ਚੰਡੀਗੜ੍ਹ: ਸਰਕਾਰ ਨੇ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕੋਰੋਨਾਵਾਇਰਸ ਦੇ ਕਹਿਰ ਦੌਰਾਨ ਕੋਈ ਵੀ ਸਕੂਲ ਬੱਚਿਆਂ ਦੇ ਮਾਪਿਆਂ ਨੂੰ ਫੀਸਾਂ ਭਰਨ ਲਈ ਮਜਬੂਰ ਨਹੀਂ ਕਰ ਸਕਦਾ। ਇਸ ਦੇ ਬਾਵਜੂਦ ਬਹੁਤ ਸਾਰੇ ਸਕੂਲ ਨੋਟਿਸ ਜਾਰੀ ਕਰ ਰਹੇ ਹਨ। ਅਜਿਹੇ ਮਾਮਲੇ ਸਾਹਮਣੇ ਆਉਂਦੇ ਹੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ 6 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।


ਸਿੱਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਤੋਂ ਇਲਾਵਾ ਜੇਕਰ ਕੋਈ ਹੋਰ ਸਕੂਲ ਵੀ ਕਰਫਿਊ ਦੌਰਾਨ ਫੀਸ ਦੀ ਮੰਗ ਕਰਦਾ ਹੈ ਤਾਂ ਵਿਦਿਆਰਥੀ ਜਾਂ ਉਨ੍ਹਾਂ ਦੇ ਮਾਪੇ ਆਪਣੀ ਸ਼ਿਕਾਇਤ ਸਿੱਧਾ ਉਨ੍ਹਾਂ ਨੂੰ ਈ-ਮੇਲ vijayindersingla0gmail.com ’ਤੇ ਭੇਜ ਸਕਦੇ ਹਨ। ਮੰਤਰੀ ਨੇ ਦੱਸਿਆ ਕਿ 23 ਮਾਰਚ ਨੂੰ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਕਰੋਨਾਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸਾਰੀਆਂ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਸਾਲ 2020-21 ਲਈ ਦਾਖ਼ਲਿਆਂ ਦੀ ਅੰਤਿਮ ਮਿਤੀ ਨੂੰ ਦੁਬਾਰਾ ਮਿੱਥਿਆ ਜਾਵੇ ਤੇ ਹਾਲਾਤ ਸੁਧਰਨ ਉਪਰੰਤ ਫੀਸਾਂ ਭਰਨ ਲਈ ਇੱਕ ਮਹੀਨੇ ਦਾ ਸਮਾਂ ਜ਼ਰੂਰ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਕੇ ਵੱਖ-ਵੱਖ ਮਾਧਿਅਮਾਂ ਰਾਹੀਂ ਮਾਪਿਆਂ ਨੂੰ ਫੀਸ ਭਰਨ ਲਈ ਸੁਨੇਹੇ ਲਗਾਏ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਲਾਅ ਫਾਊਂਡੇਸ਼ਨ, ਪਟਿਆਲਾ ਜ਼ਿਲ੍ਹੇ ਦੇ ਭੁਪਿੰਦਰਾ ਰੋਡ ਸਥਿਤ ਡੀਏਵੀ ਪਬਲਿਕ ਸਕੂਲ ਤੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ, ਲੁਧਿਆਣਾ ਸਥਿਤ ਦਿੱਲੀ ਪਬਲਿਕ ਸਕੂਲ, ਏਂਜਲਸ ਪੈਰਾਡਾਈਜ਼ ਸਕੂਲ ਅੰਮ੍ਰਿਤਸਰ ਅਤੇ ਫਰੀਦਕੋਟ ਜ਼ਿਲ੍ਹੇ ਦੇ ਮਾਊਂਟ ਲਿਟਰਾ ਜ਼ੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਨੂੰ ਜਵਾਬ ਦਾਖ਼ਲ ਕਰਨ ਲਈ 7 ਦਿਨ ਦਾ ਸਮਾਂ ਦਿੱਤਾ ਗਿਆ ਹੈ ਤੇ ਜੇਕਰ ਇਹ ਸਕੂਲ ਤਸੱਲੀਬਖ਼ਸ਼ ਜਵਾਬ ਦੇਣ ਤੋਂ ਅਸਮਰੱਥ ਰਹੇ ਤਾਂ ਇਨ੍ਹਾਂ ਦੀ ਮਾਨਤਾ ਜਾਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨਓਸੀ) ਰੱਦ ਕਰ ਦਿੱਤੀ ਜਾਵੇਗੀ।

Education Loan Information:

Calculate Education Loan EMI