ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਸੂਬੇ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀਆਂ ਜਾ ਰਹੀਆਂ ਮਨਮਰਜ਼ੀਆਂ ਨੂੰ ਨੱਥ ਪਾਉਣ ਦੀ ਮੰਗ ਕੀਤੀ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਉਪ ਨੇਤਾ ਤੇ 'ਆਪ' ਦੇ ਜਗਰਾਓਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਇਲਜ਼ਾਮ ਲਾਇਆ ਕਿ ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਸਰਕਾਰ ਵੀ ਸੂਬੇ ਦੇ ਆਮ ਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਮਿਆਰੀ ਸਕੂਲ ਸਿੱਖਿਆ ਤੋਂ ਵਾਂਝਾ ਕਰ ਰਹੀ ਹੈ ਤੇ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਜਾਪਦਾ ਹੈ।


ਮਾਣੂੰਕੇ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਹਾਲਤ ਇੰਨੀ ਮਾੜੀ ਹੈ ਕਿ ਨਾ ਸਕੂਲ ਦੀ ਇਮਾਰਤ ਸਹੀ ਹੈ ਤੇ ਨਾ ਹੀ ਬੱਚਿਆਂ ਨੂੰ ਪੜ੍ਹਾਉਣ ਲਈ ਲੋੜੀਂਦੇ ਅਧਿਆਪਕ ਹਨ। ਅਜਿਹੇ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਪੜ੍ਹਾਉਣ ਲਈ ਪ੍ਰਾਈਵੇਟ ਸਕੂਲਾਂ ਵੱਲ ਜਾਂਦੇ ਹਨ। 'ਆਪ' ਵਿਧਾਇਕਾ ਨੇ ਦੋਸ਼ ਲਾਇਆ ਕਿ ਸਰਕਾਰੀ ਅਣਗਹਿਲੀ ਕਾਰਨ ਪ੍ਰਾਈਵੇਟ ਸਕੂਲਾਂ ਨੇ ਸਿੱਖਿਆ ਦਾ ਪੂਰਨ ਰੂਪ ਵਿੱਚ ਵਪਾਰੀਕਰਨ ਕਰ ਦਿੱਤਾ ਹੈ ਤੇ ਕਾਪੀਆਂ ਕਿਤਾਬਾਂ ਤੋਂ ਲੈ ਕੇ ਮਨਮਰਜ਼ੀ ਦੀਆਂ ਫ਼ੀਸਾਂ ਨਾਲ ਮਾਪਿਆਂ ਦੀ ਅੰਨ੍ਹੀ ਲੁੱਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਸਕੂਲਾਂ ਨੇ ਇੱਥੋਂ ਤਕ ਕਹਿ ਦਿੱਤਾ ਹੈ ਕਿ ਬੱਚਾ ਸਿਰਫ ਉਨ੍ਹਾਂ ਦੇ ਸਕੂਲ ਦੀ ਵੈਨ ਵਿੱਚ ਹੀ ਆ ਜਾ ਸਕੇਗਾ।

ਮਾਣੂੰਕੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਓਪੀ ਸੋਨੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਮਾਤਾ-ਪਿਤਾ ਦੀ ਕੀਤੀ ਜਾ ਰਹੀ ਵੱਡੇ ਪੱਧਰ 'ਤੇ ਲੁੱਟ ਨੂੰ ਤੁਰੰਤ ਬੰਦ ਕੀਤਾ ਜਾਵੇ। ਉਨ੍ਹਾਂ ਆਪਣੀ ਚਿੱਠੀ ਵਿੱਚ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਨੂੰ ਮਹਿੰਗੇ ਮੁੱਲ ਦੀਆਂ ਕਿਤਾਬਾਂ ਤੇ ਵਰਦੀਆਂ ਦੇ ਕੇ ਠੱਗਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕ ਆਪਣੇ ਹੀ ਨਿਯਮ ਘੜ ਲੈਂਦੇ ਹਨ, ਜਿਸ ਕਾਰਨ ਬੱਚਿਆਂ ਤੇ ਮਾਪਿਆਂ ਨੂੰ ਬੇਹੱਦ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਬਜੀਤ ਕੌਰ ਮਾਣੂੰਕੇ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੈਪਟਨ ਸਰਕਾਰ ਨੇ ਸਮਾਂ ਰਹਿੰਦੇ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਬੱਚਿਆਂ ਦੇ ਮਾਤਾ-ਪਿਤਾ ਨੂੰ ਨਾਲ ਲੈ ਕੇ ਪ੍ਰਾਈਵੇਟ ਸਕੂਲਾਂ ਅਤੇ ਕੈਪਟਨ ਦੀ ਅਗਵਾਈ ਵਾਲੀ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ।

Education Loan Information:

Calculate Education Loan EMI