ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਕੁਰਸੀ ਨੂੰ ਕੈਟ ਦਾ ਝਟਕਾ ਲੱਗਾ ਹੈ। ਕੈਟ ਨੇ ਡੀਜੀਪੀ ਦੀ ਨਿਯੁਕਤੀ ਦੀ ਪ੍ਰਕ੍ਰਿਆ ਦੁਬਾਰਾ ਕਰਨ ਦਾ ਹੁਕਮ ਦਿੱਤਾ ਹੈ। ਪੰਜਾਬ ਨੇ ਪਿਛਲੇ ਸਾਲ 1987 ਬੈਚ ਦੇ ਆਈਪੀਐਸ ਅਧਿਕਾਰੀ ਦਿਨਕਰ ਗੁਪਤਾ ਨੂੰ ਡੀਜੀਪੀ ਨਿਯੁਕਤ ਕੀਤਾ ਸੀ ਪਰ ਉਨ੍ਹਾਂ ਦੀ ਨਿਯੁਕਤੀ ਦੇ ਫੈਸਲੇ ਨੂੰ ਪੰਜਾਬ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ ਦੇ ਡੀਜੀਪੀ ਮੁਹੰਮਦ ਮੁਸਤਫਾ ਤੇ ਪੀਐਸਪੀਸੀਐਲ ਦੇ ਡੀਜੀਪੀ (1986 ਬੈਚ ਅਧਿਕਾਰੀ) ਸਿਧਾਰਥ ਚਟੋਪਾਧਿਆਏ ਨੇ ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ (ਸੀਏਟੀ) 'ਚ ਚੁਣੌਤੀ ਦਿੱਤੀ ਸੀ।

ਕੈਟ ਨੇ ਇਨ੍ਹਾਂ ਦੋਵਾਂ ਦੀਆਂ ਪਟੀਸ਼ਨਾਂ 'ਤੇ ਆਪਣਾ ਆਦੇਸ਼ ਸੁਰੱਖਿਅਤ ਰੱਖਿਆ ਸੀ। ਕੈਟ ਨੇ ਅੱਜ ਇਸ ਸਬੰਧ 'ਚ ਆਪਣਾ ਫੈਸਲਾ ਸੁਣਾ ਦਿੱਤਾ ਹੈ। ਡੀਜੀਪੀ ਦੀ ਨਿਯੁਕਤੀ ਨੂੰ ਗਲਤ ਦੱਸਦੇ ਹੋਏ ਕੈਟ ਨੇ ਕਿਹਾ ਹੈ ਕਿ ਨਿਯੁਕਤੀ ਦੀ ਪ੍ਰਕ੍ਰਿਆ ਦੁਬਾਰਾ ਕੀਤੀ ਜਾਣੀ ਚਾਹੀਦੀ ਹੈ। ਹੁਣ ਵੱਡਾ ਸਵਾਲ ਉੱਠਦਾ ਹੈ ਕਿ ਕੀ ਪੰਜਾਬ ਸਰਕਾਰ ਨਿਯੁਕਤੀ ਲਈ ਦੁਬਾਰਾ ਪ੍ਰਕ੍ਰਿਆ ਸ਼ੁਰੂ ਕਰੇਗੀ ਜਾਂ ਕੈਟ ਦੇ ਫੈਸਲੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਚੁਣੌਤੀ ਦੇਵੇਗੀ।