ਨਵੀਂ ਦਿੱਲੀ: ਦਿੱਲੀ ਹਿੰਸਾ ਨਾਲ ਜੁੜੇ ਭੜਕਾਉ ਭਾਸ਼ਣ ਮਾਮਲੇ 'ਤੇ ਅੱਜ ਹਾਈਕੋਰਟ 'ਚ ਸੁਣਵਾਈ ਹੋਈ। ਅੱਜ ਅਦਾਲਤ 'ਚ ਦਿੱਲੀ ਪੁਲਿਸ ਨੇ ਕਿਹਾ ਕਿ ਉਹ ਸਾਰੇ ਵੀਡਿਓ ਦੇਖ ਰਹੇ ਹਨ। ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਇਸ ਮਾਮਲੇ ਵਿੱਚ ਚਾਰ ਹਫ਼ਤਿਆਂ 'ਚ ਜਵਾਬ ਮੰਗਿਆ ਹੈ। ਇਸ ਕੇਸ ਦੀ ਅਗਲੀ ਸੁਣਵਾਈ 13 ਅਪ੍ਰੈਲ ਨੂੰ ਹੋਵੇਗੀ।


ਦਿੱਲੀ ਹਾਈ ਕੋਰਟ ਨੇ ਸੀਏਏ ਸਬੰਧੀ ਉੱਤਰ ਪੂਰਬੀ ਦਿੱਲੀ 'ਚ ਫਿਰਕੂ ਹਿੰਸਾ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਤੇ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ ਵਿੱਚ ਪਾਰਟੀ ਦੇ ਪੱਖ ਬਣਨ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ।

ਅੱਜ ਕੇਸ ਦੀ ਸੁਣਵਾਈ ਦੌਰਾਨ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੇਂਦਰ ਤੇ ਪੁਲਿਸ ਨੂੰ ਤਿੰਨ ਭਾਜਪਾ ਨੇਤਾਵਾਂ ਦੇ ਨਫ਼ਰਤ ਭਰੇ ਭਾਸ਼ਣਾਂ ਸਬੰਧੀ ਐਫਆਈਆਰ ਦਰਜ ਕਰਨ ਲਈ ਪਟੀਸ਼ਨ ਦਾ ਜਵਾਬ ਦਾਇਰ ਕਰਨ ਦੀ ਜ਼ਰੂਰਤ ਹੈ। ਸਾਲਿਸਿਟਰ ਜਨਰਲ ਨੇ ਕਿਹਾ ਕਿ ਅੱਗ ਲੱਗਣ, ਲੁੱਟਮਾਰ ਤੇ ਹਿੰਸਾ 'ਚ ਹੋਈਆਂ ਮੌਤਾਂ ਦੇ ਸਬੰਧ ਵਿੱਚ ਹੁਣ ਤਕ 48 ਐਫਆਈਆਰ ਦਰਜ ਕੀਤੀਆਂ ਗਈਆਂ ਹਨ।

ਭੜਕਾਉ ਭਾਸ਼ਣ ਸਬੰਧੀ ਦਿੱਲੀ ਹਾਈਕੋਰਟ ਵਿੱਚ ਸੁਣਵਾਈ ਕਰਦਿਆਂ, ਦਿੱਲੀ ਪੁਲਿਸ ਦੇ ਵਕੀਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਕਿਹਾ ਹੈ ਕਿ ਕਪਿਲ ਮਿਸ਼ਰਾ, ਪ੍ਰਵੇਸ਼ ਵਰਮਾ ਤੇ ਅਨੁਰਾਗ ਠਾਕੁਰ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਜਾ ਸਕਦਾ। ਤੁਸ਼ਾਰ ਮਹਿਤਾ ਨੇ ਕਿਹਾ ਕਿ ਅਸੀਂ ਜਲਦਬਾਜ਼ੀ 'ਚ ਸਿਰਫ 1-2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਨਹੀਂ ਕਰ ਸਕਦੇ। ਸਾਨੂੰ ਇਸ ਤਰ੍ਹਾਂ ਦੇ ਬਹੁਤ ਸਾਰੇ ਬਿਆਨ ਮਿਲੇ ਹਨ, ਸਾਨੂੰ ਉਨ੍ਹਾਂ ਸਾਰਿਆਂ ਦੀ ਜਾਂਚ ਕਰਨੀ ਪਵੇਗੀ ਤੇ ਉਸ ਲਈ ਸਹੀ ਮਾਹੌਲ ਨਹੀਂ ਹੈ, ਕਿਉਂਕਿ ਇਸ ਸਮੇਂ ਸਥਿਤੀ ਸਧਾਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।