Education Loan Information:
Calculate Education Loan EMIਬਰਖਾਸਤ ਅਧਿਆਪਕ ਲੀਡਰਾਂ ਦੇ ਹੱਕ 'ਚ ਡਟੀ 'ਆਪ'
ਏਬੀਪੀ ਸਾਂਝਾ | 15 Jan 2019 06:25 PM (IST)
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕੈਪਟਨ ਸਰਕਾਰ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਅਧਿਆਪਕ ਆਗੂਆਂ ਨੂੰ ਬਰਖ਼ਾਸਤ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। 'ਆਪ' ਨੇ ਕੈਪਟਨ ਸਰਕਾਰ ਨੂੰ ਆਪਣੇ ਇਸ ਤਾਨਾਸ਼ਾਹੀ ਫ਼ੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਅਧਿਆਪਕ ਆਗੂ ਹਰਦੀਪ ਸਿੰਘ ਟੋਡਰਪੁਰ ਤੇ ਉਨ੍ਹਾਂ ਦੇ ਚਾਰ ਹੋਰ ਅਧਿਆਪਕ ਸਾਥੀਆਂ ਨੂੰ ਬਰਖ਼ਾਸਤ ਕਰਨ ਦੀ ਕਾਰਵਾਈ ਪੂਰੀ ਤਰ੍ਹਾਂ ਗੈਰ ਜਮਹੂਰੀ ਤੇ ਤਾਨਾਸ਼ਾਹੀ ਹੈ। ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਰਮਸਾ ਤੇ ਐਸਐਸਏ ਅਧੀਨ ਕਈ-ਕਈ ਤਰ੍ਹਾਂ ਭਰਤੀ ਪ੍ਰਕ੍ਰਿਆ ਰਾਹੀਂ ਨਿਯੁਕਤ ਹੋਏ ਹਜ਼ਾਰਾਂ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ 70 ਪ੍ਰਤੀਸ਼ਤ ਤੱਕ ਕਟੌਤੀ ਕਰਨ ਵਾਲੇ ਤੁਗ਼ਲਕੀ ਫ਼ਰਮਾਨ ਵਿਰੁੱਧ ਇਹ ਅਧਿਆਪਕ ਆਗੂ ਸੰਘਰਸ਼ ਕਰ ਰਹੇ ਸਨ, ਅਧਿਆਪਕਾਂ ਦੇ ਇਸ ਸੰਘਰਸ਼ ਨੂੰ ਦਬਾਉਣ ਲਈ ਕੈਪਟਨ ਸਰਕਾਰ ਅਧਿਆਪਕ ਆਗੂਆਂ ਨੂੰ ਬਰਖ਼ਾਸਤ ਕਰਨ ਤੱਕ ਚਲੀ ਗਈ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਘਰ-ਘਰ ਸਰਕਾਰੀ ਨੌਕਰੀ ਦੇਣ ਵਾਲੇ ਵਾਅਦੇ ਤੋਂ ਭੱਜੀ ਕੈਪਟਨ ਸਰਕਾਰ ਨੂੰ ਕੋਈ ਨੈਤਿਕ ਹੱਕ ਨਹੀਂ ਕਿ ਇਹ ਕਿਸੇ ਦੀ ਵੀ ਲੱਗੀ ਹੋਈ ਨੌਕਰੀ ਖੋਹ ਲਵੇ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਓਪੀ ਸੋਨੀ ਨੂੰ ਆਪਣੇ ਇਸ ਫ਼ੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਨ੍ਹਾਂ ਅਧਿਆਪਕਾਂ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਪਾਰਟੀ ਦੇ ਲੀਗਲ ਵਿੰਗ ਦੀ ਤਰਫ਼ੋਂ ਇਨ੍ਹਾਂ ਅਧਿਆਪਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਦੀ ਵੀ ਪੇਸ਼ਕਸ਼ ਕੀਤੀ।