹਤ, ਬਿਜਲੀ, ਦੂਰਸੰਚਾਰ, ਜਲ ਸਪਲਾਈ ਅਤੇ ਸੈਨੀਟੇਸ਼ਨ ਸੈਕਟਰ ਵਰਗੀਆਂ ਜ਼ਰੂਰੀ ਸੇਵਾਵਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ। ਉਸਾਰੀ ਵਾਲੀਆਂ ਥਾਵਾਂ, ਬਾਗਬਾਨੀ, ਖੇਤੀਬਾੜੀ ਅਤੇ ਹੋਰ ਪ੍ਰਾਜੈਕਟਾਂ 'ਤੇ ਕੰਮ ਜਾਰੀ ਰਹੇਗਾ ਜਦਕਿ ਵਿਦਿਅਕ ਅਦਾਰੇ 31 ਮਈ ਤੱਕ ਬੰਦ ਰਹਿਣਗੇ।