ਅੰਮ੍ਰਿਤਸਰ: ਕੋਰੋਨਾਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਸਮੁੱਚੇ ਗੁਰਦੁਆਰਿਆਂ ‘ਚ ਮਨੁੱਖੀ ਸਲਾਮਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਸਬੰਧ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਸੁਲਤਾਨ ਸਿੰਘ ਨੇ ਸਮੁੱਚੇ ਵਿਸ਼ਵ ‘ਚ ਵੱਸਦੇ ਲੋਕਾਂ ਦੀ ਸੁੱਖ-ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਸਾਰੇ ਗੁਰਦੁਆਰਾ ਸਾਹਿਬਾਨ ‘ਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਇਸੇ ਤਹਿਤ ਹੀ 17 ਮਾਰਚ ਨੂੰ ਵੱਖ-ਵੱਖ ਗੁਰੂ ਘਰਾਂ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ।

ਅੱਜ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸਿੱਖ ਆਪਣੇ ਗੁਰੂ ਸਾਹਿਬਾਨ ਅਤੇ ਪਰਮਾਤਮਾ ’ਤੇ ਅਥਾਹ ਭਰੋਸਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਮਨੁੱਖਤਾ ’ਤੇ ਆਏ ਸੰਕਟ ਵਿੱਚੋਂ ਗੁਰੂ ਸਾਹਿਬ ਜ਼ਰੂਰ ਬਾਹਰ ਕੱਢਣਗੇ।