ਨਵੀਂ ਦਿੱਲੀ: ਦੇਸ਼ 'ਚ ਕੋਰੋਨਾਵਾਇਰਸ ਦੇ ਕਹਿਰ ਕਰਕੇ ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ ਵੀਰਵਾਰ ਤੋਂ ਰਾਸ਼ਟਰੀ ਰਾਜਮਾਰਗਾਂ 'ਤੇ ਕੋਈ ਆਰਜ਼ੀ ਟੋਲ ਟੈਕਸ ਨਹੀਂ ਲਾਇਆ ਜਾਵੇਗਾ। ਇਸ ਸਬੰਧ 'ਚ ਹਰ ਜਗ੍ਹਾ ਜਾਣਕਾਰੀ ਦਿੱਤੀ ਗਈ ਹੈ।


ਐਮਰਜੈਂਸੀ ਸੇਵਾਵਾਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਮਿਲੇਗੀ ਮਦਦ:

ਇਹ ਐਲਾਨ ਕੇਂਦਰੀ ਸੜਕ ਤੇ ਟ੍ਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਬੁੱਧਵਾਰ ਦੇਰ ਸ਼ਾਮ ਨੂੰ ਕੀਤਾ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਵਿੱਚ ਲੱਗੇ ਲੋਕਾਂ ਦੇ ਕੰਮ ਨੂੰ ਸੌਖਾ ਕਰਨ ਲਈ ਦੇਸ਼ ਵਿੱਚ ਆਰਜ਼ੀ ਤੌਰ ‘ਤੇ ਰਾਸ਼ਟਰੀ ਰਾਜਮਾਰਗਾਂ ‘ਤੇ ਟੋਲ ਨਹੀਂ ਲਏ ਜਾਣਗੇ।

ਕੇਂਦਰੀ ਮੰਤਰੀ ਨੇ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਇਹ ਆਦੇਸ਼ ਦਿੱਤਾ ਗਿਆ ਹੈ ਕਿ ਦੇਸ਼ ਦੇ ਸਾਰੇ ਟੋਲ ਪਲਾਜ਼ਾ ਬੰਦ ਕੀਤੇ ਜਾਣ। ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਨਾਲ ਐਮਰਜੈਂਸੀ ਸੇਵਾਵਾਂ ਦੇ ਕੰਮ ‘ਚ ਲੱਗੇ ਲੋਕਾਂ ਦੀ ਮਦਦ ਕੀਤੀ ਜਾਏਗੀ। ਮੰਤਰੀ ਨੇ ਕਿਹਾ ਕਿ ਸੜਕਾਂ ਦਾ ਪ੍ਰਬੰਧਨ ਤੇ ਟੋਲ ਪਲਾਜ਼ਾ 'ਤੇ ਐਮਰਜੈਂਸੀ ਸਰੋਤਾਂ ਦੀ ਮੌਜੂਦਗੀ ਪਹਿਲਾਂ ਵਾਂਗ ਹੀ ਰਹੇਗੀ।

ਡੀਪੀਆਈਆਈਟੀ ਨੇ ਸ਼ੁਰੂ ਕੀਤੀ ਰਿਅਲ ਟਾਈਮ ਮੌਨੀਟਰਿੰਗ:

ਉਦਯੋਗ ਤੇ ਅੰਦਰੂਨੀ ਵਪਾਰ ਵਿਭਾਗ ਨੇ ਵੀਰਵਾਰ ਨੂੰ 21 ਦਿਨਾਂ ਦੇ ਲੌਕਡਾਊਨ ਦੌਰਾਨ ਜ਼ਰੂਰੀ ਵਸਤਾਂ ਦੀ ਟ੍ਰਾਂਸਪੋਰਟ, ਮਾਲ ਦੀ ਸਪਲਾਈ ਕਰਨ ਦੀ ਰਿਅਲ ਟਾਈਮ ਮੌਨੀਟਰਿੰਗ ਲਈ ਕੰਟਰੋਲ ਰੂਮ ਸਥਾਪਤ ਕੀਤਾ। ਡੀਪੀਆਈਆਈਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਜੇ ਕਿਸੇ ਨਿਰਮਾਤਾ, ਟਰਾਂਸਪੋਰਟਰ, ਡਿਸਟ੍ਰੀਬਿਉਟਰ, ਥੋਕ ਵਿਕਰੇਤਾ ਜਾਂ ਈ-ਕਾਮਰਸ ਕੰਪਨੀ ਨੂੰ ਜ਼ਮੀਨੀ ਪੱਧਰ ’ਤੇ ਕੋਈ ਸਮੱਸਿਆ ਹੈ ਤਾਂ ਉਹ ਕੰਟਰੋਲ ਰੂਮ ਨਾਲ ਸੰਪਰਕ ਕਰ ਸਕਦੇ ਹਨ।

ਕਿਸੇ ਵੀ ਮੁਸ਼ਕਲ ਦੀ ਸਥਿਤੀ ਵਿੱਚ ਟੈਲੀਫੋਨ ਨੰਬਰ +91 11 23062487 'ਤੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕੰਟਰੋਲ ਰੂਮ ਦੇ ਈ-ਮੇਲ ਆਈਡੀ dpiit@gov.in ‘ਤੇ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ।