ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕਰਨ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਪ੍ਰਕਾਸ਼ ਸਿੰਘ ਬਾਦਲ ਦਾ ਨਰਕੋ ਟੈਸਟ ਜ਼ਰੂਰ ਕਰਾਇਆ ਜਾਵੇ। ਆਪ ਆਗੂਆਂ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨਵੀਂ ਜਾਂਚ ਕਮੇਟੀ ਰਾਹੀਂ ਬਾਦਲ ਪਰਿਵਾਰ ਨੂੰ ਬਚਾਉਣ ਲਈ ਨਾਟਕ ਕਰ ਰਹੀ ਹੈ, ਪੰਜਾਬ ਵਾਸੀਆਂ ਨੂੰ ਕੋਈ ਇਨਸਾਫ ਨਹੀਂ ਦੇ ਰਹੀ।
ਕੁਲਤਾਰ ਸਿੰਘ ਸੰਧਵਾਂ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਨਵੀਂ ਬਣਾਈ ਜਾਂਚ ਕਮੇਟੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਤੋਂ ਤਲਬ ਕੀਤਾ ਹੈ, ਜਿਸ ਨੂੰ ਪਿਛਲੀ ਜਾਂਚ ਕਮੇਟੀ ਨੇ ਵੀ ਬੁਲਾਇਆ ਸੀ। ਉਨ੍ਹਾਂ ਕਿਹਾ ਕਿ ਇਹ ਸਭ ਦੋਸ਼ੀਆਂ ਨੂੰ ਬਚਾਉਣ ਲਈ ਕੇਵਲ ਜਾਂਚ ਪ੍ਰਕ੍ਰਿਆ ਦੇ ਨਾਂਅ 'ਤੇ ਕੈਪਟਨ ਸਰਕਾਰ ਦਾ ਨਾਟਕ ਹੈ। ਇਹ ਸਭ ਕਰਨ ਦੀ ਥਾਂ ਪ੍ਰਕਾਸ਼ ਸਿੰਘ ਬਾਦਲ ਦਾ ਨਰਕੋ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਜਾਂਚ ਪ੍ਰਕ੍ਰਿਆ ਪੂਰੀ ਤਰ੍ਹਾਂ ਹਮੇਸ਼ਾ ਲਈ ਖਤਮ ਹੋ ਜਾਵੇ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਨੂੰ ਲੈ ਕੇ ਰਾਜਨੀਤੀ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਸੱਤਾ ਵਿੱਚ ਆਈ ਸੀ ਕਿ ਸਰਕਾਰ ਬਣਨ ਤੋਂ ਬਾਅਦ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਜੇਲ ਭੇਜਿਆ ਜਾਵੇਗਾ, ਪਰ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ, ਨਾ ਹੀ ਸਾਜਿਸ਼ਘਾੜਿਆਂ ਅਤੇ ਨਾ ਹੀ ਕਿਸੇ ਦੋਸ਼ੀ ਨੂੰ ਸਜ਼ਾ ਦਿੱਤੀ ਗਈ।
ਆਪ ਆਗੂ ਨੇ ਕਿਹਾ ਸਿਰਫ ਇਕ ਚੀਜ਼ ਜਿਹੜੀ ਕੀਤੀ ਗਈ ਹੈ ਉਹ ਕੇਵਲ ਜਾਂਚ ਕਮੇਟੀਆਂ ਹੀ ਬਣਾਈਆਂ ਗਈਆਂ ਹਨ। ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵਿਚਕਾਰ ਮਿਲੀਭੁਗਤ ਹੋਣ ਦਾ ਦੋਸ਼ ਲਾਉਂਦਿਆਂ ਗਿਆਸਪੁਰਾ ਨੇ ਕਿਹਾ ਕਿ ਬਾਦਲ ਨਾਲ ਕੈਪਟਨ ਦਾ ਰਿਸ਼ਤਾ ਅੱਜ ਵੀ ਕਾਇਮ ਹੈ, ਜਿਸ ਨੂੰ ਆਮ ਜਨਤਾ ਜਾਣ ਚੁੱਕੀ ਹੈ ਕਿ ਅਕਾਲੀ ਕਾਂਗਰਸੀ ਮਿਲ ਕੇ ਬੇਅਦਬੀ ਦੇ ਇਨਸਾਫ ਦੇ ਰਾਹ ਵਿੱਚ ਅੜਿੱਕੇ ਪਾ ਰਹੇ ਹਨ।