‘ਸਕੂਲਜ਼ ਆਫ ਐਮੀਨੈਂਸ’ 'ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀ ਖਿੱਚ ਲੈਣ ਤਿਆਰੀ, CM ਮਾਨ ਨੇ ਦਾਖ਼ਲੇ ਲਈ ਪੋਰਟਲ ਕੀਤਾ ਲਾਂਚ
ਪੰਜਾਬ ਨੂੰ ਸਿੱਖਿਆ ਦੇ ਖੇਤਰ 'ਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 117 ‘ਸਕੂਲਜ਼ ਆਫ ਐਮੀਨੈਂਸ’ ਵਿੱਚ ਦਾਖ਼ਲੇ ਲਈ ਪੋਰਟਲ ਲਾਂਚ ਕੀਤਾ।
ਰਜਨੀਸ਼ ਕੌਰ ਦੀ ਰਿਪੋਰਟ
Schools of Eminence Admissions Open: ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 117 ‘ਸਕੂਲਜ਼ ਆਫ ਐਮੀਨੈਂਸ’ ਵਿੱਚ ਦਾਖ਼ਲੇ ਲਈ ਪੋਰਟਲ ਲਾਂਚ ਕੀਤਾ। ਪੋਰਟਲ www.ePunjabschools.gov.in/school-eminence/ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ਸੂਬੇ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣਗੇ।
ਸਕੂਲ ਵਿਦਿਆਰਥੀਆਂ ਦੇ ਜੀਵਨ ਨੂੰ ਮਿਲੇਗੀ ਨਵੀਂ ਰਾਹ
ਮੁੱਖ ਮੰਤਰੀ ਮਾਨ ਨੇ ਕਿਹਾ, ਇਹ ਸਕੂਲ ਵਿਦਿਆਰਥੀਆਂ ਦੇ ਜੀਵਨ ਨੂੰ ਨਵੀਂ ਦਿਸ਼ਾ ਦੇ ਕੇ ਉਨ੍ਹਾਂ ਦੇ ਜੀਵਨ ਨੂੰ ਬਦਲਣ ਦਾ ਕੰਮ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਸਕੂਲਜ਼ ਆਫ਼ ਐਮੀਨੈਂਸ ਬਿਹਤਰੀਨ ਸਹੂਲਤਾਂ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਿਸ਼ਵ ਭਰ ਵਿੱਚ ਮੁਕਾਬਲਾ ਕਰਨ ਦੇ ਯੋਗ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਪਹਿਲਾ ‘ਸਕੂਲ ਆਫ਼ ਐਮੀਨੈਂਸ’ ਸੂਬੇ ਦੇ ਲੋਕਾਂ ਨੂੰ ਕੀਤਾ ਸਮਰਪਿਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਕਰੀਬਨ ਇਕ ਮਹੀਨਾ ਪਹਿਲਾਂ, ਪਹਿਲਾ ‘ਸਕੂਲ ਆਫ਼ ਐਮੀਨੈਂਸ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮੈਡੀਕਲ (ਐਮ.ਬੀ.ਬੀ.ਐੱਸ.), ਆਈਆਈਟੀ, ਐੱਮ.ਬੀ.ਏ ਅਤੇ ਕਾਨੂੰਨ ਦੇ ਖੇਤਰ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀ 21ਵੀਂ ਸਦੀ ਦੇ ਮੁਕਾਬਲੇ ਦੇ ਯੁੱਗ ਦੇ ਹਾਣ ਦੇ ਬਣ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਨੂੰ ਬਿਹਤਰੀਨ ਬਣਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੇ।
75 ਫ਼ੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਹੋਣਗੀਆਂ ਰਾਖਵੀਆਂ
ਮੁੱਖ ਮੰਤਰੀ ਮਾਨ ਨੇ ਕਿਹਾ, ਇਨ੍ਹਾਂ ਸਕੂਲਾਂ ਵਿੱਚ 75 ਫ਼ੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ, ਜਦੋਂ ਕਿ ਬਾਕੀ 25 ਫ਼ੀਸਦੀ ਸੀਟਾਂ ਪ੍ਰਾਈਵੇਟ ਸਕੂਲਾਂ ਲਈ ਰਾਖਵੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਮਾਪੇ ਇਸ ਪੋਰਟਲ 'ਤੇ 10 ਮਾਰਚ ਤੱਕ ਅਪਲਾਈ ਕਰ ਸਕਦੇ ਹਨ ਅਤੇ ਇਹ ਯਕੀਨੀ ਬਣਾ ਸਕਦੇ ਹਨ ਕਿ ਉਨ੍ਹਾਂ ਦੇ ਬੱਚੇ ਸਿੱਖਿਆ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
Education Loan Information:
Calculate Education Loan EMI